ਪੰਜਾਬ ਵਿੱਚ ਭਲਕੇ ਯਾਨੀ 20 ਨਵੰਬਰ 4 ਸੀਟਾਂ ਉਤੇ ਜ਼ਿਮਨੀ ਚੋਣਾਂ ਲਈ ਵੋਟਾਂ ਪੈਣੀਆਂ ਹਨ। ਇਸ ਦੇ ਨਾਲ ਹੀ 4 ਵਿਧਾਨ ਸਭਾ ਹਲਕਿਆਂ ਬਰਨਾਲਾ, ਹੁਸ਼ਿਆਰਪੁਰ, ਗਿੱਦੜਬਾਹਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਦੱਸ ਦੇਈਏ ਕਿ ਇਨ੍ਹਾਂ ਚਾਰ ਜ਼ਿਲ੍ਹਿਆਂ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ ਅਤੇ ਸਕੂਲਾਂ-ਕਾਲਜਾਂ ਵਿੱਚ ਸਥਾਨਕ ਛੁੱਟੀ ਰਹੇਗੀ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਹਲਕਿਆਂ ਲਈ ਵਰਤੀ ਗਈ ਵੋਟਰ ਸੂਚੀ ਵਿੱਚ ਵੋਟਰ ਹੈ ਅਤੇ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ਵਿੱਚ ਕਿਸੇ ਸਰਕਾਰੀ ਦਫ਼ਤਰ ਜਾਂ ਸਕੂਲ-ਕਾਲਜ ਵਿੱਚ ਕੰਮ ਕਰ ਰਿਹਾ ਹੈ ਤਾਂ ਉਹ ਆਪਣਾ ਵੋਟਰ ਕਾਰਡ ਦਿਖਾ ਕੇ ਛੁੱਟੀ ਲੈ ਸਕਦਾ ਹੈ ਤੇ ਵੋਟ ਪਾ ਸਕਦਾ ਹੈ।
ਇਹ ਸੀਟਾਂ ਲੋਕ ਸਭਾ ਚੋਣਾਂ ਕਾਰਨ ਖਾਲੀ ਹੋਈਆਂ ਸਨ
2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਖਾਲੀ ਹੋਈਆਂ ਸਨ। ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਬਰਨਾਲਾ ਸੀਟ ਖਾਲੀ ਹੋ ਗਈ। ਇਸ ਦੇ ਨਾਲ ਹੀ ਹੁਸ਼ਿਆਰਪੁਰ ਦੀ ਚੱਬੇਵਾਲ ਸੀਟ ਡਾ: ਰਾਜ ਕੁਮਾਰ ਚੱਬੇਵਾਲ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਖਾਲੀ ਹੋਈ।
ਗਿੱਦੜਬਾਹਾ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਡੇਰਾ ਬਾਬਾ ਨਾਨਕ ਸੀਟ ਤੋਂ ਕਾਂਗਰਸ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਲੋਕ ਸਭਾ ਚੋਣਾਂ ਜਿੱਤ ਗਏ। ਇਨ੍ਹਾਂ ਚਾਰਾਂ ਸੀਟਾਂ 'ਤੇ ਚੋਣਾਂ ਹੋਣੀਆਂ ਹਨ ਅਤੇ ਨਤੀਜੇ 23 ਨਵੰਬਰ ਨੂੰ ਆਉਣੇ ਹਨ।