ਭਾਰਤ ਨੇ ਕੈਨੇਡੀਅਨਾਂ ਲਈ ਈ-ਵੀਜ਼ਾ ਸੇਵਾ ਮੁੜ ਚਾਲੂ ਕਰ ਦਿੱਤੀ ਹੈ। ਜੀ-20 ਦੇ ਵਰਚੁਅਲ ਸੰਮੇਲਨ 'ਚ ਭਾਰਤ ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਹਿੱਸਾ ਲੈਣ ਜਾ ਰਹੇ ਹਨ। ਇਸ ਮੁਲਾਕਾਤ ਤੋਂ ਪਹਿਲਾਂ ਹੀ ਭਾਰਤ ਨੇ ਸਬੰਧਾਂ ਵਿੱਚ ਸੁਧਾਰ ਦੀ ਵਕਾਲਤ ਕਰਦਿਆਂ ਵੱਡਾ ਕਦਮ ਚੁੱਕਿਆ ਹੈ। ਭਾਰਤ ਨੇ ਕੈਨੇਡਾ ਦੇ ਨਾਗਰਿਕਾਂ ਲਈ ਜੋ ਵੀਜ਼ਾ ਸੇਵਾ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਤੋਂ ਬਾਅਦ ਬੰਦ ਕਰ ਦਿੱਤੀ ਸੀ, ਅੱਜ ਮੁੜ ਸ਼ੁਰੂ ਕਰ ਦਿੱਤੀ ਗਈ ਹੈ।
ਦੱਸ ਦੇਈਏ ਕਿ ਹਰਦੀਪ ਸਿੰਘ ਨਿੱਝਰ ਦੇ ਮੁੱਦੇ 'ਤੇ ਕੈਨੇਡਾ ਅਤੇ ਭਾਰਤ ਦੇ ਸਬੰਧਾਂ 'ਚ ਆਏ ਤਣਾਅ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅੱਜ ਪਹਿਲੀ ਵਾਰ ਇੱਕ ਦੂਜੇ ਦੇ ਆਹਮੋ-ਸਾਹਮਣੇ ਹੋਣ ਜਾ ਰਹੇ ਹਨ।
ਰਿਪੋਰਟ ਅਨੁਸਾਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਇਸ ਸਾਲ ਜੂਨ ਵਿਚ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨਾਲ ਭਾਰਤੀ ਏਜੰਟਾਂ ਦਾ ਨਾਮ ਜੋੜਨ ਦੇ ਦੋਸ਼ਾਂ ਤੋਂ ਬਾਅਦ ਵਧੇ ਤਣਾਅ ਦੇ ਵਿਚਕਾਰ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਨੂੰ ਬੰਦ ਕਰ ਦਿੱਤਾ ਸੀ। ਭਾਰਤ ਨੇ ਸਖ਼ਤ ਸ਼ਬਦਾਂ ਵਿਚ ਇਨ੍ਹਾਂ ਦਾਅਵਿਆਂ ਨੂੰ ਰੱਦ ਕਰ ਦਿੱਤਾ ਸੀ ਅਤੇ ਉਨ੍ਹਾਂ ਨੂੰ ‘ਬੇਬੁਨਿਆਦ’ ਦੋਸ਼ ਕਰਾਰ ਦਿੱਤਾ ਸੀ। ਇਸ ਤੋਂ ਬਾਅਦ ਦੋਵਾਂ ਦੇਸ਼ਾਂ ਨੇ ਸੀਨੀਅਰ ਡਿਪਲੋਮੈਟਾਂ ਨੂੰ ਕੱਢ ਦਿੱਤਾ ਸੀ।