ਪੰਜਾਬ ਵਿੱਚ ਗੋਲੀਬਾਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਸਾਹਮਣੇ ਆਇਆ ਹੈ, ਜਿੱਥੇ ਦੋ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕਾਂ ਦੀ ਪਛਾਣ 24 ਸਾਲਾ ਸ਼ਿਵ ਵਾਸੀ ਮੋਤਾ ਸਿੰਘ ਨਗਰ ਅਤੇ 22 ਸਾਲਾ ਵਿਨੈ ਤਿਵਾੜੀ ਵਾਸੀ ਬਸਤੀ ਸ਼ੇਖ ਵਜੋਂ ਹੋਈ ਹੈ। ਫਿਲਹਾਲ ਪੁਲਸ ਇਸ ਸਾਰੀ ਘਟਨਾ ਦੀ ਜਾਂਚ ਕਰ ਰਹੀ ਹੈ। ਫੋਰੈਂਸਿਕ ਸਾਇੰਸ ਲੈਬਾਰਟਰੀ (FSL) ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ ਹੈ ਅਤੇ ਘਟਨਾ ਨਾਲ ਸਬੰਧਤ ਸਬੂਤ ਇਕੱਠੇ ਕਰ ਰਹੀ ਹੈ।
2 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ
ਜਾਣਕਾਰੀ ਮੁਤਾਬਕ ਦੇਰ ਰਾਤ ਦੋਸਤਾਂ ਨੇ ਇਕੱਠੇ ਹੋ ਕੇ ਸ਼ਰਾਬ ਪੀਤੀ ਸੀ ਪਰ ਸਵੇਰੇ ਆਪਸ ਵਿੱਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਇਸ ਤੋਂ ਬਾਅਦ ਦੋਸਤਾਂ ਵਿਚਾਲੇ ਝਗੜਾ ਇੰਨਾ ਵਧ ਗਿਆ ਕਿ ਉਨ੍ਹਾਂ ਨੇ ਇਕ-ਦੂਜੇ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਵਾਰਦਾਤ ਵਿੱਚ ਦੋ ਨੌਜਵਾਨਾਂ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਗੋਲੀਬਾਰੀ ਦੀ ਘਟਨਾ ਸ਼ਹੀਦ ਊਧਮ ਸਿੰਘ ਨਗਰ ਸਥਿਤ ਸ਼ੈਲਾਨੀ ਮਾਤਾ ਮੰਦਰ ਨੇੜੇ ਵਾਪਰੀ।
ਦੋਸ਼ੀ ਮੌਕੇ ਤੋਂ ਫਰਾਰ
ਇਸ ਘਟਨਾ ਤੋਂ ਬਾਅਦ ਮੁਲਜ਼ਮ ਮੰਨਾ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਪੁਲਸ ਇਸ ਸਾਰੀ ਘਟਨਾ ਦੀ ਜਾਂਚ ਕਰ ਰਹੀ ਹੈ। ਹੁਣ ਤੱਕ ਦੀ ਜਾਂਚ ਵਿੱਚ ਇਹ ਪੁਰਾਣੀ ਦੁਸ਼ਮਣੀ ਦਾ ਮਾਮਲਾ ਜਾਪ ਰਿਹਾ ਹੈ।