ਪੰਜਾਬ 'ਚ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ 3 ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕਾਂਗਰਸ ਨੇ ਰਾਜ ਚੋਣ ਕਮਿਸ਼ਨਰ ਤੋਂ ਕੀਤੀ ਹੈ। ਸੋਮਵਾਰ ਨੂੰ ਕਾਂਗਰਸੀ ਆਗੂਆਂ ਦਾ ਵਫ਼ਦ ਨੇ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨਾਲ ਮੁਲਾਕਾਤ 'ਤੇ ਮੰਗ ਪੱਤਰ ਸੌਂਪਿਆ। ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਚੋਣਾਂ ਵਿੱਚ ਵੱਡੇ ਪੱਧਰ ’ਤੇ ਧੋਖਾਧੜੀ ਹੋਈ ਹੈ।
3 ਹਫ਼ਤਿਆਂ ਲਈ ਮੁਲਤਵੀ ਕਰਨ ਦੀ ਕੀਤੀ ਮੰਗ
ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਸੀਂ ਚੋਣਾਂ ਰੱਦ ਕਰਨ ਦੀ ਮੰਗ ਨਹੀਂ ਕਰ ਰਹੇ। ਅਸੀਂ ਪੂਰੀ ਚੋਣ ਪ੍ਰਕਿਰਿਆ ਨੂੰ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਹੈ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਜਾਅਲੀ ਬੈਲਟ ਪੇਪਰ ਛਾਪੇ ਹਨ।
ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਸਮੇਤ ਕਈ ਗੱਲਾਂ ਸਾਹਮਣੇ ਆਈਆਂ ਹਨ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਾਂਗਰਸ ਚੋਣਾਂ ਨੂੰ ਮੁਲਤਵੀ ਕਰਨਾ ਚਾਹੁੰਦੀ ਹੈ। ਕਾਂਗਰਸ ਆਪਣੀ ਹਾਰ ਤੋਂ ਡਰੀ ਹੋਈ ਹੈ। ਧੱਕਾ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨਾਲ ਹੋ ਰਿਹਾ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਪੰਚਾਇਤੀ ਚੋਣਾਂ ਨੂੰ ਨਿਰਪੱਖ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਪੰਚ ਕਿਸੇ ਪਾਰਟੀ ਦਾ ਨਹੀਂ ਸਗੋਂ ਪਿੰਡ ਦਾ ਹੋਣਾ ਚਾਹੀਦਾ ਹੈ।
ਕਾਂਗਰਸ ਨੇ ਪੱਤਰ 'ਚ ਕਹੀ ਇਹ ਗੱਲ
ਕਾਂਗਰਸ ਨੇ ਪੱਤਰ 'ਚ ਲਿਖਿਆ ਹੈ ਕਿ ਪੰਚਾਇਤੀ ਚੋਣਾਂ 15 ਅਕਤੂਬਰ 2024 ਨੂੰ ਹੋਣੀਆਂ ਹਨ। ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਦੌਰਾਨ ਖਾਸ ਕਰਕੇ ਆਖਰੀ ਦਿਨ ਹਿੰਸਕ ਘਟਨਾਵਾਂ ਸਾਹਮਣੇ ਆਈਆਂ ਹਨ। ਪੱਤਰ 'ਚ ਲਿਖਿਆ ਗਿਆ ਹੈ ਕਿ ਕਈ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵਿੱਚ ਪ੍ਰਸ਼ਾਸਨਿਕ ਅੜਚਨਾਂ ਦਾ ਸਾਹਮਣਾ ਕਰਨਾ ਪਿਆ ਹੈ। ਨਕੋਦਰ ਨਗਰ ਕੌਂਸਲ ਵਰਗੀਆਂ ਥਾਵਾਂ ’ਤੇ ਮਾੜੇ ਪ੍ਰਬੰਧਾਂ ਨੇ ਉਮੀਦਵਾਰਾਂ ਨੂੰ ਸਮੇਂ ਸਿਰ ਕਾਗਜ਼ ਦਾਖ਼ਲ ਕਰਨ ਤੋਂ ਰੋਕਿਆ ਹੈ।