ਈ ਡੀ ਨੇ ਹਰਿਆਣਾ ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਅਤੇ ਉਸ ਦੇ ਸਾਥੀ ਦੇ ਘਰੋਂ ਗ਼ੈਰ-ਕਾਨੂੰਨੀ ਵਿਦੇਸ਼ੀ ਹਥਿਆਰ, 100 ਤੋਂ ਵੱਧ ਸ਼ਰਾਬ ਦੀਆਂ ਬੋਤਲਾਂ, 5 ਕਰੋੜ ਰੁਪਏ ਦੀ ਨਕਦੀ ਅਤੇ ਕਰੀਬ ਚਾਰ ਤੋਂ ਪੰਜ ਕਿੱਲੋ ਬੁਲਿਅਨ ਬਰਾਮਦ ਕੀਤੀ ਹੈ। ਈਡੀ ਨੇ ਗੈਰ-ਕਾਨੂੰਨੀ ਮਾਈਨਿੰਗ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਹਰਿਆਣਾ ਦੇ ਕਾਂਗਰਸ ਵਿਧਾਇਕ ਸੁਰਿੰਦਰ ਪਵਾਰ ਅਤੇ ਇਨੈਲੋ ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਦੇ ਘਰਾਂ 'ਤੇ ਤਲਾਸ਼ੀ ਮੁਹਿੰਮ ਚਲਾਈ ਹੈ, ਜਿਸ ਵਿਚ ਦਿਲਬਾਗ ਸਿੰਘ ਦੇ ਘਰੋਂ ਵੱਡੀ ਮਾਤਰਾ ਵਿਚ ਨਜਾਇਜ਼ ਸਾਮਾਨ ਬਰਾਮਦ ਹੋਇਆ ਹੈ।
ਬੁਲੀਅਨ ਕੀ ਹੈ
ਬੁਲੀਅਨ ਚਾਂਦੀ ਜਾਂ ਸੋਨੇ ਦੇ ਅਸ਼ੁੱਧ ਟੁਕੜੇ ਨੂੰ ਕਿਹਾ ਜਾਂਦਾ ਹੈ, ਜਿਸ ਨੂੰ ਅਧਿਕਾਰਤ ਤੌਰ 'ਤੇ ਘੱਟੋ ਘੱਟ 99.5 ਪ੍ਰਤੀਸ਼ਤ ਸ਼ੁੱਧ ਮੰਨਿਆ ਜਾਂਦਾ ਹੈ। ਇਹ ਇਨਗੋਟਸ ਜਾਂ ਬਾਰਾਂ ਦੇ ਰੂਪ ਵਿੱਚ ਹੁੰਦਾ ਹੈ। ਇਨ੍ਹਾਂ ਨੂੰ ਘਰ 'ਚ ਰੱਖਣਾ ਪੂਰੀ ਤਰ੍ਹਾਂ ਗੈਰ-ਕਾਨੂੰਨੀ ਮੰਨਿਆ ਜਾਂਦਾ ਹੈ।
ਵੀਰਵਾਰ ਤੋਂ ਸਰਚ ਆਪਰੇਸ਼ਨ ਜਾਰੀ ਹੈ
ਈਡੀ ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ਵਿੱਚ ਕਥਿਤ ਗ਼ੈਰ-ਕਾਨੂੰਨੀ ਮਾਈਨਿੰਗ ਨਾਲ ਸਬੰਧਤ ਇੱਕ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਸਬੰਧੀ ਵੀਰਵਾਰ ਨੂੰ ਪ੍ਰਦੇਸ਼ ਕਾਂਗਰਸ ਦੇ ਵਿਧਾਇਕ ਸੁਰਿੰਦਰ ਪਵਾਰ ਅਤੇ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਦੇ ਘਰਾਂ 'ਤੇ ਛਾਪੇਮਾਰੀ ਕੀਤੀ ਗਈ। ਉਕਤ ਈਡੀ ਅਧਿਕਾਰੀਆਂ ਨੇ ਦੱਸਿਆ ਕਿ ਇਹ ਸਾਰਾ ਮਾਮਲਾ ਗੈਰ-ਕਾਨੂੰਨੀ ਮਾਈਨਿੰਗ ਨਾਲ ਜੁੜਿਆ ਹੋਇਆ ਹੈ।