ਸ਼ੰਭੂ ਬਾਰਡਰ ਉਤੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਦੇ ਰਹੇ ਕਿਸਾਨਾਂ ਨੇ ਇਕ ਵਾਰ ਫਿਰ ਦਿੱਲੀ ਕੂਚ ਦਾ ਐਲਾਨ ਕਰ ਦਿੱਤਾ ਹੈ। ਦੱਸ ਦੇਈਏ ਕਿ ਅੱਜ ਚੰਡੀਗੜ੍ਹ ਵਿੱਚ ਹੋਈ ਕਿਸਾਨਾਂ ਦੀ ਮੀਟਿੰਗ ਵਿੱਚ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੀ ਕਿਹਾ
ਮੀਟਿੰਗ ਵਿੱਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨਗੇ। ਸ਼ੰਭੂ ਸਰਹੱਦ ਤੋਂ ਹੀ ਦਿੱਲੀ ਵੱਲ ਕੂਚ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਨੌਂ ਮਹੀਨਿਆਂ ਤੋਂ ਚੁੱਪ ਬੈਠੇ ਹਨ ਪਰ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਫੈਸਲਾ ਲੈਣ ਲਈ ਮਜਬੂਰ ਹੋਣਾ ਪਿਆ ਹੈ।
6 ਦਸੰਬਰ ਨੂੰ ਪੈਦਲ ਹੀ ਅੱਗੇ ਵਧਣਗੇ ਕਿਸਾਨ
ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਕੋਈ ਟਰੈਕਟਰ-ਟਰਾਲੀ ਨਹੀਂ ਹੋਵੇਗੀ ਅਤੇ ਉਹ ਪੈਦਲ ਹੀ ਜਥੇ ਵਿੱਚ ਜਾਣਗੇ। ਪੰਧੇਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਵੀ ਧਰਨੇ ਲਈ ਜਗ੍ਹਾ ਮੁਹੱਈਆ ਕਰਵਾਈ ਜਾਵੇ। ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ 26 ਨਵੰਬਰ ਤੋਂ ਭੁੱਖ ਹੜਤਾਲ ’ਤੇ ਬੈਠਣ ਜਾ ਰਹੇ ਹਨ।
ਫਰਵਰੀ ਮਹੀਨੇ ਤੋਂ ਧਰਨੇ 'ਤੇ ਬੈਠੇ ਕਿਸਾਨ
ਪੰਜਾਬ ਦੇ ਕਿਸਾਨ ਫਰਵਰੀ-2024 ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਧਰਨੇ 'ਤੇ ਹਨ। ਅਜਿਹੇ 'ਚ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਹਰਿਆਣਾ ਸਰਕਾਰ ਨੇ ਬੈਰੀਕੇਡ ਲਗਾ ਕੇ ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ਨੂੰ ਬੰਦ ਕਰ ਦਿੱਤਾ ਸੀ। ਇਸ ਤੋਂ ਬਾਅਦ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋ ਗਿਆ।
ਕਿਸਾਨਾਂ ਨੇ ਪੰਜਾਬ ਵੱਲ ਸਰਹੱਦ 'ਤੇ ਪੱਕਾ ਮੋਰਚਾ ਬਣਾ ਲਿਆ। ਅਜਿਹੇ 'ਚ ਉਥੋਂ ਆਵਾਜਾਈ ਬੰਦ ਹੈ। ਇਸ ਕਾਰਨ ਅੰਬਾਲਾ ਦੇ ਵਪਾਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ। ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸਨ ਪਰ ਸਰਕਾਰ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚ ਗਈ।