ਪਹਾੜੀ ਇਲਾਕਿਆਂ 'ਚ ਬਰਫਬਾਰੀ ਤੋਂ ਬਾਅਦ ਪੰਜਾਬ 'ਚ ਪਾਰਾ ਡਿੱਗਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਇਹ ਬਦਲਾਅ ਜਾਰੀ ਰਹਿਣਗੇ। ਇਸ ਦੇ ਨਾਲ ਹੀ ਇੱਥੋਂ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਧੁੰਦ ਦਾ ਪ੍ਰਭਾਵ ਰਹੇਗਾ। ਇਸ ਦੇ ਨਾਲ ਹੀ ਬੀਤੇ ਦਿਨ ਅੰਮ੍ਰਿਤਸਰ ਅਤੇ ਜਲੰਧਰ ਦੇ ਭੋਗਪੁਰ 'ਚ ਵੀ ਮੀਂਹ ਪਿਆ।
ਧੁੰਦ ਨੂੰ ਲੈ ਕੇ ਯੈਲੋ ਅਲਰਟ ਕੀਤਾ ਜਾਰੀ
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਕਈ ਸ਼ਹਿਰਾਂ 'ਚ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਸਕਦੀ ਹੈ। ਪੰਜਾਬ ਦੇ 14 ਜ਼ਿਲ੍ਹਿਆਂ 'ਚ ਅੱਜ ਵੀ ਧੂੰਏਂ ਦਾ ਅਸਰ ਰਹੇਗਾ। ਜਿਸ ਕਾਰਨ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਧੂੰਏਂ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਹਰਿਆਣਾ 'ਚ 24 ਘੰਟਿਆਂ ਦੌਰਾਨ ਪਾਰਾ 2.5 ਡਿਗਰੀ ਹੇਠਾਂ ਡਿੱਗਿਆ
ਹਰਿਆਣਾ 'ਚ ਧੁੰਦ ਦਾ ਕਹਿਰ ਜਾਰੀ ਹੈ, ਜਿਸ ਕਾਰਨ ਠੰਡ ਦੀ ਤੀਬਰਤਾ ਲਗਾਤਾਰ ਵਧ ਰਹੀ ਹੈ। ਸਵੇਰੇ ਧੁੰਦ ਕਾਰਨ ਕਈ ਸ਼ਹਿਰਾਂ 'ਚ ਵਿਜ਼ੀਬਿਲਟੀ 30 ਮੀਟਰ ਤੱਕ ਘੱਟ ਗਈ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਐਤਵਾਰ ਨੂੰ ਸੋਨੀਪਤ, ਪਾਣੀਪਤ, ਸਿਰਸਾ, ਫਤਿਹਾਬਾਦ, ਜੀਂਦ 'ਚ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ 'ਚ ਰਾਤ ਦੇ ਤਾਪਮਾਨ 'ਚ 2.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।