ਪੰਜਾਬ 'ਚ ਅੱਜ ਕਿਸਾਨਾਂ ਨੇ ਟੋਲ ਪਲਾਜ਼ਾ ਫ਼੍ਰੀ ਕਰਨ ਦਾ ਐਲਾਨ ਕੀਤਾ ਸੀ। ਜਦਕਿ ਲਾਡੋਵਾਲ ਟੋਲ ਬੰਦ ਹੋਣ ਤੋਂ ਬਾਅਦ ਖੋਲ੍ਹ ਦਿੱਤਾ ਗਿਆ ਤਾਂ ਜਗਰਾਉਂ ਦੇ ਚੌਕੀਮਾਨ ਟੋਲ ਪਲਾਜ਼ਾ ਨੂੰ ਧਰਨਾ ਦੇ ਕੇ ਟੋਲ ਫਰੀ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਵਾਹਨ ਬਿਨਾਂ ਟੋਲ ਦੇ ਉਥੋਂ ਲੰਘ ਰਹੇ ਹਨ। ਕਿਸਾਨਾਂ ਨੇ ਫਿਲੌਰ ਵਿੱਚ ਨੈਸ਼ਨਲ ਹਾਈਵੇਅ ਵੀ ਜਾਮ ਕਰ ਦਿੱਤਾ ਹੈ। ਕਿਸਾਨ ਧਰਨਾ ਲਗਾ ਕੇ ਰੋਡ 'ਤੇ ਬੈਠੇ ਹਨ।
ਮੰਡੀਆਂ 'ਚ ਪਿਆ ਹੈ ਝੋਨਾ
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਜਰਨੈਲ ਸਿੰਘ ਮੋਤੀਪੁਰ, ਕਮਲਜੀਤ ਸਿੰਘ ਨੇ ਕਿਹਾ ਕਿ ਸਰਕਾਰ ਜਾਣਬੁੱਝ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਕਿਸਾਨ ਝੋਨਾ ਲੈ ਕੇ ਮੰਡੀਆਂ 'ਚ ਬੈਠੇ ਹਨ ਪਰ ਅਜੇ ਤੱਕ ਝੋਨੇ ਦੀ ਲਿਫਟਿੰਗ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਕਹਿ ਰਿਹਾ ਹੈ ਕਿ ਮੰਡੀਆਂ ਵਿੱਚ ਝੋਨਾ ਚੁੱਕਣ ਲਈ ਥਾਂ ਨਹੀਂ ਹੈ।
ਜੰਡਿਆਲਾ ਗੁਰੂ ਦਾ ਟੋਲ ਪਲਾਜ਼ਾ ਫਰੀ
ਦੱਸ ਦੇਈਏ ਕਿ ਕਿਸਾਨ ਜੱਥੇਬੰਦੀ ਬੀਕੇਯੂ ਉਗਰਾਹਾਂ ਵੱਲੋਂ ਟੋਲ ਪਲਾਜ਼ਾ ਫਰੀ ਕਰਵਾਇਆ ਗਿਆ ਹੈ। ਜੱਥੇਬੰਦੀ ਦੁਆਰਾ ਅੱਜ ਜੰਡਿਆਲਾ ਗੁਰੂ ਨੇੜੇ ਲੱਗੇ ਟੋਲ ਪਲਾਜ਼ਾ ਨੂੰ ਮੁਫ਼ਤ ਕੀਤਾ ਗਿਆ। ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਟੋਲ ਪਲਾਜ਼ਾ 'ਤੇ ਧਰਨਾ ਦਿੱਤਾ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਬੀਕੇਯੂ (ਉਗਰਾਹਾਂ) ਵੱਲੋਂ ਜ਼ਿਲ੍ਹਾ ਲੁਧਿਆਣਾ (ਦਿਹਾਤੀ) (ਏ-3) ਵਿੱਚ ਟੋਲ ਫਰੀ ਧਰਨਾ ਸ਼ੁਰੂ ਕੀਤਾ ਗਿਆ। ਇਸ ਦੌਰਾਨ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਝੋਨੇ ਦੀ ਖਰੀਦ ਦਾ ਕੰਮ ਮੱਠੀ ਰਫਤਾਰ ਨਾਲ ਚੱਲ ਰਿਹਾ ਹੈ, ਜਿਸ ਕਾਰਨ ਕਿਸਾਨਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਿਸਾਨਾਂ ਦੀ ਮੰਗ ਹੈ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਜਲਦੀ ਕਰਵਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਕਈ-ਕਈ ਦਿਨ ਮੰਡੀਆਂ ਵਿੱਚ ਨਾ ਬੈਠਣਾ ਪਵੇ। ਇਸ ਮੌਕੇ ਸੁਦਾਗਰ ਸਿੰਘ ਹਰਨੇਕ ਸਿੰਘ ਗੁਰਪ੍ਰੀਤ ਸਿੰਘ ਚਮਕੌਰ ਸਿੰਘ ਆਦਿ ਹਾਜ਼ਰ ਸਨ।