ਕੈਨੇਡਾ ਦੇ ਬਰੈਂਪਟਨ 'ਚ ਇਕ ਮੰਦਰ ਦੇ ਬਾਹਰ ਖਾਲਿਸਤਾਨੀ ਸਮਰਥਕਾਂ ਨੇ ਸ਼ਰਧਾਲੂਆਂ ਦੀ ਕੁੱਟ-ਮਾਰ ਕੀਤੀ। ਖਾਲਿਸਤਾਨੀ ਸਮਰਥਕਾਂ ਨੇ ਸ਼ਰਧਾਲੂਆਂ ਨੂੰ ਡੰਡਿਆਂ ਨਾਲ ਕੁੱਟਿਆ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਕਾਫੀ ਤਣਾਅ ਵਾਲਾ ਮਾਹੌਲ ਬਣ ਗਿਆ ਹੈ। ਵੱਡੀ ਗਿਣਤੀ 'ਚ ਪੁਲਸ ਤਾਇਨਾਤ ਕੀਤੀ ਗਈ ਹੈ।
ਟਰੂਡੋ ਨੇ ਘਟਨਾ ਦੀ ਕੀਤੀ ਨਿੰਦਾ
ਇਸ ਘਟਨਾ 'ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਬਿਆਨ ਦਿੱਤਾ ਹੈ। ਟਵਿੱਟਰ 'ਤੇ ਇਸ ਘਟਨਾ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਬਰੈਂਪਟਨ ਦੇ ਹਿੰਦੂ ਸਭਾ ਮੰਦਰ 'ਚ ਅੱਜ ਹੋਈ ਹਿੰਸਾ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ। ਹਰ ਕੈਨੇਡੀਅਨ ਨੂੰ ਆਪਣੇ ਧਰਮ ਦਾ ਸੁਤੰਤਰ ਅਤੇ ਸੁਰੱਖਿਅਤ ਢੰਗ ਨਾਲ ਪਾਲਣ ਕਰਨ ਦਾ ਅਧਿਕਾਰ ਹੈ।
ਭਾਰਤੀ ਹਾਈ ਕਮਿਸ਼ਨ ਦਾ ਬਿਆਨ
ਹਿੰਸਕ ਘਟਨਾ ਤੋਂ ਬਾਅਦ ਓਟਾਵਾ ਸਥਿਤ ਭਾਰਤੀ ਹਾਈ ਕਮਿਸ਼ਨ ਦਾ ਵੀ ਬਿਆਨ ਆਇਆ ਹੈ। ਹਾਈ ਕਮਿਸ਼ਨ ਨੇ ਕਿਹਾ ਕਿ ਬਰੈਂਪਟਨ ਵਿੱਚ ਹਿੰਦੂ ਸਭਾ ਮੰਦਰ ਅੱਗੇ ਇਹ ਜੋ ਘਟਨਾ ਸਾਹਮਣੇ ਆਈ ਹੈ, ਇਹ ਬਹੁਤ ਨਿਰਾਸ਼ਾਜਨਕ ਹੈ। ਅਸੀਂ ਭਾਰਤੀ ਨਾਗਰਿਕਾਂ ਸਮੇਤ ਬਿਨੈਕਾਰਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਡੂੰਘੇ ਚਿੰਤਤ ਹਾਂ, ਜਿਨ੍ਹਾਂ ਦੀ ਮੰਗ 'ਤੇ ਅਜਿਹੇ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ।
ਗੁਰਦੁਆਰਾ ਕਮੇਟੀ ਨੇ ਵੀ ਹਮਲੇ ਦੀ ਨਿੰਦਾ ਕੀਤੀ
ਗੁਰਦੁਆਰਾ ਕਮੇਟੀ ਨੇ ਇਸ ਹਮਲੇ ਦੀ ਨਿਖੇਧੀ ਕੀਤੀ ਹੈ। ਓਨਟਾਰੀਓ ਸਿੱਖ ਐਂਡ ਗੁਰਦੁਆਰਾ ਕੌਂਸਲ (ਓਐਸਜੀਸੀ) ਨੇ ਕਿਹਾ ਕਿ ਗੁਰਦੁਆਰਾ ਕਮੇਟੀ ਹਿੰਦੂ ਸਭਾ ਮੰਦਰ ਦੇ ਬਾਹਰ ਵਾਪਰੀ ਹਿੰਸਾ ਦੀ ਘਟਨਾ ਦੀ ਸਖ਼ਤ ਨਿੰਦਾ ਕਰਦੀ ਹੈ। ਸਾਡੇ ਸਮਾਜ ਵਿੱਚ ਹਿੰਸਾ ਅਤੇ ਡਰਾਉਣ-ਧਮਕਾਉਣ ਦੀ ਕੋਈ ਥਾਂ ਨਹੀਂ ਹੈ। ਪੂਜਾ ਸਥਾਨਾਂ ਨੂੰ ਹਿੰਸਾ ਜਾਂ ਵਿਗਾੜ ਤੋਂ ਮੁਕਤ ਚਿੰਤਨ, ਅਧਿਆਤਮਿਕਤਾ ਅਤੇ ਭਾਈਚਾਰਕ ਏਕਤਾ ਲਈ ਪਵਿੱਤਰ ਸਥਾਨ ਬਣੇ ਰਹਿਣ ਦੇਣਾ ਚਾਹੀਦਾ ਹੈ।