ਪੰਜਾਬ 'ਚ ਗ੍ਰਾਮ ਪੰਚਾਇਤ ਚੋਣਾਂ ਦੀ ਤਿਆਰੀ ਦੌਰਾਨ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਕੋਈ ਛੁੱਟੀ ਜਾਂ ਸਟੇਸ਼ਨ ਛੁੱਟੀ ਨਹੀਂ ਦਿੱਤੀ ਜਾਵੇਗੀ। ਇਹ ਫੈਸਲਾ ਚੋਣਾਂ 2024 ਦੇ ਮੱਦੇਨਜ਼ਰ ਲਿਆ ਗਿਆ ਹੈ। ਜਿਸ ਕਾਰਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਨੇ ਸਮੂਹ ਸਕੂਲ ਮੁਖੀਆਂ ਨੂੰ ਹਦਾਇਤਾਂ ਜਾਰੀ ਕਰਕੇ ਸਪੱਸ਼ਟ ਹਦਾਇਤਾਂ ਦਿੱਤੀਆਂ ਹਨ |
ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਕਹੀ ਇਹ ਗੱਲ
ਇਹ ਹਦਾਇਤਾਂ ਵਧੀਕ ਡਿਪਟੀ ਕਮਿਸ਼ਨਰ, ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਦੇ ਹੁਕਮਾਂ ਤਹਿਤ ਜਾਰੀ ਕੀਤੀਆਂ ਗਈਆਂ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਜਿਹੜੇ ਅਧਿਕਾਰੀ ਜਾਂ ਕਰਮਚਾਰੀ ਪਹਿਲਾਂ ਹੀ ਛੁੱਟੀ ਲੈ ਚੁੱਕੇ ਹਨ, ਉਨ੍ਹਾਂ ਦੀਆਂ ਛੁੱਟੀਆਂ ਤੁਰੰਤ ਪ੍ਰਭਾਵ ਨਾਲ ਰੱਦ ਕੀਤੀਆਂ ਜਾਣ |
ਇਹ ਕਦਮ ਪੰਚਾਇਤੀ ਚੋਣ ਪ੍ਰਕਿਰਿਆ ਵਿੱਚ ਕੋਈ ਰੁਕਾਵਟ ਨਾ ਆਵੇ ਤੇ ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਹੋਣ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ। ਨਾਲ ਹੀ ਸਾਰੇ ਸਕੂਲ ਮੁਖੀਆਂ ਨੂੰ ਇਨ੍ਹਾਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਉਲੰਘਣਾ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ
ਇਸ ਤੋਂ ਇਲਾਵਾ ਚੋਣ ਪ੍ਰਕਿਰਿਆ ਦੌਰਾਨ ਸਿੱਖਿਆ ਵਿਭਾਗ ਦੇ ਕਰਮਚਾਰੀ ਵੀ ਵੱਖ-ਵੱਖ ਚੋਣ ਡਿਊਟੀਆਂ ਲਈ ਤਾਇਨਾਤ ਕੀਤੇ ਜਾ ਸਕਦੇ ਹਨ। ਇਸ ਕਾਰਨ ਉਨ੍ਹਾਂ ਨੂੰ ਆਪਣੇ ਕੰਮ ਵਾਲੀ ਥਾਂ 'ਤੇ ਹਮੇਸ਼ਾ ਤਿਆਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਪ੍ਰਕਿਰਿਆ ਨੂੰ ਸੁਚਾਰੂ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ 'ਚ ਕੋਈ ਵੀ ਅਣਗਹਿਲੀ ਨਹੀਂ ਵਰਤੀ ਜਾਵੇਗੀ।