ਪੈ ਰਹੀ ਅੱਤ ਦੀ ਗਰਮੀ ਕਾਰਣ ਆਮ ਲੋਕ ਹਾਲੋਂ-ਬੇਹਾਲ ਹੋ ਰਹੇ ਹਨ। ਇਸ ਦੌਰਾਨ ਉਨ੍ਹਾਂ ਦਾ ਘਰੋਂ ਬਾਹਰ ਨਿਕਲਣਾ ਵੀ ਔਖਾ ਹੋ ਗਿਆ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ 18 ਮਈ ਤੱਕ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਹੈ, ਜਦਕਿ ਸੋਮਵਾਰ ਨੂੰ ਵੀ ਫਾਜ਼ਿਲਕਾ, ਅਬੋਹਰ, ਫਰੀਦਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਤੋਂ ਉਪਰ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਹੈ ਕਿ ਅਗਲੇ 4-5 ਦਿਨਾਂ ਤੱਕ ਮੌਸਮ ਖੁਸ਼ਕ ਰਹਿ ਸਕਦਾ ਹੈ।
ਪਾਰਾ 4 ਡਿਗਰੀ ਤੱਕ ਵੱਧ ਸਕਦਾ
ਇਸ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 4 ਡਿਗਰੀ ਦੇ ਕਰੀਬ ਵਾਧਾ ਹੋਣ ਦੀ ਸੰਭਾਵਨਾ ਹੈ। 16 ਤੋਂ 18 ਮਈ ਦਰਮਿਆਨ ਦੱਖਣੀ ਹਰਿਆਣਾ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਤਾਪਮਾਨ 44-46 ਡਿਗਰੀ ਤੱਕ ਪਹੁੰਚ ਸਕਦਾ ਹੈ।
ਪੰਜਾਬ 'ਚ 2 ਦਿਨਾਂ ਲਈ ਹੀਟ ਵੇਵ ਦਾ ਅਲਰਟ
ਚੰਡੀਗੜ੍ਹ ਸਮੇਤ ਹਰਿਆਣਾ ਅਤੇ ਪੰਜਾਬ ਦੇ ਉੱਤਰੀ ਹਿੱਸਿਆਂ ਵਿੱਚ ਤਾਪਮਾਨ 41-44 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਇਸ ਕਾਰਨ 16 ਤੋਂ 18 ਮਈ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੀਟ ਵੇਵ ਹੋ ਸਕਦੀ ਹੈ। ਵਿਭਾਗ ਨੇ ਇੱਕ ਐਡਵਾਈਜ਼ਰੀ ਜਾਰੀ ਕਰ ਕੇ ਲੋਕਾਂ ਨੂੰ ਤੇਜ਼ ਧੁੱਪ ਤੋਂ ਬਚਣ ਲਈ ਕਿਹਾ ਹੈ। ਪਾਣੀ ਦੀ ਲੋੜੀਂਦੀ ਮਾਤਰਾ ਪੀਓ। ਇਸ ਦੇ ਨਾਲ ਹੀ ਹਲਕੇ ਰੰਗ ਦੇ ਢਿੱਲੇ ਕੱਪੜੇ ਪਾਓ ਅਤੇ ਆਪਣੇ ਸਿਰ ਨੂੰ ਕੱਪੜੇ, ਟੋਪੀ ਅਤੇ ਛੱਤਰੀ ਨਾਲ ਢਕੋ।
ਸਭ ਤੋਂ ਵੱਧ ਗਰਮੀ ਲੁਧਿਆਣਾ ਸਮੇਤ ਮਾਲਵੇ ਦੇ ਜ਼ਿਲ੍ਹਿਆਂ ਵਿੱਚ ਹੋਵੇਗੀ ਕਿਉਂਕਿ ਸੋਮਵਾਰ ਨੂੰ ਵੀ ਮਾਲਵੇ ਦੇ ਜ਼ਿਲ੍ਹਿਆਂ ਵਿੱਚ ਗਰਮੀ ਦਾ ਅਸਰ ਜ਼ਿਆਦਾ ਦੇਖਣ ਨੂੰ ਮਿਲਿਆ।