ਅਮਰੀਕਾ ਵਿਚ ਰਹਿ ਰਹੇ ਗੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਵੱਡਾ ਐਕਸ਼ਨ ਲੈਣ ਜਾ ਰਹੇ ਹਨ। ਟਰੰਪ ਨੇ ਐਲਾਨ ਕੀਤਾ ਹੈ ਕਿ ਸਰਕਾਰ 1 ਕਰੋੜ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣ ਲਈ ਰਾਸ਼ਟਰੀ ਐਮਰਜੈਂਸੀ ਲਾਗੂ ਕਰੇਗੀ।
ਦੱਸ ਦੇਈਏ ਕਿ ਰਾਸ਼ਟਰਪਤੀ ਚੁਣੇ ਜਾਣ ਤੋਂ ਬਾਅਦ ਪਹਿਲੀ ਵਾਰ ਟਰੰਪ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਦੀ ਯੋਜਨਾ ਦਾ ਜਨਤਕ ਤੌਰ 'ਤੇ ਐਲਾਨ ਕੀਤਾ ਹੈ। ਟਰੰਪ ਨੇ ਕਿਹਾ ਕਿ ਉਸ ਦੇ ਪ੍ਰਸ਼ਾਸਨ 'ਚ ਗੈਰ-ਕਾਨੂੰਨੀ ਤੌਰ 'ਤੇ ਦੇਸ਼ 'ਚ ਰਹਿ ਰਹੇ ਪ੍ਰਵਾਸੀਆਂ ਖ਼ਿਲਾਫ਼ ਫ਼ੌਜੀ ਬਲਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ।
ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਪਹਿਲੀ ਤਰਜੀਹ
ਦਰਅਸਲ, ਟੌਪ ਫਿਟਨ ਨੇ ਐਕਸ 'ਤੇ ਲਿਖਿਆ ਸੀ ਕਿ ਟਰੰਪ ਸਰਕਾਰ ਘੁਸਪੈਠੀਆਂ ਨੂੰ ਅਮਰੀਕਾ ਤੋਂ ਬਾਹਰ ਕੱਢਣ ਦੀ ਤਿਆਰੀ ਕਰ ਰਹੀ ਹੈ। ਟਰੰਪ ਨੇ ਸੋਮਵਾਰ ਨੂੰ ਸੋਸ਼ਲ ਮੀਡੀਆ 'ਤੇ ਇਸ ਦਾ ਜਵਾਬ ਦਿੰਦੇ ਹੋਏ ਲਿਖਿਆ ਕਿ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਯਕੀਨੀ ਤੌਰ 'ਤੇ ਦੇਸ਼ ਤੋਂ ਡਿਪੋਰਟ ਕੀਤਾ ਜਾਵੇਗਾ।
ਅਮਰੀਕਾ ਵਿਚ ਹਰ ਚੌਥਾ ਪ੍ਰਵਾਸੀ ਗੈਰ-ਕਾਨੂੰਨੀ
ਦੱਸ ਦਈਏ ਕਿ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਅਮਰੀਕਾ 'ਚ ਦਾਖਲ ਹੋਣ ਤੋਂ ਰੋਕਣਾ ਟਰੰਪ ਪ੍ਰਸ਼ਾਸਨ ਲਈ ਵੱਡੀ ਚੁਣੌਤੀ ਬਣਨ ਵਾਲੀ ਹੈ। ਅੰਕੜਿਆਂ ਮੁਤਾਬਕ ਅਮਰੀਕਾ ਵਿਚ ਹਰ ਚੌਥਾ ਪ੍ਰਵਾਸੀ ਗੈਰ-ਕਾਨੂੰਨੀ ਹੈ। ਯੂਐਸ ਡਿਪਾਰਟਮੈਂਟ ਆਫ ਹੋਮਲੈਂਡ ਸਕਿਓਰਿਟੀ ਦੇ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਦੇਸ਼ ਵਿੱਚ 2020 ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ।
ਕੈਨੇਡਾ ਵੀ ਪ੍ਰਵਾਸੀਆਂ ਨੂੰ ਕੱਢਣ ਦੀ ਤਿਆਰੀ ਵਿਚ
ਤੁਹਾਨੂੰ ਦੱਸ ਦੇਈਏ ਕਿ ਟਰੰਪ ਤੋਂ ਪਹਿਲਾਂ ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਵੀ ਗੈਰ-ਕਾਨੂੰਨੀ ਤਰੀਕੇ ਨਾਲ ਕੈਨੇਡਾ ‘ਚ ਰਹਿ ਰਹੇ ਲੋਕਾਂ ਨੂੰ ਕੱਢਣ ਦੀ ਤਿਆਰੀ ਕਰ ਰਿਹਾ ਹੈ। ਟਰੂਡੋ ਸਰਕਾਰ ਦੇ ਮਾਰਕ ਮਿਲਰ ਨੇ ਕਿਹਾ ਕਿ ਕੈਨੇਡਾ ਵਿੱਚ ਸ਼ਰਣ ਲੈਣ ਦੇ ਚਾਹਵਾਨਾਂ ਵੱਲੋਂ ਸਰਕਾਰ ਕੋਲ ਆਉਣ ਵਾਲੀਆਂ ਅਰਜ਼ੀਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਇਹ ਕੈਨੇਡਾ ਲਈ ਚਿੰਤਾ ਦਾ ਵਿਸ਼ਾ ਹੈ। ਕੈਨੇਡੀਅਨ ਸਰਕਾਰ ਉਨ੍ਹਾਂ ਐਨਆਰਆਈਜ਼ ਨੂੰ ਡਿਪੋਰਟ ਕਰੇਗੀ ਜਿਨ੍ਹਾਂ ਦੇ ਵੀਜ਼ੇ ਦੀ ਮਿਆਦ ਪੁੱਗ ਚੁੱਕੀ ਹੈ।