ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਥੇਦਾਰ ਰਣਧੀਰ ਸਿੰਘ ਚੀਮਾ ਦਾ ਮੰਗਲਵਾਰ ਨੂੰ 97 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਪਿਛਲੇ ਕਈ ਦਿਨਾਂ ਤੋਂ ਬੀਮਾਰ ਸਨ। ਦੱਸ ਦੇਈਏ ਕਿ ਚੀਮਾ ਲੰਬੇ ਸਮੇਂ ਤੋਂ ਪੰਜਾਬ ਦੀ ਰਾਜਨੀਤੀ ਵਿੱਚ ਸਰਗਰਮ ਸਨ ਅਤੇ ਤਿੰਨ ਵਾਰ ਸੂਬਾ ਸਰਕਾਰ ਵਿੱਚ ਕੈਬਨਿਟ ਮੰਤਰੀ ਰਹਿ ਚੁੱਕੇ ਹਨ। ਉਹਨਾਂ ਨੂੰ ਖਾਸ ਤੌਰ 'ਤੇ ਪੰਜਾਬ ਦੇ ਸੜਕ ਮੰਤਰੀ ਵਜੋਂ ਯਾਦ ਕੀਤਾ ਜਾਂਦਾ ਹੈ। ਮੰਤਰੀ ਆਪਣੇ ਨਿਮਰ ਸੁਭਾਅ ਅਤੇ ਸਾਦੇ ਜੀਵਨ ਲਈ ਵੀ ਜਾਣੇ ਜਾਂਦੇ ਸਨ।
ਅੰਤਿਮ ਸੰਸਕਾਰ ਜੱਦੀ ਪਿੰਡ ਵਿੱਚ ਕੀਤਾ ਜਾਵੇਗਾ
ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਕਰੀਮਪੁਰਾ ਵਿੱਚ ਕੀਤਾ ਜਾਵੇਗਾ। ਚੀਮਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਸਾਥੀ ਸਨ ਅਤੇ 1965 ਤੋਂ ਲਗਾਤਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਨ। ਉਨ੍ਹਾਂ ਦੇ ਦੇਹਾਂਤ ਨਾਲ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸੀਨੀਅਰ ਅਕਾਲੀ ਆਗੂਆਂ ਨੇ ਇਸ ਦੁੱਖ ਦੀ ਘੜੀ ਵਿੱਚ ਅਫਸੋਸ ਪ੍ਰਗਟ ਕੀਤਾ ਹੈ।
ਵਿਧਾਇਕ ਤੋਂ ਮੰਤਰੀ ਤੱਕ ਦਾ ਸਫ਼ਰ
ਰਣਧੀਰ ਸਿੰਘ ਚੀਮਾ ਪਹਿਲੀ ਵਾਰ ਸਰਹਿੰਦ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਬਣੇ। ਇਸ ਇਲਾਕੇ ਤੋਂ ਜਿੱਤਣ ਤੋਂ ਬਾਅਦ, ਉਨ੍ਹਾਂ ਨੂੰ ਮੰਤਰੀ ਦਾ ਅਹੁਦਾ ਮਿਲਿਆ। ਹਾਲ ਹੀ ਵਿੱਚ 9 ਮਾਰਚ 2024 ਨੂੰ ਫਤਿਹਗੜ੍ਹ ਸਾਹਿਬ ਵਿੱਚ ਚੀਮਾ ਨੇ ਸ਼੍ਰੋਮਣੀ ਕਮੇਟੀ ਦੀ ਅੰਦਰੂਨੀ ਕਮੇਟੀ ਵੱਲੋਂ ਜਥੇਦਾਰਾਂ ਨੂੰ ਹਟਾਉਣ ਦੇ ਫੈਸਲੇ ਦਾ ਵਿਰੋਧ ਕੀਤਾ ਸੀ।