ਖਬਰਿਸਤਾਨ ਨੈੱਟਵਰਕ- ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ, ਜਦੋਂ ਉਨ੍ਹਾਂ ਨੇ ਵਿਦੇਸ਼ੀ ਹਥਿਆਰਾਂ ਸਣੇ 4 ਮੁਲਜ਼ਮਾਂ ਨੂੰ ਕਾਬੂ ਕਰ ਲਿਆ।ਪੁਲਸ ਨੇ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਵੱਡੀ ਕਾਰਵਾਈ ਕੀਤੀ ਤੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਰੋਕਿਆ।
4 ਮੁਲਜ਼ਮ ਇਨ੍ਹਾਂ ਹਥਿਆਰਾਂ ਸਣੇ ਕਾਬੂ
ਜਾਣਕਾਰੀ ਅਨੁਸਾਰ ਪੁਲਸ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 7 ਪਿਸਤੌਲ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਵਿੱਚ ਇਟਲੀ ਵਿੱਚ ਬਣੇ PX5 9mm, ਆਸਟਰੀਆ ਵਿੱਚ ਬਣੇ Glock 9mm ਅਤੇ .30 ਬੋਰ ਵਰਗੇ ਖਤਰਨਾਕ ਹਥਿਆਰ ਸ਼ਾਮਲ ਹਨ।
ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੱਤੀ
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਟਵੀਟ ਕਰ ਕੇ ਦੱਸਿਆ ਕਿ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਮੁਲਜ਼ਮ ਪਾਕਿਸਤਾਨ ਵਿੱਚ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਭਾਰਤ-ਪਾਕਿ ਸਰਹੱਦ ਦੇ ਨੇੜੇ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਰਹੇ ਸਨ। ਇਹ ਤਸਕਰ ਸਰਹੱਦੀ ਪਿੰਡਾਂ ਤੋਂ ਕੰਮ ਕਰਦੇ ਹੋਏ ਪੰਜਾਬ ਵਿੱਚ ਸਰਗਰਮ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਦੇ ਸਨ।