ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ 10 ਜੂਨ ਦਿਨ ਸੋਮਵਾਰ ਨੂੰ ਪੰਜਾਬ ਵਿੱਚ ਜਨਤਕ ਛੁੱਟੀ ਰਹੇਗੀ। ਸੂਬੇ ਭਰ ਦੀਆਂ ਸਰਕਾਰੀ ਅਦਾਰਿਆਂ ਵਿੱਚ ਇਸ ਦਿਨ ਛੁੱਟੀ ਰਹੇਗੀ। ਦਰਅਸਲ 10 ਜੂਨ ਨੂੰ ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ। ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਇਸ ਦਿਨ ਨੂੰ ਛੁੱਟੀ ਦੀ ਘੋਸ਼ਣਾ ਕੀਤਾੀ ਹੈ। ਦੱਸ ਦੇਈਏ ਕਿ ਕਹਿਰ ਦੀ ਗਰਮੀ ਕਾਰਨ ਪੰਜਾਬ ਭਰ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਪਹਿਲਾਂ ਹੀ ਛੁੱਟੀਆਂ ਹੋ ਚੁੱਕੀਆਂ ਹਨ |
ਜਾਣੋ ਸ਼੍ਰੀ ਗੁਰੂ ਅਰਜਨ ਦੇਵ ਜੀ ਬਾਰੇ
ਸ਼੍ਰੀ ਗੁਰੂ ਅਰਜਨ ਦੇਵ ਜੀ ਇੱਕ ਐਸੀ ਸ਼ਖਸੀਅਤ ਹਨ, ਜਿਨ੍ਹਾਂ ਦੇ ਨਾਲ ਪਹਿਲੀ ਵਾਰ ਸ਼ਹੀਦ ਸ਼ਬਦ ਲੱਗਾ ਹੈ। ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਚੌਥੀ ਪਾਤਸ਼ਾਹੀ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਘਰ ਤੀਜੀ ਪਾਤਸ਼ਾਹੀ ਸ਼੍ਰੀ ਗੁਰੂ ਅਮਰਦਾਸ ਜੀ ਦੀ ਸਪੁੱਤਰੀ ਬੀਬੀ ਭਾਨੀ ਜੀ ਦੀ ਕੁੱਖੋਂ ਗੋਇੰਦਵਾਲ ਸਾਹਿਬ ਵਿਖੇ 1563 ਈਸਵੀ ਨੂੰ ਹੋਇਆ।
ਸ਼੍ਰੀ ਹਰਿਮੰਦਰ ਸਾਹਿਬ ਜੀ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਮਹਾਨ ਦੇਣ ਹੈ।ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਥਾਪਨਾ ਦੇ ਨਾਲ-ਨਾਲ ਕਈ ਬਾਣੀਆਂ ਦੀ ਰਚਨਾ ਵੀ ਕੀਤੀ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਧ ਬਾਣੀ ਦਰਜ ਹੈ। ਆਪ ਜੀ ਦੇ ਕੁੱਲ 2312 ਸ਼ਬਦ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹਨ। ਗੁਰੂ ਸਾਹਿਬ ਜੀ ਦੀਆਂ ਪ੍ਰਮੁੱਖ ਰਚਨਾਵਾਂ ਵਿੱਚ ਸੁਖਮਨੀ ਸਾਹਿਬ, ਬਾਰਹਮਾਂਹ, ਬਾਵਨ ਅੱਖਰੀ, ਵਾਰਾਂ ਆਦਿ ਸ਼ਾਮਿਲ ਹਨ। ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਬਾਣੀ 30 ਰਾਗਾਂ ਵਿੱਚ ਦਰਜ ਹੈ।ਸਿੱਖਾਂ ਦੇ ਪੰਜਵੇਂ ਗੁਰੂ, ਗੁਰੂ ਅਰਜਨ ਦੇਵ ਜੀ 16 ਜੂਨ 1606 ਨੂੰ ਸ਼ਹੀਦ ਹੋਏ ਸਨ|