ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਦੀ ਸ਼ੁਰੂਆਤ 23 ਮਾਰਚ ਤੋਂ ਹੋਈ ਸੀ ਤੇ ਅੱਜ ਹੋਲੇ ਮਹੱਲੇ ਦਾ 26 ਮਾਰਚ ਆਖ਼ਰੀ ਦਿਨ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਭੋਗ ਪਾਏ ਜਾਣਗੇ, ਇਸ ਤੋਂ ਬਾਅਦ ਨਿਹੰਗ ਸਿੰਘਾਂ ਵਲੋਂ ਅੱਜ ਮਹੱਲਾ ਵੀ ਕੱਢਿਆ ਜਾਵੇਗਾ। ਹੋਲੇ ਮਹੱਲੇ ਮੌਕ ਵੱਡੀ ਗਿਣਤੀ ਵਿੱਚ ਸੰਗਤ ਗੁਰੂਘਰਾਂ ਵਿਚ ਨਤਮਸਤਕ ਹੋ ਰਹੀ ਹੈ।
ਹੋਲੇ ਮਹੱਲੇ ਦਾ ਇਤਿਹਾਸ
ਹੋਲਾ ਇੱਕ ਅਰਬੀ ਸ਼ਬਦ ਹੈ 'ਜੋ ਹੁਲ ਤੋਂ ਲਿਆ ਗਿਆ ਹੈ, ਜਿਸ ਦਾ ਅਰਥ ਹੈ 'ਚੰਗੇ ਕੰਮਾਂ ਲਈ ਲੜਨਾ' ਅਤੇ ਮਹੱਲਾ ਦਾ ਅਰਥ ਹੈ 'ਜਿੱਤ ਤੋਂ ਬਾਅਦ ਵਸਣ ਦੀ ਥਾਂ।' ਹੋਲਾ ਮਹੱਲਾ ਦੀ ਸ਼ੁਰੂਆਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1700 ਵਿੱਚ ਹੋਲਗੜ੍ਹ ਕਿਲ੍ਹੇ ਤੋਂ ਕੀਤੀ ਸੀ।
ਭਾਈ ਕਾਨ੍ਹ ਸਿੰਘ ਨਾਭਾ ਅਨੁਸਾਰ ਯੁੱਧ ਵਿਦਿਆ ਦੇ ਅਭਿਆਸ ਨੂੰ ਨਿੱਤ ਨਵਾਂ ਰੱਖਣ ਵਾਸਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਲਾਈ ਰੀਤੀ ਅਨੁਸਾਰ ਚੇਤ ਵਦੀ 1 ਨੂੰ ਸਿੱਖਾਂ ਵਿਚ ਹੋਲਾ ਮਹੱਲਾ ਹੁੰਦਾ ਹੈ ਜਿਸ ਦਾ ਹੋਲੀ ਦੀ ਰਸਮ ਨਾਲ ਕੋਈ ਸਬੰਧ ਨਹੀਂ। ਮਹੱਲਾ ਇਕ ਪ੍ਰਕਾਰ ਦੀ ਮਨਸੂਈ ਲੜਾਈ ਹੈ। ਪੈਦਲ, ਘੋੜਸਵਾਰ ਤੇ ਸ਼ਸਤਰਧਾਰੀ ਸਿੰਘ ਦੋ ਪਾਸਿਆਂ ਤੋਂ ਇਕ ਖਾਸ ਹਮਲੇ ਦੀ ਥਾਂ ਹਮਲਾ ਕਰਦੇ ਹਨ। ਕਲਗੀਧਰ ਆਪ ਇਸ ਬਣਾਉਟੀ ਲੜਾਈ ਨੂੰ ਵੇਖਦੇ ਤੇ ਦੋਨਾਂ ਜੱਥਿਆਂ ਨੂੰ ਲੋੜੀਂਦੀ, ਸਿੱਖਿਆ ਪ੍ਰਦਾਨ ਕਰਦੇ। ਜਿਹੜਾ ਜਥਾ ਜੇਤੂ ਹੁੰਦਾ ਉਸ ਨੂੰ ਸਿਰੋਪਾਓ ਬਖਸ਼ਿਸ਼ ਕਰਦੇ। ਭਾਈ ਵੀਰ ਸਿੰਘ ਅਨੁਸਾਰ- ਮਹੱਲਾ ਸ਼ਬਦ ਤੋਂ ਭਾਵ ‘ਮਯ ਹੱਲਾ’ ਭਾਵ ਬਨਾਉਟੀ ਹਮਲਾ ਹੈ।
ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਖਾਲਸੇ ਨੂੰ ਯੁੱਧ-ਵਿੱਦਿਆ ਵਿਚ ਪ੍ਰਬੀਨ ਬਣਾਉਣਾ ਚਾਹੁੰਦੇ ਸਨ, ਇਸ ਲਈ ਉਨ੍ਹਾਂ ਨੇ ਹੋਲਾ ਮਹੱਲਾ ਦੀ ਖ਼ਾਲਸਈ ਰਵਾਇਤ ਆਰੰਭ ਕੀਤੀ। ਇਤਿਹਾਸ ਗਵਾਹ ਹੈ ਕਿ ਪਾਤਸ਼ਾਹ ਜੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ’ਤੇ ਹੋਲਾ-ਮਹੱਲਾ ਦੇ ਰੂਪ ਵਿਚ ਮਨਾਏ ਜਾਂਦੇ ਜੰਗਜੂ ਤਿਉਹਾਰ ਸਮੇਂ ਸਿੰਘਾਂ ਦੀਆਂ ਆਪਸ ਵਿਚ ਲੜੀਆਂ ਜਾਂਦੀਆਂ ਅਭਿਆਸ ਰੂਪੀ ਮਸਨੂਈ ਲੜਾਈਆਂ ਨੇ ਭਾਰਤੀ ਲੋਕਾਂ ਦੇ ਮਨੋ-ਬਲ ਨੂੰ ਉੱਚਾ ਕੀਤਾ। ਲੋਕ ਕਾਇਰਤਾ ਭਰੇ ਮਾਹੌਲ ’ਚੋਂ ਨਿਕਲ ਕੇ ਇਸ ਉਤਸਵ ਵਿਚ ਬੜੇ ਜੋਸ਼ ਤੇ ਸਜ-ਧਜ ਨਾਲ ਸ਼ਾਮਲ ਹੋਣ ਲੱਗੇ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਹੋਲਾ ਮਹੱਲਾ ਮਨਾਉਣ ਦੀ ਚਲਾਈ ਪ੍ਰੰਪਰਾ ਸਿੱਖਾਂ ਅੰਦਰ ਸ਼ਕਤੀ ਤੇ ਅਣਖ ਨੂੰ ਪ੍ਰਗਟ ਕਰਨ ਦਾ ਅਨੋਖਾ ਢੰਗ ਸੀ। ਇਹ ਖ਼ਾਲਸਾ ਪੰਥ ਲਈ ਸਵੈਮਾਨ, ਖਾਲਸੇ ਦੇ ਬੋਲ-ਬਾਲੇ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਹੈ। ਇਸ ਨਾਲ ਸਿੱਖਾਂ ਅੰਦਰ ਜ਼ਬਰ ਜ਼ੁਲਮ ਵਿਰੁੱਧ ਜੂਝਣ ਲਈ ਨਵਾਂ ਉਤਸ਼ਾਹ ਪੈਦਾ ਹੁੰਦਾ ਹੈ। ਸਿੱਖ ਕੌਮ ਦੀ ਨਿਆਰੀ ਹੋਂਦ ਨੂੰ ਦਰਸਾਉਂਦੇ ਇਸ ਕੌਮੀ ਤਿਉਹਾਰ ਮੌਕੇ ਹਰ ਸਾਲ ਲੱਖਾਂ ਸੰਗਤਾਂ ਪਾਵਨ ਧਰਤੀ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਪਾਉਂਟਾ ਸਾਹਿਬ ਤੇ ਸ੍ਰੀ ਹਜ਼ੂਰ ਸਾਹਿਬ ਵਿਖੇ ਪੁੱਜਦੀਆਂ ਹਨ। ਇਸ ਮੌਕੇ ਜਿਥੇ ਧਾਰਮਿਕ ਦੀਵਾਨ ਸਜਦੇ ਹਨ ਉਥੇ ਨਿਹੰਗ ਸਿੰਘਾਂ ਦੇ ਜੰਗਜੂ ਕਰਤਬ ਸੰਗਤਾਂ ਦੀ ਖਿੱਚ ਦਾ ਕੇਂਦਰ ਹੁੰਦੇ ਹਨ। ਖ਼ਾਲਸੇ ਦਾ ਹੋਲਾ ਮਹੱਲਾ ਸ਼ਕਤੀ ਨੂੰ ਪ੍ਰਗਟ ਕਰਨ ਅਤੇ ਅਣਖ ਦੇ ਅਨੁਭਵ ਦਾ ਅਨੋਖਾ ਢੰਗ ਹੈ। ਇਹ ਖ਼ਾਲਸਾ ਪੰਥ ਲਈ ਸਵੈਮਾਨ, ਖਾਲਸੇ ਦੇ ਬੋਲ-ਬਾਲੇ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਹੈ।