ਖਬਰਿਸਤਾਨ ਨੈੱਟਵਰਕ ਪਟਿਆਲਾ - ਮੁੱਖ ਮੰਤਰੀ ਭਗਵੰਤ ਮਾਨ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਪਟਿਆਲਾ ਤੋਂ ਸਿਹਤਮੰਦ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਮਾਤਾ ਕੁਸ਼ੱਲਿਆ ਜੀ ਹਸਪਤਾਲ ਲੋਕਾਂ ਨੂੰ ਸਮਰਪਿਤ ਕੀਤਾ ਗਿਆ।
ਪੰਜਾਬ ਵਿਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ
ਇਸ ਦੌਰਾਨ ਇਕ ਵੱਡੀ ਰੈਲੀ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਗਾਂਧੀ ਜੈਅੰਤੀ ਵਾਲੇ ਦਿਨ ਪੰਜਾਬ ਵਿਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਚੋਣਾਂ ਸਮੇਂ ਅਸੀਂ ਗਾਰੰਟੀਆਂ ਦਿੱਤੀਆਂ ਸੀ, ਪਿਛਲੇ ਡੇਢ ਸਾਲ ਵਿਚ ਅਸੀਂ ਕਈ ਗਾਰੰਟੀਆਂ ਪੂਰੀਆਂ ਕੀਤੀਆਂ। ਸਾਡੀ ਗਾਰੰਟੀ ਸੀ ਕਿ ਜਨਤਾ ਦੇ ਪੂਰੇ ਇਲਾਜ ਦਾ ਖਰਚਾ ਸਰਕਾਰ ਕਰੇਗੀ। ਛੋਟੀ ਬਿਮਾਰੀ ਹੋਵੇ ਜਾਂ ਵੱਡੀ ਸਰਕਾਰ ਖੁਦ ਇਲਾਜ ਕਰਵਾਏਗੀ। ਇਸ ਗਾਰੰਟੀ ਨੂੰ ਵੀ ਪੂਰਾ ਕਰਨ ਦਾ ਕੰਮ ਅੱਜ ਤੋਂ ਸ਼ੁਰੂ ਹੋ ਗਿਆ ਹੈ।
ਪੰਜਾਬ 'ਚ 664 ਮੁਹੱਲਾ ਕਲੀਨਿਕ
ਪੰਜਾਬ ਵਿਚ 664 ਮੁਹੱਲਾ ਕਲੀਨਿਕ ਬਣਵਾ ਦਿੱਤੇ ਗਏ ਹਨ, ਜਿਨ੍ਹਾਂ ਵਿਚ ਛੋਟੀ ਬਿਮਾਰੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ਮੁਹੱਲਾ ਕਲੀਨਿਕਾਂ ਵਿਚ ਸਾਰੀਆਂ ਦਵਾਈਆਂ ਫ੍ਰੀ ਦਿੱਤੀਆਂ ਜਾ ਰਹੀਆਂ ਹਨ, ਟੈਸਟ ਫ੍ਰੀ ਹਨ। ਹੁਣ ਪੂਰੇ ਪੰਜਾਬ ਵਿਚ ਮੁਹੱਲਾ ਕਲੀਨਿਕ ਬਣਾਉਣ ਦਾ ਕੰਮ ਚੱਲ ਰਿਹਾ ਹੈ।
ਪ੍ਰਾਈਵੇਟ ਹਸਪਤਾਲਾਂ ਵਿਚ ਮਹਿੰਗਾ ਇਲਾਜ ਕਰਵਾਉਣਾ ਪੈਂਦਾ
ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਜ਼ਿਲ੍ਹਾ ਹਸਪਤਾਲਾਂ ਵਿਚ ਆਈ. ਸੀ. ਯੂ. ਨਹੀਂ ਹਨ, ਤਿੰਨ ਚਾਰ ਮੈਡੀਕਲ ਕਾਲਜ ਹਨ ਜਿਨ੍ਹਾਂ ਵਿਚ ਆਈ. ਸੀ. ਯੂ. ਦੀ ਸਹੂਲਤ ਹੈ, ਇਸ ਲਈ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿਚ ਮਹਿੰਗਾ ਇਲਾਜ ਕਰਵਾਉਣਾ ਪੈਂਦਾ ਹੈ ਪਰ ਹੁਣ ਅਜਿਹਾ ਨਹੀਂ ਹੋਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਵੱਡੇ ਹਸਪਤਾਲ ਵਿਚ ਜਿਹੋ ਜਿਹਾ ਇਲਾਜ ਹੁੰਦਾ ਹੈ, ਇਥੇ ਵੀ ਅਜਿਹਾ ਇਲਾਜ ਕੀਤਾ ਜਾਵੇਗਾ।
40 ਸਰਕਾਰੀ ਹਸਪਤਾਲਾਂ 'ਚ ਮਿਲੇਗੀ ICU ਦੀ ਸਹੂਲਤ
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿਚ 40 ਸਰਕਾਰੀ ਹਸਪਤਾਲ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿਚ ਆਈ. ਸੀ. ਯੂ. ਦੀ ਸਹੂਲਤ ਹੋਵੇਗੀ, ਆਪ੍ਰੇਸ਼ਨ ਥੀਏਟਰ ਹੋਣਗੇ। ਇਨ੍ਹਾਂ ਹਸਪਤਾਲਾਂ ਵਿਚ ਵੱਡੇ ਪ੍ਰਾਈਵੇਟ ਹਸਪਤਾਲਾਂ ਵਰਗੀਆਂ ਸਹੂਲਤਾਂ ਮਿਲਣਗੀਆਂ। ਇਥੇ ਸਾਰੀਆਂ ਦਵਾਈਆਂ ਮੁਫਤ ਹੋਣਗੀਆਂ, ਆਪ੍ਰੇਸ਼ਨ ਮੁਫਤ ਹੋਣਗੇ, ਭਾਵੇਂ 50 ਲੱਖ ਰੁਪਏ ਲੱਗ ਜਾਣ ਪਰ ਸਾਰਾ ਇਲਾਜ ਮੁਫਤ ਕੀਤਾ ਜਾਵੇਗਾ। ਇਸ ਲਈ ਭਗਵੰਤ ਮਾਨ ਸਰਕਾਰ ਨੇ 550 ਕਰੋੜ ਰੁਪਏ ਸੈਨਸ਼ਨ ਕੀਤੇ ਹਨ, ਜਿਨ੍ਹਾਂ ਰਾਹੀਂ ਅਤਿ ਆਧੁਨਿਕ ਹਸਪਤਾਲ ਤਿਆਰ ਕੀਤੇ ਜਾਣਗੇ।
13.80 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਹਸਪਤਾਲ
ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਹ ਹਸਪਤਾਲ ਇਤਿਹਾਸਕ ਸ਼ਹਿਰ ਪਟਿਆਲਾ ਅਤੇ ਇਸ ਦੇ ਆਸ-ਪਾਸ ਦੀ ਲਗਪਗ 20 ਲੱਖ ਲੋਕਾਂ ਦੀ ਆਬਾਦੀ ਨੂੰ ਸਿਹਤ ਸਹੂਲਤਾਂ ਦੇਵੇਗਾ। ਇਸ ਹਸਪਤਾਲ ਵਿੱਚ 300 ਬੈੱਡ ਹਨ ਅਤੇ ਹੁਣ ਇਸ ਵੱਕਾਰੀ ਸਿਹਤ ਸੰਸਥਾ ਵਿੱਚ 66 ਬੈੱਡਾਂ ਦਾ ਵਾਧਾ ਕੀਤਾ ਜਾ ਰਿਹਾ ਹੈ। ਹਸਪਤਾਲ ਨੂੰ 13.80 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਗਿਆ ਹੈ ਅਤੇ ਆਈ ਸੀ ਯੂ, ਐਨ ਆਈ ਸੀ ਯੂ ਅਤੇ ਹੋਰ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ।
ਸਾਰੇ ਹਸਪਤਾਲਾਂ ਵਿਚ ਐਮਰਜੈਂਸੀ ਸੇਵਾਵਾਂ
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਸਿਹਤ ਸੰਭਾਲ ਦੇ ਖੇਤਰ ਵਿੱਚ ਇੱਕ ਨਵੀਂ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਐਲਾਨ ਕੀਤਾ ਕਿ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਇੱਕ ਸਾਲ ਦੇ ਅੰਦਰ ਰਾਜ ਭਰ ਦੇ ਸਾਰੇ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਚਾਲੂ ਕਰ ਦਿੱਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੂਰ-ਦੁਰਾਡੇ ਅਤੇ ਪੇਂਡੂ ਖੇਤਰਾਂ ਦੇ ਗੰਭੀਰ ਮਰੀਜ਼ਾਂ ਲਈ ਅਤਿ ਉੱਨਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਇਲੈਕਟ੍ਰਾਨਿਕ ਇੰਟੈਂਸਿਵ ਕੇਅਰ ਯੂਨਿਟ (ਈ ਆਈ ਸੀ ਯੂ) ਸਿਸਟਮ ਸ਼ੁਰੂ ਕਰਨ ਜਾ ਰਹੀ ਹੈ।