ਫਾਜ਼ਿਲਕਾ-ਫਿਰੋਜ਼ਪੁਰ ਹਾਈਵੇ 'ਤੇ ਨਗਦੀ ਲੈ ਕੇ ਜਾ ਰਹੇ ਗੈਸ ਕੰਪਨੀ ਦੇ ਮੁਲਾਜ਼ਮਾਂ ਤੋਂ ਲੁਟੇਰਿਆਂ ਨੇ 7 ਲੱਖ ਰੁਪਏ ਲੁੱਟ ਲਏ। ਲੁਟੇਰਿਆਂ ਨੇ ਮੁਲਾਜ਼ਮਾਂ ਦੀਆਂ ਅੱਖਾਂ ਵਿੱਚ ਲਾਲ ਮਿਰਚ ਪਾ ਕੇ ਇਸ ਪੂਰੀ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਘਟਨਾ 'ਚ ਦੋ ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਤੇ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
12 ਲੱਖ ਦੀ ਨਕਦੀ ਲੈ ਕੇ ਜਾ ਰਹੇ ਸਨ
ਪੀੜਤ ਸੁਖਦੀਪ ਨੇ ਦੱਸਿਆ ਕਿ ਉਹ ਆਪਣੇ ਸਾਥੀ ਮੁਲਾਜ਼ਮ ਨਾਲ ਕਾਰ ਵਿੱਚ 12 ਲੱਖ ਰੁਪਏ ਦੀ ਨਕਦੀ ਲੈ ਕੇ ਜਾ ਰਿਹਾ ਸੀ। ਜਦੋਂ ਉਹ ਫਲਾਈਓਵਰ 'ਤੇ ਪਹੁੰਚਿਆ ਤਾਂ ਕੁਝ ਲੋਕਾਂ ਨੇ ਸਾਡੀਆਂ ਅੱਖਾਂ 'ਤੇ ਲਾਲ ਮਿਰਚਾਂ ਸੁੱਟ ਦਿੱਤੀਆਂ। ਇਸ ਤੋਂ ਬਾਅਦ ਉਨ੍ਹਾਂ ਨੇ ਸਾਡੇ 'ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਤੇ ਕਰੀਬ 7 ਲੱਖ ਰੁਪਏ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ। ਹਾਲਾਂਕਿ ਅਸੀਂ ਲੁਟੇਰਿਆਂ ਤੋਂ 5 ਲੱਖ ਰੁਪਏ ਬਚਾ ਲਏ।
5 ਲੱਖ ਰੁਪਏ ਬਚੇ
ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਆਸਪਾਸ ਦੇ ਇਲਾਕਿਆਂ ਤੋਂ ਸਬੂਤ ਇਕੱਠੇ ਕਰਨ 'ਚ ਜੁਟੀ ਹੋਈ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਉਹ ਜਲਦ ਹੀ ਲੁਟੇਰਿਆਂ ਨੂੰ ਗ੍ਰਿਫਤਾਰ ਕਰ ਲੈਣਗੇ।