ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਅੱਜ ਰਾਜ ਸਭਾ ਵਿੱਚ ਸਹੁੰ ਚੁੱਕਣਗੇ। ਹਾਲ ਹੀ ਵਿੱਚ ਉਨ੍ਹਾਂ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਸਹੁੰ ਚੁੱਕਣ ਦੀ ਇਜਾਜ਼ਤ ਦਿੱਤੀ ਸੀ। ਜੇਲ੍ਹ ਅਧਿਕਾਰੀ ਵੀ ਉਨ੍ਹਾਂ ਨਾਲ ਸੰਸਦ ਭਵਨ ਜਾਣਗੇ। ਦੱਸ ਦੇਈਏ ਕਿ ਸੰਜੇ ਸਿੰਘ ਦਿੱਲੀ ਲਿਕਰ ਪਾਲਿਸੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਹਨ।
ਭਾਜਪਾ ਵਿਧਾਇਕਾਂ ਨੂੰ ਜਾਰੀ ਕੀਤਾ ਵ੍ਹਿੱਪ
ਅੱਜ ਪ੍ਰਧਾਨ ਮੰਤਰੀ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ਦਾ ਜਵਾਬ ਦੇਣਗੇ। ਇਸ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਆਪਣੇ ਲੋਕ ਸਭਾ ਸੰਸਦ ਮੈਂਬਰਾਂ ਨੂੰ ਵ੍ਹਿਪ ਜਾਰੀ ਕਰਕੇ ਸਦਨ 'ਚ ਰਹਿਣ ਲਈ ਕਿਹਾ ਹੈ।
ਦਿੱਲੀ ਦੀ ਰਾਉਸ ਐਵੇਨਿਊ ਅਦਾਲਤ 'ਚ ਪਟੀਸ਼ਨ ਦਾਇਰ ਕਰਕੇ 'ਆਪ' ਦੇ ਸੀਨੀਅਰ ਨੇਤਾ ਸੰਜੇ ਸਿੰਘ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਅਤੇ ਮੌਜੂਦਾ ਸੰਸਦ ਸੈਸ਼ਨ 'ਚ ਹਿੱਸਾ ਲੈਣ ਦੀ ਮੰਗ ਕੀਤੀ ਸੀ। ਇਸ ਦੇ ਲਈ ਉਸ ਨੇ ਆਬਕਾਰੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਅੰਤਰਿਮ ਜ਼ਮਾਨਤ ਦੀ ਮੰਗ ਕਰਦੇ ਹੋਏ ਵੀਰਵਾਰ ਨੂੰ ਅਦਾਲਤ ਤੱਕ ਪਹੁੰਚ ਕੀਤੀ ਸੀ।
ਇਸ ਮਾਮਲੇ ਵਿੱਚ ਹੋਈ ਗ੍ਰਿਫ਼ਤਾਰੀ
ਦੱਸ ਦੇਈਏ ਕਿ ਈਡੀ ਨੇ ਦੋਸ਼ ਲਗਾਇਆ ਹੈ ਕਿ ਸੰਜੇ ਸਿੰਘ ਨੇ ਦਿੱਲੀ ਆਬਕਾਰੀ ਨੀਤੀ 2021-22 ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ, ਜਿਸ ਨਾਲ ਕੁਝ ਸ਼ਰਾਬ ਨਿਰਮਾਤਾਵਾਂ, ਥੋਕ ਵਿਕਰੇਤਾਵਾਂ ਅਤੇ ਪ੍ਰਚੂਨ ਵਿਕਰੇਤਾਵਾਂ ਨੂੰ ਆਰਥਿਕ ਲਾਭ ਹੋਇਆ। ਹਾਲਾਂਕਿ ਦੂਜੇ ਪਾਸੇ ਇਸ ਨੀਤੀ ਕਾਰਨ ਸੂਬਾ ਸਰਕਾਰ ਨੂੰ ਵੱਡਾ ਵਿੱਤੀ ਨੁਕਸਾਨ ਹੋਇਆ ਹੈ।
ਸਿੰਘ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ‘ਆਪ’ ਨੇ ਦੋਸ਼ ਲਾਇਆ ਹੈ ਕਿ ਉਸ ਦੇ ਆਗੂਆਂ ਨੂੰ ਸਿਆਸੀ ਕਾਰਨਾਂ ਕਰਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਹਾਲਾਂਕਿ, ਪਿਛਲੇ ਸਾਲ 22 ਦਸੰਬਰ ਨੂੰ ਅਦਾਲਤ ਨੇ ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ ਨੂੰ ਇਹ ਕਹਿੰਦੇ ਹੋਏ ਰੱਦ ਕਰ ਦਿੱਤਾ ਸੀ ਕਿ ਉਹ 2 ਕਰੋੜ ਰੁਪਏ ਦੀ ਅਪਰਾਧਕ ਆਮਦਨ ਨਾਲ ਜੁੜਿਆ ਹੋਇਆ ਹੈ ਅਤੇ ਉਸ ਵਿਰੁੱਧ ਕੇਸ ਸੱਚਾ ਹੈ।