ਖੰਨਾ 'ਚ ਕਾਰ 'ਚ ਸਵਾਰ ਨਸ਼ਾ ਤਸਕਰਾਂ ਨੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ ਬੈਂਕ ਮੈਨੇਜਰ ਕੁਲਵਿੰਦਰ ਸਿੰਘ (38) ਦੀ ਮੌਤ ਹੋ ਗਈ ਹੈ। ਜਦਕਿ ਬਾਕੀ ਦੋ ਨੌਜਵਾਨ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।
ਜ਼ਖ਼ਮੀਆਂ ਦੀ ਪਛਾਣ ਸੋਹਣ ਸਿੰਘ ਅਤੇ ਮਨਮੋਹਨ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰ ਵਾਲੇ ਇਸ ਨੂੰ ਕਤਲ ਦੱਸ ਰਹੇ ਹਨ ਅਤੇ ਪੁਲਸ ਤੋਂ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕਰ ਰਹੇ ਹਨ। ਲੋਕਾਂ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਅਤੇ ਉਸ ਦੇ ਸਾਥੀ ਇਨ੍ਹਾਂ ਨੌਜਵਾਨਾਂ ਨੂੰ ਨਸ਼ਾ ਵੇਚਣ ਤੋਂ ਰੋਕਦੇ ਸਨ, ਜਿਸ ਕਾਰਨ ਉਕਤ ਨੌਜਵਾਨਾਂ ਨੇ ਮੋਟਰਸਾਈਕਲ ਸਵਾਰਾਂ ਨੂੰ ਕਾਰ ਹੇਠਾਂ ਕੁਚਲ ਦਿੱਤਾ।
ਦੋ ਧੀਆਂ ਦਾ ਪਿਤਾ ਸੀ ਕੁਲਵਿੰਦਰ
ਮ੍ਰਿਤਕ ਕੁਲਵਿੰਦਰ ਸਿੰਘ ਦੀਆਂ ਦੋ ਬੇਟੀਆਂ ਹਨ ਅਤੇ ਉਸ ਦੀ ਪਤਨੀ ਦੇ ਬੱਚਾ ਹੋਣ ਵਾਲਾ ਸੀ। ਇਸ ਘਟਨਾ ਨੂੰ ਲੈ ਕੇ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ । ਮਾਛੀਵਾੜਾ ਪੁਲਸ ਨਸ਼ਾ ਤਸਕਰਾਂ ਦੀ ਭਾਲ ਕਰ ਰਹੀ ਹੈ ਪਰ ਹਾਲੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ।
ਨਸ਼ਾ ਤਸਕਰਾਂ ਖਿਲਾਫ ਹੋਵੇਗੀ ਸਖਤ ਕਾਰਵਾਈ - ਡੀ.ਐਸ.ਪੀ
ਡੀਐਸਪੀ ਨੇ ਭਰੋਸਾ ਦਿੱਤਾ ਕਿ ਉਹ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਗੇ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰ ਆਪਣੇ ਬਿਆਨ ਦਰਜ ਕਰਵਾਉਣਗੇ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।