ਚੰਡੀਗੜ੍ਹ ਪੰਜਾਬ ਭਵਨ ਵਿਖੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਸਮਾਪਤ ਹੋ ਗਈ ਹੈ। ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂਆਂ ਨੇ ਦੱਸਿਆ ਕਿ ਆਉਣ ਵਾਲੀ 19 ਦਸੰਬਰ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਮੀਟਿੰਗ ਵਿੱਚ ਮੋਰਚੇ ਦੀਆਂ ਮੰਗਾਂ ਬਾਰੇ ਸਰਕਾਰ ਨੂੰ ਜਾਣੂ ਕਰਵਾਇਆ ਗਿਆ ਹੈ। ਇਸ ਤੋਂ ਬਾਅਦ ਕਿਸਾਨ ਰਾਜਪਾਲ ਨੂੰ ਮਿਲਣ ਲਈ ਰਵਾਨਾ ਹੋਏ।
ਕਿਸਾਨਾਂ ਨੇ ਇਹ ਮੰਗਾਂ ਰੱਖੀਆਂ ਪੰਜਾਬ ਸਰਕਾਰ ਅੱਗੇ
ਹੜ੍ਹਾਂ ਅਤੇ ਮੀਂਹ ਨਾਲ ਤਬਾਹ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ, ਸਬਜ਼ੀਆਂ, ਮੱਕੀ, ਮੂੰਗਫਲੀ, ਗੰਨਾ ਅਤੇ ਹੋਰ ਫਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦ ਦੀ ਗਰੰਟੀ, ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ ਕੀਤੇ ਜਾਣ,ਗੰਨੇ ਦਾ ਰੇਟ 450 ਰੁਪਏ ਪ੍ਰਤੀ ਕੁਇੰਟਲ ਹੋਣਾ ਚਾਹੀਦਾ ਹੈ ਤੇ ਨਾਲ ਹੀ ਗੰਨਾ ਕਿਸਾਨਾਂ ਦੀ ਬਕਾਇਆ ਅਦਾਇਗੀ ਜਾਰੀ ਕੀਤੀ ਜਾਵੇ।
ਆਬਾਦਕਾਰ ਕਿਸਾਨਾਂ ਤੋਂ ਜ਼ਮੀਨਾਂ ਖੋਹਣੀਆਂ ਬੰਦ ਕਰਨ ਤੇ ਕਿਸਾਨਾਂ ਨੂੰ ਮਾਲਕੀ ਹੱਕ ਦੇਣੇ ਚਾਹੀਦੇ ਹਨ। ਚਿੱਪ ਵਾਲੇ ਮੀਟਰ ਬੰਦ ਕੀਤੇ ਜਾਣੇ ਚਾਹੀਦੇ ਹਨ।ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ 'ਤੇ ਦਰਜ ਕੀਤੇ ਕੇਸ ਰੱਦ ਕੀਤੇ ਜਾਣ, ਜ਼ਮੀਨਾਂ 'ਤੇ ਕੀਤੀਆਂ ਲਾਲ ਐਂਟਰੀਆਂ ਰੱਦ ਕੀਤੀਆਂ ਜਾਣ, ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀਆਂ ਦਿੱਤੀਆਂ ਜਾਣ।
ਕੇਂਦਰ ਸਰਕਾਰ ਤੋਂ ਕੀਤੀਆਂ ਇਹ ਮੰਗਾਂ
ਸਾਰੀਆਂ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾਵੇ, ਫਸਲ ਖਰੀਦ ਗਾਰੰਟੀ ਕਾਨੂੰਨ ਲਾਗੂ ਕੀਤਾ ਜਾਵੇ, ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ਼ ਕੀਤੇ ਜਾਣ, ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ, ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਮੁਅੱਤਲ ਕਰ ਕੇ ਸਜ਼ਾ ਦਿੱਤੀ ਜਾਵੇ, ਦਿੱਲੀ ਅੰਦੋਲਨ ਦੌਰਾਨ ਕਿਸਾਨਾਂ 'ਤੇ ਦਰਜ ਹੋਏ ਕੇਸ ਰੱਦ ਕੀਤੇ ਜਾਣ, ਬਿਜਲੀ ਸੋਧ ਬਿੱਲ ਨੂੰ ਖਾਮੀਆਂ ਰਾਹੀਂ ਲਾਗੂ ਕਰਨਾ ਬੰਦ ਕੀਤਾ ਜਾਵੇ, 60 ਸਾਲ ਤੋਂ ਵੱਧ ਉਮਰ ਦੇ ਸਾਰੇ ਕਿਸਾਨਾਂ ਨੂੰ 10,000 ਰੁਪਏ ਮਹੀਨਾ ਪੈਨਸ਼ਨ ਦਿੱਤੀ ਜਾਵੇ, Newsclick ਦੇ ਖਿਲਾਫ ਦਰਜ ਕੀਤੀ FIR ਨੂੰ ਰੱਦ ਕਰੋ,
ਕਿਸਾਨੀ ਸੰਘਰਸ਼ ਨੂੰ ਗੱਦਾਰ ਕਹਿਣਾ ਬੰਦ ਕੀਤਾ ਜਾਵੇ, ਖੇਤੀ ਸਹਿਕਾਰੀ ਸਭਾਵਾਂ ਨੂੰ ਫ਼ਸਲਾਂ ਵੇਚਣ ਦੀਆਂ ਸਾਰੀਆਂ ਨੀਤੀਆਂ ਖ਼ਤਮ ਕੀਤੀਆਂ ਜਾਣ,ਪਬਲਿਕ ਸੈਕਟਰ ਸ਼ੁਰੂ ਕੀਤਾ ਜਾਵੇ ਅਤੇ ਪ੍ਰਾਈਵੇਟ ਸੈਕਟਰ ਦੀਆਂ ਨੀਤੀਆਂ ਬੰਦ ਕੀਤੀਆਂ ਜਾਣ।