ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਈਡੀ ਨੂੰ ਨੋਟਿਸ ਜਾਰੀ ਕਰਕੇ 24 ਅਪ੍ਰੈਲ ਤੱਕ ਜਵਾਬ ਦੇਣ ਦਾ ਨਿਰਦੇਸ਼ ਦਿੱਤਾ ਹੈ। ਅਦਾਲਤ ਹੁਣ 29 ਅਪ੍ਰੈਲ ਨੂੰ ਕੇਜਰੀਵਾਲ ਮਾਮਲੇ ਦੀ ਸੁਣਵਾਈ ਕਰੇਗੀ।
ਇਸ ਦੇ ਨਾਲ ਹੀ ਸੁਪਰੀਮ ਕੋਰਟ 'ਚ ਅਰਵਿੰਦ ਕੇਜਰੀਵਾਲ ਦੀ ਤਰਫੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਦਾਅਵਾ ਕੀਤਾ ਕਿ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ 'ਚ ਪ੍ਰਚਾਰ ਕਰਨ ਤੋਂ ਰੋਕਣ ਲਈ ਗ੍ਰਿਫਤਾਰ ਕੀਤਾ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਕੇਜਰੀਵਾਲ ਨੇ ਸ਼ਰਾਬ ਨੀਤੀ ਘੁਟਾਲੇ ਵਿੱਚ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੇ ਹੋਏ ਦਿੱਲੀ ਹਾਈ ਕੋਰਟ ਵਿੱਚ ਪਹੁੰਚ ਕੀਤੀ ਸੀ। ਪਰ ਉਨ੍ਹਾਂ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ। ਜਿਸ ਤੋਂ ਬਾਅਦ ਕੇਜਰੀਵਾਲ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ।
ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੂੰ ਝਟਕਾ ਦਿੰਦੇ ਹੋਏ ਦਿੱਲੀ ਹਾਈਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ ਤੇ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਕੇਜਰੀਵਾਲ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਸੀ। ਅਦਾਲਤ ਨੇ ਕਿਹਾ ਸੀ ਕਿ ਵਾਰ-ਵਾਰ ਸੰਮਨ ਜਾਰੀ ਕਰਨ ਦੇ ਬਾਵਜੂਦ ਕੇਜਰੀਵਾਲ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਸਾਹਮਣੇ ਪੇਸ਼ ਨਹੀਂ ਹੋਏ ਅਤੇ ਜਾਂਚ 'ਚ ਸ਼ਾਮਲ ਨਹੀਂ ਹੋਏ, ਜਿਸ ਨਾਲ ਜਾਂਚ ਏਜੰਸੀ ਕੋਲ ਕੋਈ ਖਾਸ ਵਿਕਲਪ ਨਹੀਂ ਬਚਿਆ।