ਅੰਮ੍ਰਿਤਸਰ ਦੇ ਪਿੰਡ ਰਾਮ ਦੀਵਾਲੀ ਦੇ ਰਹਿਣ ਵਾਲੇ ਸਾਬਕਾ ਫੌਜੀ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਦਿੱਤੀ। ਜਿਸ ਤੋਂ ਬਾਅਦ ਅੱਜ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ ਨਹੀਂ ਤਾਂ ਉਹ ਰੋਸ ਪ੍ਰਦਰਸ਼ਨ ਕਰਨਗੇ। ਮ੍ਰਿਤਕ ਦੀ ਪਛਾਣ ਕਵਲਜੀਤ ਸਿੰਘ ਵਜੋਂ ਹੋਈ ਹੈ।
ਦੁੱਧ ਲੈ ਕੇ ਪਰਤ ਰਿਹਾ ਸੀ ਘਰ
ਮ੍ਰਿਤਕ ਦੇ ਭਰਾ ਰਾਜਬੀਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਰਾਤ ਨੂੰ ਰੋਜ਼ਾਨਾ ਦੀ ਤਰ੍ਹਾਂ ਦੁੱਧ ਲੈ ਕੇ ਘਰ ਪਰਤ ਰਿਹਾ ਸੀ। ਇਸ ਦੌਰਾਨ ਘਰ ਤੋਂ ਥੋੜ੍ਹੀ ਦੂਰੀ 'ਤੇ ਮੋਟਰਸਾਈਕਲ 'ਤੇ ਆਏ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਗੋਲੀ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਜਿਸ ਤੋਂ ਬਾਅਦ ਕਵਲਜੀਤ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਪਰ 8 ਦਿਨਾਂ ਦੇ ਇਲਾਜ ਤੋਂ ਬਾਅਦ ਅੱਜ ਉਸ ਦੀ ਮੌਤ ਹੋ ਗਈ।
ਜਲਦ ਇਨਸਾਫ ਨਾ ਮਿਲਿਆ ਤਾਂ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ
ਇਸ ਦੇ ਨਾਲ ਹੀ ਰਾਜਬੀਰ ਨੇ ਦੱਸਿਆ ਕਿ ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ ਪਰ ਅਜੇ ਤੱਕ ਪੁਲਿਸ ਮੁਲਜ਼ਮਾਂ ਨੂੰ ਫੜਨ ਵਿੱਚ ਕਾਮਯਾਬ ਨਹੀਂ ਹੋ ਸਕੀ ਅਤੇ ਨਾ ਹੀ ਗੋਲੀ ਚਲਾਉਣ ਦਾ ਕੋਈ ਕਾਰਨ ਪਤਾ ਲੱਗਾ ਹੈ। ਰਾਜਬੀਰ ਅਨੁਸਾਰ ਉਸ ਦੇ ਭਰਾ ਅਤੇ ਪਰਿਵਾਰ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਪੁਲਿਸ ਪਿਛਲੇ ਅੱਠ ਦਿਨਾਂ ਤੋਂ ਮੁਲਜ਼ਮਾਂ ਦਾ ਸੁਰਾਗ ਨਹੀਂ ਲਗਾ ਸਕੀ ਅਤੇ ਜੇਕਰ ਜਲਦੀ ਇਨਸਾਫ਼ ਨਾ ਮਿਲਿਆ ਤਾਂ ਉਹ ਧਰਨਾ ਦੇਣਗੇ।
ਪੁਲਿਸ ਵਲੋਂ ਕੀਤੀ ਜਾ ਰਹੀ ਮਾਮਲੇ ਦੀ ਜਾਂਚ
ਐਸਐਚਓ ਸੁਰਿੰਦਰਪਾਲ ਸਿੰਘ ਅਨੁਸਾਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੀ ਵੀਡੀਓ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ ਪਰ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ ਹੈ। ਉਹ ਜਲਦੀ ਹੀ ਮੁਲਜ਼ਮਾਂ ਬਾਰੇ ਪਤਾ ਲਗਾ ਲੈਣਗੇ।