ਕਿਸਾਨਾਂ ਦੇ ਦਿੱਲੀ ਵੱਲ ਮਾਰਚ ਨੂੰ 29 ਫਰਵਰੀ ਤੱਕ ਮੁਲਤਵੀ ਕਰਨ ਤੋਂ ਬਾਅਦ, ਦਿੱਲੀ ਪੁਲਿਸ ਨੇ ਸ਼ਨੀਵਾਰ ਨੂੰ ਸਿੰਘੂ ਅਤੇ ਟਿੱਕਰੀ ਸਰਹੱਦਾਂ ਨੂੰ ਖੋਲ੍ਹ ਦਿੱਤਾ। ਇਸ ਦੇ ਨਾਲ ਹੀ ਸਰਕਾਰ ਨੇ ਕਈ ਖੇਤਰਾਂ ਵਿੱਚ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਹਨ। ਲੋਕਾਂ ਨੂੰ ਕੁਝ ਦਿਨਾਂ ਤੱਕ ਇਸ ਤੋਂ ਰਾਹਤ ਮਿਲ ਸਕਦੀ ਹੈ। ਪਰ ਜੇਕਰ ਕਿਸਾਨਾਂ ਦਾ ਦਿੱਲੀ ਚੱਲੋ ਮਾਰਚ 29 ਫਰਵਰੀ ਤੋਂ ਬਾਅਦ ਵੀ ਜਾਰੀ ਰਿਹਾ ਤਾਂ ਉਨ੍ਹਾਂ ਨੂੰ ਫਿਰ ਤੋਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।
ਕਿਸਾਨਾਂ ਨੂੰ ਰੋਕਣ ਦਾ ਕੀਤਾ ਗਿਆ ਸੀ ਪ੍ਰਬੰਧ
ਦੱਸ ਦੇਈਏ ਕਿ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਨੂੰ ਦੇਖਦੇ ਹੋਏ ਪੁਲਿਸ ਨੇ ਦਿੱਲੀ ਦੇ ਸਿੰਘੂ ਤੇ ਟਿੱਕਰੀ ਬਾਰਡਰ ਨੂੰ ਸੀਲ ਕਰ ਦਿੱਤਾ ਸੀ। ਦੋਵਾਂ ਸਰਹੱਦਾਂ 'ਤੇ ਆਵਾਜਾਈ ਰੋਕ ਦਿੱਤੀ ਗਈ। ਇਸ ਨਾਲ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ । ਹੁਣ ਦਿੱਲੀ ਪੁਲਿਸ ਨੇ ਸ਼ਨੀਵਾਰ ਨੂੰ ਦੋਵੇਂ ਸਰਹੱਦਾਂ ਖੋਲ੍ਹ ਦਿੱਤੀਆਂ ਹਨ। ਪੁਲਿਸ ਨੇ ਦੋਵੇਂ ਸਰਹੱਦਾਂ ’ਤੇ ਆਵਾਜਾਈ ਲਈ ਇੱਕ ਹਿੱਸਾ ਖੋਲ੍ਹ ਦਿੱਤਾ ਹੈ।
ਜਾਣਕਾਰੀ ਮੁਤਾਬਕ ਪੁਲਸ ਨੇ ਕਿਸਾਨਾਂ ਦੇ ਦਿੱਲੀ ਮਾਰਚ ਨੂੰ 29 ਫਰਵਰੀ ਤੱਕ ਮੁਲਤਵੀ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਹੈ। ਹਜ਼ਾਰਾਂ ਕਿਸਾਨ ਟਰੈਕਟਰ-ਟਰਾਲੀਆਂ ਅਤੇ ਹੋਰ ਵਾਹਨਾਂ ਨਾਲ ਖਨੌਰੀ ਅਤੇ ਸ਼ੰਭੂ ਦੇ ਵਿਚਕਾਰ ਸਰਹੱਦ 'ਤੇ ਖੜ੍ਹੇ ਹਨ ਤਾਂ ਜੋ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਅਤੇ ਕਿਸਾਨ ਕਰਜ਼ਾ ਮੁਆਫੀ ਸਮੇਤ ਆਪਣੀਆਂ ਵੱਖ-ਵੱਖ ਮੰਗਾਂ ਲਈ ਦਬਾਅ ਪਾਇਆ ਜਾ ਸਕੇ। ਕਿਸਾਨ ਆਗੂਆਂ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਉਹ 29 ਫਰਵਰੀ ਨੂੰ ਆਪਣੇ ਦਿੱਲੀ ਚੱਲੋ ਅੰਦੋਲਨ ਦਾ ਅਗਲਾ ਕਦਮ ਤੈਅ ਕਰਨਗੇ।
ਇਹ ਹਨ ਕਿਸਾਨਾਂ ਦੀਆਂ ਮੰਗਾਂ
ਪੰਜਾਬ ਕਿਸਾਨ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ, ਕਿਸਾਨਾਂ-ਖੇਤ ਮਜ਼ਦੂਰਾਂ ਲਈ ਪੈਨਸ਼ਨ, ਬਿਜਲੀ ਦਰਾਂ ਵਿੱਚ ਵਾਧਾ ਨਾ ਕਰਨ, ਪੁਲਿਸ ਵੱਲੋਂ ਦਰਜ ਕੀਤੇ ਕੇਸ ਵਾਪਸ ਲੈਣ, 2021 ਲਖੀਮਪੁਰ ਖੇੜੀ ਹਿੰਸਾ ਦੇ ਪੀੜਤਾਂ ਨੂੰ ਇਨਸਾਫ਼ ਦੇਣ, ਜ਼ਮੀਨ ਪ੍ਰਾਪਤੀ ਕਾਨੂੰਨ ਨੂੰ ਬਹਾਲ ਕਰਨ ਦੀ ਮੰਗ ਵੀ ਕਰ ਰਹੇ ਹਨ।