ਸਿੱਖਿਆ ਵਿਭਾਗ ਨੇ ਪੰਜਾਬ ਦੇ ਕਰੀਬ 19 ਹਜ਼ਾਰ ਸਰਕਾਰੀ ਸਕੂਲਾਂ ਨੂੰ ਨੋਟਿਸ ਜਾਰੀ ਕਰਦਿਆਂ ਕਿਹਾ ਕਿ ਜੇਕਰ ਸਕੂਲ ਤੋਂ ਇਲਾਵਾ ਕਿਤੇ ਵੀ ਬੱਚਿਆਂ ਦੇ ਆਧਾਰ ਕਾਰਡ ਦਾ ਖੁਲਾਸਾ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ।
ਅਧਿਕਾਰੀਆਂ ਨੂੰ ਹੁਕਮ ਕੀਤੇ ਜਾਰੀ
ਸਿੱਖਿਆ ਵਿਭਾਗ ਨੇ ਆਪਣੇ ਨੋਟਿਸ ਵਿੱਚ ਕਿਹਾ ਹੈ ਕਿ ਇਸ ਹੁਕਮ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਜਾਵੇ ਤੇ ਇਸ ਦੀ ਪਾਲਣਾ ਵੀ ਕੀਤੀ ਜਾਵੇ। ਇਹ ਪੱਤਰ ਉੱਚ ਅਧਿਕਾਰੀਆਂ ਦੇ ਹੁਕਮਾਂ ’ਤੇ ਜਾਰੀ ਕੀਤਾ ਗਿਆ ਹੈ। ਇਸ ਸਮੇਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 30 ਲੱਖ ਤੋਂ ਵੱਧ ਬੱਚੇ ਪੜ੍ਹ ਰਹੇ ਹਨ।
ਸਕੂਲ ਸੈਸ਼ਨ ਸ਼ੁਰੂ ਹੋ ਰਹੇ ਹਨ
ਸਕੂਲਾਂ ਵਿੱਚ ਮਾਰਚ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਹੋ ਚੁਕੀ ਹੈ। ਬੱਚੇ ਦਾਖਲਾ ਲੈ ਰਹੇ ਹਨ। ਮਾਪੇ ਆਧਾਰ ਨਾਲ ਸਬੰਧਤ ਸਾਰੀ ਜਾਣਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਦੇ ਰਹੇ ਹਨ ਤਾਂ ਜੋ ਉਨ੍ਹਾਂ ਦੇ ਬੱਚਿਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਸਰਕਾਰ ਵੱਲੋਂ ਇਹ ਵੀ ਆਦੇਸ਼ ਦਿੱਤੇ ਗਏ ਹਨ ਕਿ ਜੇਕਰ ਕਿਸੇ ਬੱਚੇ ਦਾ ਆਧਾਰ ਕਾਰਡ ਅੱਪਡੇਟ ਨਹੀਂ ਹੈ ਤਾਂ ਉਸ ਨੂੰ ਤੁਰੰਤ ਪ੍ਰਭਾਵ ਨਾਲ ਅੱਪਡੇਟ ਕਰਵਾਇਆ ਜਾਵੇ ਤਾਂ ਜੋ ਦਾਖ਼ਲਾ ਲੈਣ ਅਤੇ ਹੋਰ ਕਈ ਕੰਮਾਂ ਵਿੱਚ ਕੋਈ ਦਿੱਕਤ ਨਾ ਆਵੇ।