ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਸ਼ਾਹਕੋਟ ਇਲਾਕੇ ਵਿੱਚ ਅੱਜ ਸਵੇਰੇ ਪੁਲਸ ਨੇ ਗੈਂਗਸਟਰਾਂ ਦਾ ਇਨਕਾਊਂਟਰ ਕੀਤਾ। ਇਸ ਦੌਰਾਨ ਦੋਵਾਂ ਪਾਸਿਓਂ ਗੋਲੀਆਂ ਚੱਲੀਆਂ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਦੋ ਵਿਅਕਤੀ ਰੇਲਵੇ ਸਟੇਸ਼ਨ ਨੇੜੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਲਈ ਪਹੁੰਚੇ ਹਨ। ਪੁਲਸ ਮੌਕੇ 'ਤੇ ਪਹੁੰਚੀ ਅਤੇ ਉਨ੍ਹਾਂ ਨੂੰ ਘੇਰਨ ਦੀ ਕੋਸ਼ਿਸ਼ ਕੀਤੀ, ਪਰ ਗੈਂਗਸਟਰਾਂ ਨੇ ਪੁਲਸ 'ਤੇ ਗੋਲੀਬਾਰੀ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ, ਜਿਸ ਕਾਰਨ ਦੋਵੇਂ ਗੈਂਗਸਟਰ ਜ਼ਖਮੀ ਹੋ ਗਏ।
ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ
ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਕੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ। ਤਲਾਸ਼ੀ ਦੌਰਾਨ ਪੁਲਿਸ ਨੇ ਉਨ੍ਹਾਂ ਤੋਂ ਹਥਿਆਰ ਅਤੇ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ। ਫਿਲਹਾਲ ਪੁਲਿਸ ਇਸ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ ਤਾਂ ਜੋ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਇਆ ਜਾ ਸਕੇ।
ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਦੇ ਇਸ਼ਾਰੇ 'ਤੇ ਕਰਦੇ ਸਨ ਕੰਮ
ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਦੋਸ਼ੀਆਂ ਦੀ ਪਛਾਣ ਅਜੇ ਉਰਫ਼ ਬਾਜਾ ਵਾਸੀ ਨੂਰਮਹਿਲ ਅਤੇ ਲਖਵਿੰਦਰ ਸਿੰਘ ਵਾਸੀ ਲੋਹੀਆਂ ਖਾਸ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਦੋਵੇਂ ਮੁਲਜ਼ਮ ਵਿਦੇਸ਼ ਵਿੱਚ ਬੈਠੇ ਗੈਂਗਸਟਰ ਜਰਮਨਜੀਤ ਸਿੰਘ ਅਤੇ ਨਵਦੀਪ ਸਿੰਘ ਦੇ ਇਸ਼ਾਰੇ 'ਤੇ ਕੰਮ ਕਰਦੇ ਸਨ ਅਤੇ ਫਿਰੌਤੀ ਮੰਗਦੇ ਸਨ।
ਮੁਲਜ਼ਮਾਂ ਦੇ ਹੋਰ ਲਿੰਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ
ਐਸਐਸਪੀ ਨੇ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਜਬਰੀ ਵਸੂਲੀ, ਕਤਲ ਦੀ ਕੋਸ਼ਿਸ਼ ਆਦਿ ਸਮੇਤ ਕਈ ਘਿਨਾਉਣੇ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਹੁਣ ਮੁਲਜ਼ਮਾਂ ਦੇ ਹੋਰ ਲਿੰਕਾਂ ਅਤੇ ਮਾਮਲਿਆਂ ਦਾ ਪਤਾ ਲਗਾਉਣ ਵਿੱਚ ਲੱਗੀ ਹੋਈ ਹੈ।