ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਿਹਾ ਵਿਵਾਦ ਅਤੇ ਤਣਾਅ ਜਲਦ ਹੀ ਖਤਮ ਹੋਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਕੈਨੇਡੀਅਨ ਹਮਰੁਤਬਾ ਮੇਲਾਨੀ ਜੌਲੀ ਨੇ ਹਾਲ ਹੀ ਵਿੱਚ ਇੱਕ ਗੁਪਤ ਮੀਟਿੰਗ ਕੀਤੀ ਹੈ। ਹਾਲਾਂਕਿ ਦੋਹਾਂ ਦੇਸ਼ਾਂ ਵਲੋਂ ਬੈਠਕ ਦੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਤਾਰ ਭਾਰਤ ਨਾਲ ਜੋੜਨ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਵਿਵਾਦ ਪੈਦਾ ਹੋ ਗਿਆ ਸੀ।
ਮੀਡੀਆ ਰਿਪੋਰਟਾਂ ਮੁਤਾਬਕ ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੌਲੀ ਵਿਚਾਲੇ ਅਮਰੀਕਾ 'ਚ ਮੁਲਾਕਾਤ ਹੋਈ। ਜਦੋਂ ਤੋਂ ਭਾਰਤ ਨੇ ਕੈਨੇਡੀਅਨ ਡਿਪਲੋਮੈਟਾਂ ਨੂੰ ਸਮਾਂ ਸੀਮਾ ਦਿੱਤੀ ਹੈ, ਉਦੋਂ ਤੋਂ ਕੈਨੇਡੀਅਨ ਸਰਕਾਰ ਭਾਰਤ ਨਾਲ ਤਣਾਅਪੂਰਨ ਸਬੰਧਾਂ ਨੂੰ ਸੁਧਾਰਨ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਖੁਦ ਵਿਦੇਸ਼ ਮੰਤਰੀ ਜੌਲੀ ਨੇ ਵੀ ਕਿਹਾ ਹੈ ਕਿ ਉਹ ਇਸ ਮੁੱਦੇ ਨੂੰ 'ਨਿੱਜੀ ਤੌਰ' 'ਤੇ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਕੈਨੇਡਾ ਦਾ ਬਦਲਿਆ ਰੁਖ
ਕੈਨੇਡਾ ਦੇ ਵਿਦੇਸ਼ ਮੰਤਰੀ ਨੇ ਕਿਹਾ ਸੀ, ‘ਅਸੀਂ ਭਾਰਤ ਸਰਕਾਰ ਦੇ ਸੰਪਰਕ ਵਿੱਚ ਹਾਂ। ਅਸੀਂ ਕੈਨੇਡੀਅਨ ਡਿਪਲੋਮੈਟਾਂ ਦੀ ਸੁਰੱਖਿਆ ਨੂੰ ਗੰਭੀਰਤਾ ਨਾਲ ਲੈ ਰਹੇ ਹਾਂ। ਨਾਲ ਹੀ, ਅਸੀਂ ਨਿੱਜੀ ਤੌਰ 'ਤੇ ਗੱਲ ਕਰਨਾ ਚਾਹੁੰਦੇ ਹਾਂ, ਕਿਉਂਕਿ ਅਸੀਂ ਮਹਿਸੂਸ ਕਰਦੇ ਹਾਂ ਕਿ ਕੂਟਨੀਤਕ ਮਾਮਲੇ ਨਿੱਜੀ ਰਹਿਣ ਤਾਂ ਬਿਹਤਰ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਕਿਹਾ ਹੈ ਕਿ ਉਹ ਸਥਿਤੀ ਨੂੰ ਹੋਰ ਨਹੀਂ ਵਧਾਉਣਾ ਚਾਹੁੰਦੇ।
ਪ੍ਰਧਾਨ ਮੰਤਰੀ ਟਰੂਡੋ ਵੱਲੋਂ ਲਾਏ ਦੋਸ਼ਾਂ ਅਤੇ ਭਾਰਤੀ ਡਿਪਲੋਮੈਟ ਨੂੰ ਕੱਢਣ ਦੇ ਫੈਸਲੇ ਤੋਂ ਬਾਅਦ ਭਾਰਤ ਨੇ ਸਖ਼ਤ ਰੁਖ ਅਪਣਾਇਆ ਹੋਇਆ ਹੈ। ਅਜਿਹੀਆਂ ਖਬਰਾਂ ਸਾਹਮਣੇ ਆਈਆਂ ਸਨ ਕਿ ਭਾਰਤ ਨੇ ਦਰਜਨਾਂ ਡਿਪਲੋਮੈਟਾਂ ਨੂੰ ਦੇਸ਼ ਛੱਡਣ ਲਈ ਕਿਹਾ ਹੈ। ਖਬਰਾਂ ਇਹ ਵੀ ਸੀ ਕਿ ਕੈਨੇਡਾ ਨੇ ਕਰੀਬ 30 ਡਿਪਲੋਮੈਟਿਕ ਸਟਾਫ ਨੂੰ ਕੁਆਲਾਲੰਪੁਰ ਜਾਂ ਸਿੰਗਾਪੁਰ ਭੇਜਿਆ ਸੀ।
ਭਾਰਤ ਨੇ ਕੈਨੇਡਾ ਦੇ ਦਾਅਵੇ ਨੂੰ ਕੀਤਾ ਖਾਰਜ
ਜਦੋਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੀ ਪਾਰਲੀਮੈਂਟ ਵਿੱਚ ਖਾਲਿਸਤਾਨੀ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤ ਦਾ ਹੱਥ ਹੋਣ ਦਾ ਦੋਸ਼ ਲਾਇਆ ਸੀ ਤਾਂ ਭਾਰਤ ਨੇ ਇਸ ਨੂੰ ਬੇਤੁਕਾ ਅਤੇ ਪ੍ਰੇਰਿਤ ਕਹਿ ਕੇ ਰੱਦ ਕਰ ਦਿੱਤਾ ਸੀ।
ਨਿੱਝਰ ਦੀ ਹੱਤਿਆ ਸਬੰਧੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦੋਸ਼ਾਂ ਬਾਰੇ ਵਿਦੇਸ਼ ਮੰਤਰੀ ਡਾ.ਐਸ.ਜੈਸ਼ੰਕਰ ਨੇ ਕਿਹਾ ਸੀ ਕਿ ਭਾਰਤ ਨੇ ਕੈਨੇਡਾ ਨੂੰ ਕਿਹਾ ਹੈ ਕਿ ਇਹ (ਇਸ ਤਰ੍ਹਾਂ ਦੀਆਂ ਹੱਤਿਆਵਾਂ) ਭਾਰਤ ਸਰਕਾਰ ਦੀ ਨੀਤੀ ਨਹੀਂ ਹੈ। ਨਾਲ ਹੀ ਭਾਰਤ ਨੇ ਕੈਨੇਡਾ ਨੂੰ ਕਿਹਾ ਸੀ ਕਿ ਜੇਕਰ ਉਨ੍ਹਾਂ ਕੋਲ ਕੋਈ ਖਾਸ ਅਤੇ ਢੁੱਕਵੀਂ ਜਾਣਕਾਰੀ ਹੈ ਤਾਂ ਉਹ ਭਾਰਤ ਨੂੰ ਦੱਸੇ ਅਤੇ ਭਾਰਤ ਇਸ 'ਤੇ ਵਿਚਾਰ ਕਰਨ ਲਈ ਤਿਆਰ ਹੈ।