ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਭਿਆਨਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 7 ਜੀਆਂ ਦੀ ਮੌਤ ਹੋ ਗਈ। ਇਸ ਹਾਦਸੇ ਵਿਚ ਦੋ ਬੱਚੇ ਗੰਭੀਰ ਜ਼ਖ਼ਮੀ ਹੋ ਗਏ।
ਹਾਦਸੇ 'ਚ 7 ਲੋਕਾਂ ਦੀ ਮੌਤ
ਹਨੂੰਮਾਨਗੜ੍ਹ ਥਾਣੇ ਦੇ ਅਧਿਕਾਰੀ ਨੇ ਦੱਸਿਆ ਕਿ ਪਿੰਡ ਨੌਰੰਗਦੇਸਰ ਨੇੜੇ ਓਵਰਟੇਕ ਕਰਦੇ ਸਮੇਂ ਇੱਕ ਟਰੱਕ ਅਤੇ ਕਾਰ ਦੀ ਟੱਕਰ ਹੋ ਗਈ। ਇਸ ਟੱਕਰ 'ਚ ਕਾਰ ਦੇ ਪਰਖੱਚੇ ਉਡ ਗਏ, ਜਿਸ ਦੌਰਾਨ 7 ਲੋਕਾਂ ਦੀ ਮੌਤ ਹੋ ਗਈ।
ਟਰੱਕ ਚਾਲਕ ਮੌਕੇ ਤੋਂ ਫਰਾਰ
ਹਾਦਸੇ 'ਚ ਦੋ ਬੱਚੇ ਵੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਬੀਕਾਨੇਰ ਭੇਜਿਆ ਗਿਆ ਹੈ। ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ, ਉਨ੍ਹਾਂ ਇਹ ਵੀ ਦੱਸਿਆ ਕਿ ਟਰੱਕ ਡਰਾਈਵਰ ਨੂੰ ਕਾਬੂ ਕਰਨ ਲਈ ਨਾਕਾਬੰਦੀ ਕੀਤੀ ਗਈ ਹੈ।
ਮਰਨ ਵਾਲਿਆਂ ਦੀ ਪਛਾਣ
ਅਧਿਕਾਰੀ ਨੇ ਦੱਸਿਆ ਕਿ ਮਰਨ ਵਾਲਿਆਂ ਦੀ ਪਛਾਣ 60 ਸਾਲਾ ਪਰਮਜੀਤ ਕੌਰ, ਖੁਸ਼ਵਿੰਦਰ ਸਿੰਘ, ਉਸ ਦੀ ਪਤਨੀ ਪਰਮਜੀਤ ਕੌਰ, ਪੁੱਤਰ ਮਨਜੋਤ ਸਿੰਘ ਅਤੇ 36 ਸਾਲਾ ਰਾਮਪਾਲ, ਉਸ ਦੀ ਪਤਨੀ ਰੀਨਾ ਅਤੇ ਬੇਟੀ ਰੀਟਾ ਵਜੋਂ ਹੋਈ ਹੈ। ਜ਼ਖਮੀਆਂ ਦੀ ਪਛਾਣ ਅਕਾਸ਼ਦੀਪ ਸਿੰਘ ਅਤੇ ਮਨਰਾਜ ਕੌਰ ਵਜੋਂ ਹੋਈ ਹੈ, ਜਿਨ੍ਹਾਂ ਨੂੰ ਬੀਕਾਨੇਰ ਦੇ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।