ਉੱਤਰ ਪ੍ਰਦੇਸ਼ ਦੇ ਆਗਰਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਵਾਪਰੇ ਇੱਕ ਵੱਡੇ ਸੜਕ ਹਾਦਸੇ ਵਿੱਚ ਚਾਰ ਯਾਤਰੀਆਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ 12 ਤੋਂ ਵੱਧ ਲੋਕ ਜ਼ਖਮੀ ਵੀ ਹੋਏ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਹ ਹਾਦਸਾ ਆਗਰਾ ਜ਼ਿਲ੍ਹੇ ਦੇ ਲਖਨਊ ਐਕਸਪ੍ਰੈਸਵੇਅ 'ਤੇ ਵਾਪਰਿਆ।
ਡਬਲ ਡੈਕਰ ਬੱਸ ਦੀ ਟਰੱਕ ਨਾਲ ਟੱਕਰ
ਬਨਾਰਸ ਤੋਂ ਆਗਰਾ ਜਾ ਰਹੀ ਇੱਕ ਡਬਲ-ਡੈਕਰ ਬੱਸ ਤੇਜ਼ ਰਫ਼ਤਾਰ ਨਾਲ ਪਿੱਛੇ ਤੋਂ ਇੱਕ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਜਾਣਕਾਰੀ ਅਨੁਸਾਰ ਬੱਸ ਬਹੁਤ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ, ਜਿਸ ਕਾਰਨ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ ਅਤੇ ਬੱਸ ਟਰੱਕ ਨਾਲ ਟਕਰਾ ਗਈ।
ਯਾਤਰੀ ਡੂੰਘੀ ਨੀਂਦ ਵਿਚ ਸਨ
ਟੱਕਰ ਤੋਂ ਬਾਅਦ ਮੌਕੇ 'ਤੇ ਹਫੜਾ-ਦਫੜੀ ਮਚ ਗਈ। ਹਾਦਸੇ ਸਮੇਂ ਬੱਸ ਵਿੱਚ ਸਵਾਰ ਜ਼ਿਆਦਾਤਰ ਯਾਤਰੀ ਡੂੰਘੀ ਨੀਂਦ ਵਿੱਚ ਸਨ। ਅਚਾਨਕ ਲੱਗੇ ਝਟਕੇ ਕਾਰਨ ਅਗਲੀਆਂ ਸੀਟਾਂ 'ਤੇ ਬੈਠੇ ਯਾਤਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਪਿੱਛੇ ਬੈਠੇ ਯਾਤਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ। ਸੂਚਨਾ ਮਿਲਦੇ ਹੀ ਪੁਲਸ ਅਤੇ ਰਾਹਤ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਫਿਲਹਾਲ ਪੁਲਸ ਜਾਂਚ ਕਰ ਰਹੀ ਹੈ ਅਤੇ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ।