ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਦੇ ਮਕਬੂਲਪੁਰਾ ਵਿੱਚ ਸਨੈਚਰ ਅਤੇ ਪੁਲਿਸ ਵਿਚਕਾਰ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ। ਇਸ ਦੌਰਾਨ ਸਨੈਚਰ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ ਅਤੇ ਉਸਨੂੰ ਗੁਰੂ ਨਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਮੁਲਜ਼ਮ ਨੂੰ ਹਥਿਆਰ ਬਰਾਮਦ ਕਰਨ ਲਈ ਲੈ ਕੇ ਆਈ ਸੀ ਅਤੇ ਉਸਨੇ ਪੁਲਿਸ 'ਤੇ ਗੋਲੀਬਾਰੀ ਕਰ ਦਿੱਤੀ। ਇਸ ਤੋਂ ਬਾਅਦ ਪੁਲਸ ਨੂੰ ਜਵਾਬੀ ਕਾਰਵਾਈ ਕਰਨੀ ਪਈ। ਇਸ ਘਟਨਾ ਤੋਂ ਬਾਅਦ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਸਥਿਤੀ ਦਾ ਜਾਇਜ਼ਾ ਲੈਣ ਲਈ ਮੌਕੇ 'ਤੇ ਪਹੁੰਚੇ।
ਹਥਿਆਰ ਬਰਾਮਦ ਕਰਨ ਲਈ ਲੈ ਕੇ ਗਈ ਸੀ ਪੁਲਸ
ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਖ਼ਿਲਾਫ਼ ਲੁੱਟ-ਖੋਹ ਦੇ ਮਾਮਲੇ ਦਰਜ ਸਨ ਤੇ ਉਸ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ, ਪੁਲਿਸ ਉਸਨੂੰ ਬਰਾਮਦਗੀ ਲਈ ਮਕਬੂਲਪੁਰਾ ਲੈ ਆਈ, ਜਿੱਥੇ ਬਿਕਰਮ ਨੇ ਪਿਸਤੌਲ ਲੁਕਾ ਦਿੱਤਾ ਸੀ। ਇਸ ਦੌਰਾਨ ਦੋਸ਼ੀ ਨੇ ਪਿਸਤੌਲ ਕੱਢੀ ਅਤੇ ਪੁਲਿਸ 'ਤੇ ਗੋਲੀਬਾਰੀ ਕਰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਅਤੇ ਗੋਲੀਆਂ ਚਲਾਈਆਂ ਜੋ ਉਸਦੀ ਲੱਤ ਵਿੱਚ ਲੱਗੀਆਂ।
ਹਾਲ ਹੀ ਵਿੱਚ 2 ਲੁਟੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਸੀ
ਦੱਸਿਆ ਜਾ ਰਿਹਾ ਹੈ ਕਿ ਹਾਲ ਹੀ ਵਿੱਚ ਥਾਣਾ ਬੀ ਡਿਵੀਜ਼ਨ ਪੁਲਿਸ ਨੇ ਲੁੱਟ-ਖੋਹ ਦੇ ਮਾਮਲਿਆਂ ਵਿੱਚ ਸਰਗਰਮ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਨੇ ਅੰਮ੍ਰਿਤਸਰ ਸ਼ਹਿਰ ਵਿੱਚ ਤਿੰਨ ਘਟਨਾਵਾਂ ਨੂੰ ਅੰਜਾਮ ਦਿੱਤਾ ਸੀ। ਇੱਕ ਘਟਨਾ ਵਿੱਚ, ਇੱਕ ਆਦਮੀ ਦਾ ਮੋਬਾਈਲ ਫੋਨ ਅਤੇ ਪਰਸ ਲੁੱਟ ਲਿਆ ਗਿਆ, ਜਦੋਂ ਕਿ ਇੱਕ ਹੋਰ ਘਟਨਾ ਵਿੱਚ, ਇੱਕ ਮੋਟਰਸਾਈਕਲ ਅਤੇ ਮੋਬਾਈਲ ਫੋਨ ਚੋਰੀ ਹੋ ਗਿਆ ਅਤੇ ਇੱਕ ਖੇਤਰ ਵਿੱਚ, ਇੱਕ ਆਈਫੋਨ ਚੋਰੀ ਹੋ ਗਿਆ। ਪੁਲਿਸ ਨੇ ਦੋਵਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।