ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਬੰਧੀ ਵੱਡੀ ਖਬਰ ਆਈ ਹੈ। ਰਿਪੋਰਟ ਮੁਤਾਬਕ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਜਾਣਕਾਰੀ ਅਨੁਸਾਰ ਵਿਰਸਾ ਸਿੰਘ ਵਲਟੋਹਾ ਵਲੋਂ ਕੀਤੀ ਗਈ ਬਿਆਨਬਾਜ਼ੀ ਨੂੰ ਅਸਤੀਫੇ ਦਾ ਕਾਰਨ ਦੱਸਿਆ ਜਾ ਰਿਹਾ ਹੈ।
ਉਨ੍ਹਾਂ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵੱਜੋਂ ਅਸਤੀਫਾ ਦੇ ਦਿੱਤਾ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਵਿਰਸਾ ਸਿੰਘ ਵਲਟੋਹਾ ਦਾ ਮੁੱਢਲੀ ਮੈਂਬਰਸ਼ਿਪ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਮਨਜ਼ੂਰ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਪਾਰਟੀ ਆਗੂ ਦਲਜੀਤ ਸਿੰਘ ਚੀਮਾ ਨੇ ਐਕਸ ਉਤੇ ਸਾਂਝੀ ਕੀਤੀ ਹੈ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ 13 ਅਕਤੂਬਰ ਨੂੰ ਲਿਖਤੀ ਰੂਪ ਵਿੱਚ ਵਿਰਸਾ ਸਿੰਘ ਵਲਟੋਹਾ ਨੂੰ 15 ਅਕਤੂਬਰ ਨੂੰ 9 ਵਜੇ ਪੇਸ਼ ਹੋਣ ਦਾ ਹੁਕਮ ਦਿੱਤਾ ਸੀ, ਜਿਸ ਵਿੱਚ ਇਹ ਵੀ ਕਿਹਾ ਗਿਆ ਸੀ ਕਿ ਜੇਕਰ ਉਹ ਉਸ ਸਮੇਂ ਤੱਕ ਪੇਸ਼ ਨਹੀਂ ਹੋਏ ਤਾਂ ਇਹ ਮੰਨਿਆ ਜਾਵੇਗਾ ਕਿ ਵਿਰਸਾ ਸਿੰਘ ਵਲਟੋਹਾ ਨੇ ਜਥੇਦਾਰਾਂ 'ਤੇ ਦਬਾਅ ਬਣਾਉਣ ਲਈ ਉਨ੍ਹਾਂ ਦੇ ਕਿਰਦਾਰ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਸੀ।
ਸ਼੍ਰੀ ਅਕਾਲ ਤਖਤ ਸਾਹਿਬ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਹੁਕਮ ਕੀਤਾ ਸੀ ਕਿ ਵਲਟੋਹਾ ਨੂੰ 10 ਸਾਲ ਲਈ ਪਾਰਟੀ 'ਚੋਂ ਕੱਢ ਦੇਣਾ ਚਾਹੀਦਾ ਹੈ ਕਿਉਂਕਿ ਉਸ ਨੇ ਜਥੇਦਾਰਾਂ ਦਾ ਅਪਮਾਨ ਕੀਤਾ ਹੈ। ਵਲਟੋਹਾ ਨੇ ਭਰੋਸੇ ਦੀ ਉਲੰਘਣਾ ਕੀਤੀ ਹੈ, ਜਿਸ ਕਾਰਨ ਜਥੇਦਾਰ ਸਾਹਿਬਾਨਾਂ ਵੱਲੋਂ ਸੁਣਾਏ ਗਏ ਫੈਸਲੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਇਹ ਅਸਤੀਫਾ ਮਨਜ਼ੂਰ ਕੀਤਾ ਹੈ।
ਇਸ ਸਬੰਧੀ ਉਹ ਸਬੂਤਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਸਨ, ਜਿੱਥੇ ਉਹ ਕੋਈ ਠੋਸ ਸਬੂਤ ਪੇਸ਼ ਨਹੀਂ ਕਰ ਸਕੇ। ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਹ ਫੈਸਲਾ ਲਿਆ ਸੀ।
ਦਰਅਸਲ, 2 ਦਿਨ ਪਹਿਲਾਂ ਵਿਰਸਾ ਸਿੰਘ ਵਲਟੋਹਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ 'ਤੇ ਵੱਡਾ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਆਰਐਸਐਸ ਅਤੇ ਭਾਜਪਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ’ਤੇ ਦਬਾਅ ਪਾ ਰਹੀਆਂ ਹਨ। ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਲਈ ਇਹ ਦਬਾਅ ਬਣਾਇਆ ਜਾ ਰਿਹਾ ਹੈ ਤਾਂ ਜੋ ਪਾਰਟੀ ਨੂੰ ਆਗੂ ਰਹਿਤ ਬਣਾਇਆ ਜਾ ਸਕੇ।