ਬਟਾਲਾ ਤੋਂ ਇਸ ਸਮੇਂ ਰਿਸ਼ਵਤਖੋਰੀ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਸਿਵਲ ਵਿਭਾਗ ਦੇ ਜੇਈ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਵਿਜੀਲੈਂਸ ਨੇ ਮਾਰਿਆ ਛਾਪਾ
ਨਗਰ ਨਿਗਮ ਬਟਾਲਾ ਦੇ ਦਫ਼ਤਰ ਵਿੱਚ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਅਚਾਨਕ ਛਾਪਾ ਮਾਰਿਆ। ਛਾਪੇਮਾਰੀ ਦੌਰਾਨ ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਨੇ ਸਿਵਲ ਵਿਭਾਗ ਦੇ ਜੇਈ ਜਤਿੰਦਰ ਕੁਮਾਰ ਉਰਫ ਸ਼ੈਲੀ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਕੀ ਹੈ ਪੂਰਾ ਮਾਮਲਾ ?
ਵਿਜੀਲੈਂਸ ਵਿਭਾਗ ਦੇ ਇੰਸਪੈਕਟਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਜੇ.ਈ ਜਤਿੰਦਰ ਕੋਲ ਬਟਾਲਾ ਨਿਗਮ ਦੇ ਨਾਲ ਪਠਾਨਕੋਟ ਨਿਗਮ ਦਾ ਚਾਰਜ ਵੀ ਹੈ। ਮੁਲਜ਼ਮ ਨੇ ਸ਼ਿਕਾਇਤਕਰਤਾ ਹਰਪਾਲ ਸਿੰਘ ਤੋਂ ਕਲੋਨੀ ਵਿੱਚ ਆਉਂਦੀ ਸਰਕਾਰੀ ਜ਼ਮੀਨ ਦੀ ਅਦਲਾ-ਬਦਲੀ ਕਰਨ ਲਈ 1 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਪਹਿਲੀ ਕਿਸ਼ਤ ਵਿੱਚ 50,000 ਰੁਪਏ ਦੇਣ ਦਾ ਫੈਸਲਾ ਕੀਤਾ ਗਿਆ ਸੀ, ਜਦੋਂ ਕਿ ਬਾਕੀ ਰਿਸ਼ਵਤ ਕੰਮ ਪੂਰਾ ਹੋਣ ਤੋਂ ਬਾਅਦ ਦੇਣ ਦੀ ਸਹਿਮਤੀ ਦਿੱਤੀ ਗਈ ਸੀ।
ਵਿਜੀਲੈਂਸ ਨੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਜਿਸ ਨੇ ਵਿਭਾਗ ਨੂੰ ਸਾਰੀ ਗੱਲ ਦੱਸੀ। ਇਸ ਤੋਂ ਬਾਅਦ ਸ਼ਿਕਾਇਤਕਰਤਾ ਨੂੰ ਉਕਤ ਜੇਈ ਜਤਿੰਦਰ ਕੁਮਾਰ ਨੂੰ ਦੇਣ ਲਈ ਕੈਮੀਕਲ ਰੰਗ ਨਾਲ ਰੰਗੇ ਨੋਟ ਦਿੱਤੇ ਗਏ। ਜਿਵੇਂ ਹੀ ਸ਼ਿਕਾਇਤਕਰਤਾ ਨੇ ਮੁਲਜ਼ਮ ਨੂੰ ਪੈਸੇ ਦਿੱਤੇ ਤਾਂ ਉਸ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।