ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਬਾਅਦ ਪਾਰਟੀ ਆਗੂਆਂ ਵੱਲੋਂ ਲਗਾਤਾਰ ਅਸਤੀਫੇ ਦਿੱਤੇ ਜਾ ਰਹੇ ਹਨ। ਹੁਣ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਪਾਰਟੀ ਦੇ ਹਾਲਾਤਾਂ ਨੂੰ ਦੇਖਦੇ ਹੋਏ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ। ਜੋਸ਼ੀ ਨੇ ਆਪਣੇ ਅਸਤੀਫੇ 'ਚ ਕਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਤੋਂ ਬਾਅਦ ਪਾਰਟੀ 'ਚ ਉਨ੍ਹਾਂ ਦੇ ਵਿਚਾਰਾਂ ਮੁਤਾਬਕ ਕੰਮ ਕਰਨਾ ਮੁਸ਼ਕਲ ਹੋ ਜਾਵੇਗਾ।
ਕਿਸੇ ਵੀ ਪਾਰਟੀ ਵਿੱਚ ਨਹੀਂ ਹੋਣਗੇ ਸ਼ਾਮਲ
ਅਸਤੀਫਾ ਦੇਣ ਦੇ ਨਾਲ ਹੀ ਸਾਬਕਾ ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਹੈ ਕਿ ਉਹ ਇਸ ਤੋਂ ਬਾਅਦ ਕਿਸੇ ਪਾਰਟੀ ਵਿੱਚ ਸ਼ਾਮਲ ਨਹੀਂ ਹੋਣ ਜਾ ਰਹੇ ਹਨ। ਅਨਿਲ ਜੋਸ਼ੀ ਨੇ ਕਿਹਾ ਕਿ ਉਹ 2021 ਵਿੱਚ ਅਕਾਲੀ ਦਲ ਦਾ ਹਿੱਸਾ ਉਦੋਂ ਬਣੇ ਸਨ, ਜਦੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਉਨ੍ਹਾਂ ਨੂੰ ਪੰਜਾਬ ਦੇ ਕਿਸਾਨਾਂ ਦੇ ਹਿਤ 'ਚ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਆਵਾਜ਼ ਉਠਾਉਣ ਕਾਰਨ ਪਾਰਟੀ ਵਿੱਚੋਂ 6 ਸਾਲ ਲਈ ਕੱਢ ਦਿੱਤਾ ਸੀ। ਫਿਰ ਉਹ ਸਵਰਗਵਾਸੀ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਭਾਵ ਹੇਠ ਪਾਰਟੀ ਵਿੱਚ ਸ਼ਾਮਲ ਹੋ ਗਏ। ਕਾਫੀ ਸੋਚ ਵਿਚਾਰ ਤੋਂ ਬਾਅਦ ਉਹ ਪਿਛਲੇ ਕੁਝ ਸਮੇਂ ਤੋਂ ਪਾਰਟੀ 'ਚ ਚੱਲ ਰਹੀ ਉਥਲ-ਪੁਥਲ ਕਾਰਨ ਪਾਰਟੀ ਤੋਂ ਅਸਤੀਫਾ ਦੇ ਰਹੇ ਹਨ।