ਜਲੰਧਰ-ਅੰਮ੍ਰਿਤਸਰ ਮੁੱਖ ਮਾਰਗ 'ਤੇ ਬਿਧੀਪੁਰ ਨੇੜੇ ਆਟੋ ਤੇ ਕਾਰ ਵਿਚਾਲੇ ਹੋਈ ਟੱਕਰ 'ਚ 3 ਲੋਕਾਂ ਦੀ ਮੌਤ ਹੋ ਗਈ ਤੇ 2 ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਜਲੰਧਰ ਵਿੱਚ ਚੱਲ ਰਿਹਾ ਹੈ। ਟੱਕਰ ਇੰਨੀ ਭਿਆਨਕ ਸੀ ਕਿ ਆਟੋ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ ਤੇ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਆਟੋ ਵਿੱਚ ਸਵਾਰ ਪੰਜ ਵਿਅਕਤੀਆਂ ਵਿੱਚੋਂ ਦੋ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਤੀਜੇ ਵਿਅਕਤੀ ਦੀ ਦੇਰ ਰਾਤ ਇਲਾਜ ਦੌਰਾਨ ਮੌਤ ਹੋ ਗਈ।
ਮ੍ਰਿਤਕਾਂ ਦੀ ਪਛਾਣ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਬਿਧੀਪੁਰ ਰੇਲਵੇ ਕਰਾਸਿੰਗ, ਜਗਦੀਸ਼ ਚੰਦਰ ਵਾਸੀ ਸ੍ਰੀ ਗੁਰੂ ਰਵਿਦਾਸ ਨਗਰ ਅਤੇ ਪੰਕਜ ਵਾਸੀ ਕਿਸ਼ਨਪੁਰਾ ਦੇ ਨਾਲ ਲੱਗਦੀ ਮੁਸਲਿਮ ਕਲੋਨੀ ਵਜੋਂ ਹੋਈ ਹੈ। ਹਾਦਸੇ ਵਿੱਚ ਹਰਪ੍ਰੀਤ ਸਿੰਘ ਉਰਫ਼ ਹੈਪੀ ਤੇ ਗੋਵਿੰਦਾ ਵਾਸੀ ਨੂਰਪੁਰ ਕਲੋਨੀ ਜ਼ਖ਼ਮੀ ਹੋ ਗਏ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਘਟਨਾ ਸਮੇਂ ਉਕਤ ਔਡੀ ਡਰਾਈਵਰ ਨਸ਼ੇ 'ਚ ਸੀ। ਜਿਸ ਕਾਰਨ ਇਹ ਹਾਦਸਾ ਵਾਪਰਿਆ।
ਪੰਜੇ ਇੱਕ ਈ-ਰਿਕਸ਼ਾ ਵਿੱਚ ਸਵਾਰ ਸਨ
ਜਾਣਕਾਰੀ ਮੁਤਾਬਕ ਇਹ ਪੰਜੇ ਵਿਅਕਤੀ ਈ-ਰਿਕਸ਼ਾ 'ਚ ਸਵਾਰ ਹੋ ਕੇ ਜਾ ਰਹੇ ਸਨ ਕਿ ਤੇਜ਼ ਰਫਤਾਰ ਔਡੀ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਤੇ ਉਨ੍ਹਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਮੁਲਜ਼ਮ ਫੜੇ ਨਹੀਂ ਜਾਂਦੇ ਉਹ ਲਾਸ਼ਾਂ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ। ਇਸ ਘਟਨਾ ਸਬੰਧੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਹਾਲਾਂਕਿ, ਬਾਅਦ ਦੁਪਹਿਰ ਤੱਕ ਕੀਤੀ ਜਾਂਚ ਵਿੱਚ ਸਾਹਮਣੇ ਆਇਆ ਕਿ ਕਾਰ ਦਾ ਮਾਲਕ ਗੁਰਪ੍ਰੀਤ ਵਾਸੀ ਚੰਡੀਗੜ੍ਹ ਹੈ। ਜਿਸ ਨੂੰ ਪੁਲਿਸ ਜਲਦ ਹੀ ਜਾਂਚ ਵਿੱਚ ਸ਼ਾਮਿਲ ਕਰੇਗੀ।
ਥਾਣੇ ਦੇ ਬਾਹਰ ਮ੍ਰਿਤਕ ਦੇ ਪਰਿਵਾਰ ਵਾਲਿਆਂ ਦਾ ਹੰਗਾਮਾ
ਪੁਲਿਸ ਦੀ ਕਾਰਵਾਈ ਤੋਂ ਨਾਖੁਸ਼ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਗ੍ਰਿਫਤਾਰੀ ਨੂੰ ਲੈ ਕੇ ਬੁੱਧਵਾਰ ਦੁਪਹਿਰ ਮਕਸੂਦਾ ਥਾਣੇ ਦੇ ਬਾਹਰ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਪਰਿਵਾਰ ਨੇ ਕਿਹਾ ਹੈ ਕਿ ਜਦੋਂ ਤੱਕ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਹ ਨਾ ਤਾਂ ਪੋਸਟਮਾਰਟਮ ਕਰਵਾਉਣਗੇ ਅਤੇ ਨਾ ਹੀ ਅੰਤਿਮ ਸੰਸਕਾਰ ਕਰਨਗੇ।