ਖ਼ਬਰਿਸਤਾਨ ਨੈੱਟਵਰਕ- ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਅਤੇ ਕਾਲਜਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਪੰਜਾਬ ਦੇ ਸਕੂਲਾਂ ਅਤੇ ਕਾਲਜਾਂ ਵਿੱਚ 7 ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਐਕਸ 'ਤੇ ਇੱਕ ਪੋਸਟ ਸਾਂਝੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਹਿਲਾਂ 26 ਅਗਸਤ ਤੋਂ 30 ਅਗਸਤ ਤੱਕ ਸਕੂਲ ਬੰਦ ਕੀਤੇ ਗਏ ਸਨ ਫਿਰ 3 ਸਤੰਬਰ ਤੱਕ ਵਾਧਾ ਕੀਤਾ ਗਿਆ ਤੇ ਹੁਣ 7 ਸਤੰਬਰ ਤੱਕ ਸਕੂਲ, ਕਾਲਜ, ਯੂਨੀਵਰਸਿਟੀਆਂ ਤੇ ਪੌਲੀਟੈਕਨਿਕ ਇੰਸਟੀਚਿਊਟ ਬੰਦ ਰਹਿਣਗੇ।
ਪੰਜਾਬ ਨੂੰ ਆਫ਼ਤ ਪ੍ਰਭਾਵਿਤ ਸੂਬਾ ਐਲਾਨਿਆ ਗਿਆ
ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਆਫ਼ਤ ਪ੍ਰਭਾਵਿਤ ਸੂਬਾ ਐਲਾਨਿਆ ਹੈ। ਸੂਬੇ ਦੇ ਸਾਰੇ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ ਅਤੇ 1200 ਤੋਂ ਵੱਧ ਪਿੰਡ ਇਸ ਤੋਂ ਪ੍ਰਭਾਵਿਤ ਹੋਏ ਹਨ। ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 30 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦੋਂ ਕਿ 3 ਲੋਕ ਲਾਪਤਾ ਹਨ।
ਹਰਜੋਤ ਬੈਂਸ ਨੇ ਚੇਤਾਵਨੀ ਜਾਰੀ ਕੀਤੀ
ਇਸ ਦੌਰਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਜਾਰੀ ਕਰਕੇ ਨੰਗਲ ਇਲਾਕੇ ਵਿੱਚ ਰਹਿਣ ਵਾਲੇ ਲੋਕਾਂ ਲਈ ਚੇਤਾਵਨੀ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਨੰਗਲ ਇਲਾਕੇ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਸਤਲੁਜ ਦੇ ਨਾਲ ਲੱਗਦੇ ਨਾਲਿਆਂ ਅਤੇ ਪਿੰਡਾਂ ਦੇ ਬੰਨ੍ਹ ਕਮਜ਼ੋਰ ਹੋ ਗਏ ਹਨ। ਉਨ੍ਹਾਂ ਲੋਕਾਂ ਨੂੰ ਤੁਰੰਤ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਅਪੀਲ ਕੀਤੀ ਹੈ। ਅੱਜ ਭਾਖੜਾ ਜੇਮ ਦੇ 7-7 ਫੁੱਟ ਤੱਕ ਫਲੱਡ ਗੇਟ ਖੋਲ੍ਹੇ ਗਏ ਹਨ, ਖਤਰੇ ਦੇ ਨਿਸ਼ਾਨ ਤੋਂ ਪਾਣੀ ਮਹਿਜ਼ 2 ਫੁੱਟ ਹੇਠਾਂਵਹਿ ਰਿਹਾ ਹੈ।