ਗੜ੍ਹਸ਼ੰਕਰ ਦੇ ਪਿੰਡ ਰੋੜ ਮਾਜਰਾ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ ਕਿਸਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਆਪਣੇ ਖੇਤਾਂ 'ਚ ਬਣੇ ਟਿਊਬਵੈੱਲ 'ਤੇ ਆਰਾਮ ਕਰ ਰਿਹਾ ਸੀ ਕਿ 9 ਨਵੰਬਰ ਦੀ ਸ਼ਾਮ ਨੂੰ ਚਾਰ ਬਾਈਕ ਸਵਾਰਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਇਸ ਦੌਰਾਨ ਮੌਕੇ 'ਤੇ ਮੌਜੂਦ ਲੋਕਾਂ ਨੇ ਉਸ ਨੂੰ ਜ਼ਖਮੀ ਹਾਲਤ 'ਚ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਭੁੱਲਾ ਉਮਰ 36 ਸਾਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਬਲਵਿੰਦਰ ਸਿੰਘ ਦੀ ਛਾਤੀ ਵਿੱਚ ਗੋਲੀਆਂ ਲੱਗੀਆਂ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਗੜ੍ਹਸ਼ੰਕਰ ਦੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।