ਪੰਜਾਬ 'ਚ ਨਸ਼ਿਆਂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਨਸ਼ਿਆਂ ਰੂਪੀ ਦੈਂਤ ਪੰਜਾਬ ਦੀ ਨੌਜਵਾਨੀ ਨੂੰ ਖਾਂਦਾ ਜਾ ਰਿਹਾ ਹੈ। ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, ਜਿੱਥੇ ਨਸ਼ੇ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ।
ਦੋਵੇਂ ਨੌਜਵਾਨਾਂ ਦੀ ਉਮਰ 22 ਸਾਲ
ਦੋਵਾਂ ਨੌਜਵਾਨਾਂ ਦੀ ਉਮਰ 22 ਸਾਲ ਦੱਸੀ ਜਾ ਰਹੀ ਹੈ। ਮੌਤ ਓਵਰਡੋਜ਼ ਕਾਰਨ ਹੋਈ ਹੈ। ਦੋਵਾਂ ਨੌਜਵਾਨਾਂ ਦੀ ਮੌਤ ਕਾਰਨ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ ਅਤੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਜਾਣਕਾਰੀ ਦਿੰਦਿਆਂ ਮ੍ਰਿਤਕ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਨਸ਼ੇ ਦਾ ਆਦੀ ਸੀ ਅਤੇ ਨਸ਼ੇ ਦਾ ਟੀਕਾ ਲਗਾਉਣ ਤੋਂ ਬਾਅਦ ਉਹ ਘਰ ਆ ਕੇ ਸੌਂ ਗਿਆ। ਸ਼ਾਮ ਨੂੰ 6 ਵਜੇ ਅਸੀਂ ਉਸ ਨੂੰ ਜਗਾਉਂਦੇ ਰਹੇ ਪਰ ਉਹ ਨਹੀਂ ਉਠਿਆ ਅਤੇ ਉਸ ਦੀ ਮੌਤ ਹੋ ਚੁੱਕੀ ਸੀ। ਦੂਜੇ ਪਾਸੇ ਸੁਖਮਨਪ੍ਰੀਤ ਸਿੰਘ ਦੇ ਚਾਚਾ 22 ਨੇ ਦੱਸਿਆ ਕਿ ਉਸ ਦਾ ਭਤੀਜਾ ਸੁਖਮਨਪ੍ਰੀਤ ਵੀ ਨਸ਼ੇ ਦਾ ਆਦੀ ਸੀ ਅਤੇ ਘਰੋਂ ਪੈਸੇ ਚੋਰੀ ਕਰਦਾ ਸੀ।
ਮਾਪਿਆਂ ਦਾ ਇਕਲੌਤਾ ਪੁੱਤਰ ਸੀ
ਮ੍ਰਿਤਕ ਸੁਖਮਨਪ੍ਰੀਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਉਸ ਦੀ ਮੌਤ ਕਾਰਨ ਮਾਪਿਆਂ ਦਾ ਬੁਰਾ ਹਾਲ ਹੈ। ਲੋਕਾਂ ਨੇ ਦੱਸਿਆ ਕਿ ਪਿੰਡ ਦੇ ਕਈ ਨੌਜਵਾਨ ਨਸ਼ੇ ਦੇ ਆਦੀ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਨਸ਼ਿਆਂ ਦੇ ਖਾਤਮੇ ਲਈ ਠੋਸ ਕਦਮ ਚੁੱਕਣ ਦੀ ਅਪੀਲ ਕੀਤੀ।