ਖਬਰਿਸਤਾਨ ਨੈੱਟਵਰਕ, ਨਵੀਂ ਦਿੱਲੀ: ਭਾਰਤ ਕੈਨੇਡਾ ਵਿਚਾਲੇ ਰਿਸ਼ਤੇ ਹੁਣ ਹੋਰ ਵਿਗੜਦੇ ਹੋਏ ਨਜ਼ਰ ਆ ਰਹੇ ਹਨ । ਦਰਅਸਲ ਭਾਰਤ ਨੇ ਕੈਨੇਡਾ ਖ਼ਿਲਾਫ਼ ਇੱਕ ਹੋਰ ਸਖ਼ਤ ਕਦਮ ਚੁੱਕਿਆ ਹੈ। ਫਾਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ ਮੁਤਾਬਕ ਭਾਰਤ ਨੇ ਕੈਨੇਡਾ ਦੇ 41 ਕੈਨੇਡੀਅਨ ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਲਈ ਕਿਹਾ ਹੈ। ਇਸ ਦੇ ਲਈ ਕੈਨੇਡੀਅਨ ਡਿਪਲੋਮੈਟਾਂ ਨੂੰ 10 ਅਕਤੂਬਰ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ।
ਭਾਰਤ ਵਿੱਚ ਇਸ ਸਮੇਂ 62 ਡਿਪਲੋਮੈਟ ਹਨ
ਮੀਡੀਆ ਰਿਪੋਰਟਾਂ ਮੁਤਾਬਕ ਇਨ੍ਹਾਂ 41 ਡਿਪਲੋਮੈਟਾਂ 'ਚੋਂ ਜੋ ਭਾਰਤ 'ਚ ਰਹਿ ਗਏ ਹਨ, ਉਨ੍ਹਾਂ ਨੂੰ ਮਿਲਣ ਵਾਲੀਆਂ ਛੋਟਾਂ ਅਤੇ ਹੋਰ ਲਾਭ ਬੰਦ ਕਰ ਦਿੱਤੇ ਜਾਣਗੇ। ਲਗਭਗ 62 ਕੈਨੇਡੀਅਨ ਡਿਪਲੋਮੈਟ ਭਾਰਤ ਵਿੱਚ ਕੰਮ ਕਰਦੇ ਹਨ। 10 ਅਕਤੂਬਰ ਤੋਂ ਬਾਅਦ ਦੇਸ਼ ਵਿੱਚ ਸਿਰਫ਼ 21 ਕੈਨੇਡੀਅਨ ਡਿਪਲੋਮੈਟ ਹੀ ਰਹਿਣਗੇ।
ਦੋਵਾਂ ਦੇਸ਼ਾਂ ਵਿੱਚ ਬਰਾਬਰ ਡਿਪਲੋਮੈਟ ਹੋਣੇ ਚਾਹੀਦੇ ਹਨ
ਦਸੱਦੀਏ ਕਿ ਇਸ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਅਸੀਂ ਕੈਨੇਡਾ ਨੂੰ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਦੋਹਾਂ ਦੇਸ਼ਾਂ 'ਚ ਡਿਪਲੋਮੈਟਾਂ ਦੀ ਗਿਣਤੀ ਬਰਾਬਰ ਹੋਣੀ ਚਾਹੀਦੀ ਹੈ। ਇਹ ਵਿਆਨਾ ਕਨਵੈਨਸ਼ਨ ਤਹਿਤ ਜ਼ਰੂਰੀ ਹੈ। 18 ਸਤੰਬਰ ਨੂੰ ਕੈਨੇਡੀਅਨ ਪੀਐਮ ਟਰੂਡੋ ਨੇ ਭਾਰਤ ਸਰਕਾਰ 'ਤੇ ਨਿੱਝਰ ਦੇ ਕਤਲ 'ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਸੀ।
ਟਰੂਡੋ ਦੇ ਦੋਸ਼ਾਂ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਵਿਗੜ ਗਏ ਰਿਸ਼ਤੇ
ਤੁਹਾਨੂੰ ਦੱਸ ਦੇਈਏ ਕਿ ਖਾਲਿਸਤਾਨ ਦੇ ਮੁੱਦੇ 'ਤੇ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਵਿਗੜ ਗਏ ਹਨ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਵਿੱਚ ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਲਈ ਸਿੱਧੇ ਤੌਰ 'ਤੇ ਭਾਰਤ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਹਾਲਾਂਕਿ ਹੁਣ ਤੱਕ ਕੈਨੇਡਾ ਕੋਈ ਠੋਸ ਸਬੂਤ ਨਹੀਂ ਦੇ ਸਕਿਆ ਹੈ।
ਕੈਨੇਡੀਅਨ ਪੀਐਮ ਵੱਲੋਂ ਸੰਸਦ ਵਿੱਚ ਦੋਸ਼ ਲਾਏ ਜਾਣ ਤੋਂ ਬਾਅਦ ਭਾਰਤ ਨੇ ਵੀ ਸਖ਼ਤੀ ਦਿਖਾਈ ਅਤੇ ਨਵੀਂ ਦਿੱਲੀ ਵਿੱਚ ਕੈਨੇਡੀਅਨ ਰਾਜਦੂਤ ਨੂੰ 5 ਦਿਨਾਂ ਵਿੱਚ ਭਾਰਤ ਛੱਡਣ ਲਈ ਕਿਹਾ। ਇਸ ਤੋਂ ਬਾਅਦ ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ਾ ਜਾਰੀ ਕਰਨ 'ਤੇ ਵੀ ਰੋਕ ਲਗਾ ਦਿੱਤੀ ਗਈ ਸੀ।