ਖਬਰਿਸਤਾਨ ਨੈੱਟਵਰਕ- ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਪਾਣੀ ਵਿਵਾਦ ਨੂੰ ਲੈ ਕੇ ਅੱਜ ਹਾਈਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਗਈ ਸਮੀਖਿਆ ਪਟੀਸ਼ਨ 'ਤੇ ਹਾਈ ਕੋਰਟ ਨੇ ਕੇਂਦਰ ਸਰਕਾਰ, ਹਰਿਆਣਾ ਅਤੇ BBMB ਨੂੰ ਨੋਟਿਸ ਜਾਰੀ ਕੀਤਾ।
ਹਾਈ ਕੋਰਟ ਨੇ ਸੁਣਵਾਈ ਦੌਰਾਨ ਕਿਹਾ ਕਿ ਹਰਿਆਣਾ ਨੂੰ ਵਾਧੂ ਪਾਣੀ ਦੀ ਲੋੜ ਕਿਉਂ ਹੈ? ਇਸ ਬਾਰੇ ਬੀਬੀਐਮਬੀ ਅਤੇ ਹਰਿਆਣਾ ਦੋਵਾਂ ਨੂੰ ਸਪੱਸ਼ਟੀਕਰਨ ਦੇਣਾ ਹੋਵੇਗਾ। ਦੱਸ ਦੇਈਏ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ 20 ਮਈ ਨੂੰ ਹੋਵੇਗੀ।
ਇਸ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਕਿਸੇ ਨੂੰ ਵੀ ਪੰਜਾਬ ਦਾ ਹੱਕ ਖੋਹਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਪਾਣੀ ਦੀ ਲੜਾਈ ਹਰ ਪਹਿਲੂ 'ਤੇ ਲੜੀ ਜਾਵੇਗੀ। ਪਾਰਟੀ ਦਾ ਕਹਿਣਾ ਹੈ ਕਿ ਹਾਈ ਕੋਰਟ ਦਾ ਇਹ ਫੈਸਲਾ ਪੰਜਾਬ ਦੇ ਪਾਣੀਆਂ ਦੇ ਹੱਕਾਂ ਲਈ ਇੱਕ ਨਵਾਂ ਮੋੜ ਸਾਬਤ ਹੋਵੇਗਾ।
ਜ਼ਿਕਰਯੋਗ ਹੈ ਕਿ ਬੀਬੀਐਮਬੀ ਵੱਲੋਂ ਪੰਜਾਬ ਸਰਕਾਰ ਦੀ ਪ੍ਰਵਾਨਗੀ ਤੋਂ ਬਿਨਾਂ ਰਾਤੋ-ਰਾਤ ਹਰਿਆਣਾ ਨੂੰ ਪਾਣੀ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਮੁੱਦੇ 'ਤੇ ਅਦਾਲਤ ਵਿੱਚ ਸਮੀਖਿਆ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਅੱਜ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਹਰਿਆਣਾ ਸਰਕਾਰ ਤੋਂ ਜਵਾਬ ਮੰਗਿਆ ਹੈ।