ਲੋਕ ਸਭਾ ਚੋਣਾਂ-2024 ਦੇ ਸੱਤਵੇਂ ਅਤੇ ਆਖਰੀ ਪੜਾਅ 'ਚ ਸ਼ਨੀਵਾਰ (1 ਜੂਨ) ਨੂੰ 7 ਸੂਬਿਆਂ ਅਤੇ 1 ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ 57 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ।18ਵੀਂ ਲੋਕ ਸਭਾ ਚੋਣਾਂ ਲਈ ਵੋਟਿੰਗ ਦੀ ਪ੍ਰਕਿਰਿਆ ਜਾਰੀ ਹੈ। ਸੁਲਤਾਨਪੁਰ ਲੋਧੀ ਵਿੱਚ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੀ ਵੋਟ ਪਾਈ।
ਵੋਟ ਸਾਰਿਆਂ ਦਾ ਮੌਲਿਕ ਅਧਿਕਾਰ
ਵੋਟ ਪਾਉਣ ਆਏ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਵੋਟ ਸਾਰਿਆਂ ਦਾ ਮੌਲਿਕ ਅਧਿਕਾਰ ਹੈ, ਇਸ ਨਾਲ ਹੀ ਲੋਕ ਆਪਣੇ ਨੇਤਾ ਨੂੰ ਚੁਣ ਸਕਦੇ ਹਾਂ। ਉਨ੍ਹਾਂ ਲੋਕਾਂ ਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠਕੇ ਵੋਟ ਪਾਉਣ ਲਈ ਸੁਨੇਹਾ ਦਿੱਤਾ।
ਚੋਣ ਕਮਿਸ਼ਨ ਮੁਤਾਬਕ ਸੱਤਵੇਂ ਪੜਾਅ ਦੀਆਂ ਚੋਣਾਂ ਵਿੱਚ 904 ਉਮੀਦਵਾਰ ਚੋਣ ਲੜ ਰਹੇ ਹਨ। ਇਨ੍ਹਾਂ ਵਿੱਚੋਂ 809 ਪੁਰਸ਼ ਅਤੇ 95 ਮਹਿਲਾ ਉਮੀਦਵਾਰ ਹਨ। ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ਵਿੱਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਚੱਲ ਰਹੀ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ।
ਸੂਬੇ ਵਿੱਚ ਕੁੱਲ 2,14,61,741 ਵੋਟਰ
ਪੰਜਾਬ ਵਿਚ ਕੁੱਲ 2,14,61,741 ਵੋਟਰ ਹਨ, ਜਿਨ੍ਹਾਂ ਵਿੱਚ 1,12,86,727 ਪੁਰਸ਼, 1,01,74,241 ਔਰਤਾਂ, 773 ਟਰਾਂਸਜੈਂਡਰ, 1,58,718 ਪੀ.ਡਬਲਿਊ.ਡੀ (ਦਿਵਿਆਂਗ) ਅਤੇ 1614 ਐਨ.ਆਰ.ਆਈ. (ਪ੍ਰਵਾਸੀ ਭਾਰਤੀ) ਵੋਟਰ ਸ਼ਾਮਲ ਹਨ। ਸੂਬੇ ਵਿੱਚ ਪਹਿਲੀ ਵਾਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਾਲੇ ਵੋਟਰਾਂ ਦੀ ਗਿਣਤੀ 5,38,715 ਅਤੇ 85 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 1,89,855 ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 24,451 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ ਵਿੱਚੋਂ 5694 ਪੋਲਿੰਗ ਸਟੇਸ਼ਨ ਸੰਵੇਦਨਸ਼ੀਲ ਐਲਾਨੇ ਗਏ ਹਨ।