ਕਪੂਰਥਲਾ ਦੇ ਫਗਵਾੜਾ ਕਸਬਾ 'ਚ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ ਮਹਲੀਗੇਟ ਵਿਖੇ 10 ਗਊਆਂ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ। ਜਦੋਂ ਕਿ ਗਊਸ਼ਾਲਾ ਵਿੱਚ ਮੌਜੂਦ ਕਈ ਹੋਰ ਗਾਵਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਹਿੰਦੂ ਸੰਗਠਨ ਦੇ ਆਗੂ ਅਤੇ ਪੁਲਸ ਮੌਕੇ 'ਤੇ ਪਹੁੰਚ ਗਈ। ਫਿਲਹਾਲ ਪੁਲਸ ਟੀਮ ਸੀਸੀਟੀਵੀ ਦੀ ਜਾਂਚ ਕਰ ਰਹੀ ਹੈ ਅਤੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਇਸ ਗੱਲ ਦਾ ਖਦਸ਼ਾ ਹੈ ਕਿ ਗਊਆਂ ਨੂੰ ਜ਼ਹਿਰ ਦੇ ਕੇ ਮਾਰਿਆ ਗਿਆ ਹੈ।
ਹਿੰਦੂ ਜਥੇਬੰਦੀਆਂ ਵੱਲੋਂ ਸ਼ਹਿਰ ਬੰਦ ਕਰਨ ਦਾ ਸੱਦਾ
ਇਸ ਨੂੰ ਲੈ ਕੇ ਫਗਵਾੜਾ ਵਾਸੀਆਂ ਵਿੱਚ ਭਾਰੀ ਰੋਸ ਹੈ। ਇਸ ਕਾਰਨ ਹਿੰਦੂ ਜਥੇਬੰਦੀਆਂ ਨੇ ਅੱਜ ਫਗਵਾੜਾ ਸ਼ਹਿਰ ਵਿੱਚ ਦੁਕਾਨਾਂ ਬੰਦ ਰੱਖਣ ਦਾ ਸੱਦਾ ਦਿੱਤਾ ਹੈ। ਉਥੇ ਮੌਜੂਦ ਹੋਰ ਲੋਕਾਂ ਨੇ ਵੀ ਇਸ ਕਾਲ ਲਈ ਹਾਮੀ ਭਰੀ ਹੈ। ਇਸ ਘਟਨਾ ਤੋਂ ਬਾਅਦ ਫਗਵਾੜਾ ਵਾਸੀਆਂ ਦੇ ਨਾਲ-ਨਾਲ ਸਮੂਹ ਹਿੰਦੂ ਜਥੇਬੰਦੀਆਂ ਵੱਲੋਂ ਵੀ ਰੋਸ ਪ੍ਰਗਟਾਇਆ ਜਾ ਰਿਹਾ ਹੈ। ਹਿੰਦੂ ਸੰਗਠਨ ਦੇ ਨੇਤਾ ਦੀਪਕ ਭਾਰਦਵਾਜ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਇਸ ਘਿਨਾਉਣੀ ਹਰਕਤ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਕਾਬੂ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੁਕਾਨਾਂ ਬੰਦ ਰੱਖਣ ਦਾ ਐਲਾਨ ਵੀ ਕੀਤਾ ਹੈ।
ਘਟਨਾ ਦਾ ਪਤਾ ਲੱਗਦਿਆਂ ਹੀ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਮੰਤਰੀ ਸੋਮ ਪ੍ਰਕਾਸ਼ ਮੌਕੇ 'ਤੇ ਪੁੱਜੇ ਅਤੇ ਘਟਨਾ ਦੀ ਜਾਂਚ ਕਰ ਕੇ ਸਖ਼ਤ ਕਾਰਵਾਈ ਕਰਨ ਲਈ ਕਿਹਾ | ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਇਸ ਤੋਂ ਵੱਧ ਦਰਦਨਾਕ ਕੀ ਹੋ ਸਕਦਾ ਹੈ। ਗਊਸ਼ਾਲਾ 'ਚ ਜ਼ਹਿਰ ਕਾਰਨ 10 ਦੇ ਕਰੀਬ ਗਾਵਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਈ ਗਾਵਾਂ ਵੀ ਇਸ ਨਾਲ ਪੀੜਤ ਹਨ। ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ
4-5 ਗਾਵਾਂ ਨੂੰ ਬਚਾਇਆ ਗਿਆ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਪਸ਼ੂਆਂ ਦੇ ਡਾਕਟਰਾਂ ਦੀਆਂ ਹੋਰ ਟੀਮਾਂ ਭੇਜਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮ੍ਰਿਤਕ ਗਊਆਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ, ਪੁਲਸ ਵੀ ਜਾਂਚ ਕਰ ਰਹੀ ਹੈ। ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਸ ਘਟਨਾ ਦੀ ਨਿਖੇਧੀ ਕਰਦਿਆਂ ਇਸ ਨੂੰ ਬਹੁਤ ਹੀ ਘਿਨਾਉਣੀ ਕਾਰਵਾਈ ਦੱਸਿਆ।