ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਿਰਾਸਤ 'ਚ ਲੈਣ ਤੋਂ ਬਾਅਦ, ਉਨ੍ਹਾਂ ਨੂੰ ਜਲੰਧਰ ਦੇ ਹਸਪਤਾਲ ਲਿਆਂਦਾ ਗਿਆ ਸੀ, ਜਿੱਥੋਂ ਉਨ੍ਹਾਂ ਨੂੰ ਅੱਜ ਪਟਿਆਲਾ ਸ਼ਿਫਟ ਕਰ ਦਿੱਤਾ ਗਿਆ ਹੈ| ਉਨ੍ਹਾਂ ਨੂੰ ਜਲੰਧਰ ਦੇ ਪਿਮਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਕੈਂਟ ਦੇ ਰੈਸਟ ਹਾਊਸ ਭੇਜ ਦਿੱਤਾ ਗਿਆ ਸੀ।
ਕਿਸਾਨਾਂ ਨੇ ਹਾਈ ਕੋਰਟ 'ਚ ਪਟੀਸ਼ਨ ਕੀਤੀ ਦਾਇਰ
ਕਿਸਾਨਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਗੁਰਮੁਖ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ ਵਿੱਚ ਉਨ੍ਹਾਂ ਕਿਹਾ ਕਿ ਪੁਲਿਸ ਨੇ ਕਿਸਾਨਾਂ ਨੂੰ ਬਿਨਾਂ ਕਿਸੇ ਨੋਟਿਸ ਅਤੇ ਬਿਨਾਂ ਕੋਈ ਕਾਰਨ ਦੱਸੇ ਹਿਰਾਸਤ ਵਿੱਚ ਲਿਆ ਹੈ, ਜੋ ਕਿ ਗੈਰ-ਕਾਨੂੰਨੀ ਹੈ ਅਤੇ ਕਿਸਾਨਾਂ ਨੂੰ ਜਲਦੀ ਰਿਹਾਅ ਕੀਤਾ ਜਾਣਾ ਚਾਹੀਦਾ ਹੈ।
ਸੋਮਵਾਰ ਤੱਕ ਮੰਗੀ ਸਟੇਟਸ ਰਿਪੋਰਟ
ਇਸ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਸੋਮਵਾਰ ਤੱਕ ਇਸ ਮਾਮਲੇ ਦੀ ਸਟੇਟਸ ਰਿਪੋਰਟ ਦਾਇਰ ਕਰਨ ਦੇ ਹੁਕਮ ਦਿੱਤੇ ਗਏ ਹਨ।
ਮੀਟਿੰਗ ਤੋਂ ਬਾਅਦ ਕਿਸਾਨਾਂ ਵਿਰੁੱਧ ਕੀਤੀ ਕਾਰਵਾਈ
19 ਮਾਰਚ ਨੂੰ ਕੇਂਦਰ ਨਾਲ ਕਿਸਾਨਾਂ ਦੀ ਮੀਟਿੰਗ ਕੱਲ੍ਹ ਬੇਸਿੱਟਾ ਰਹੀ। ਮੀਟਿੰਗ ਤੋਂ ਬਾਅਦ, ਪੰਜਾਬ ਪੁਲਿਸ ਨੇ ਕਾਰਵਾਈ ਕਰਦਿਆਂ ਸਰਹੱਦ ਤੋਂ ਕਿਸਾਨਾਂ ਦੇ ਟੈਂਟ ਚੁੱਕਾ ਦਿੱਤੇ ਅਤੇ 700 ਕਿਸਾਨਾਂ ਨੂੰ ਹਿਰਾਸਤ 'ਚ ਲੈ ਲਿਆ। ਪੁਲਿਸ ਨੇ ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੂੰ ਵੀ ਹਿਰਾਸਤ 'ਚ ਲੈ ਲਿਆ।