ਅੰਮ੍ਰਿਤਸਰ ਵਿੱਚ ਗਣਤੰਤਰ ਦਿਵਸ ਦੇ ਮੌਕੇ ਸ਼ਰਾਰਤੀ ਅਨਸਰ ਨੇ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੀ ਕੋਸ਼ਿਸ਼ ਕੀਤੀ। ਹੁਣ ਇਹ ਮਾਮਲਾ ਕਾਫ਼ੀ ਗਰਮਾ ਗਿਆ ਹੈ। ਬੀਤੇ ਦਿਨੀਂ ਜਿਥੇ ਅੰਮ੍ਰਤਸਰ ਸ਼ਹਿਰ ਬੰਦ ਰਿਹਾ ਉਥੇ ਹੀ ਅੱਜ ਇਸ ਘਟਨਾ ਤੋਂ ਬਾਅਦ ਵਾਲਮੀਕਿ ਭਾਈਚਾਰੇ ਅਤੇ ਦਲਿਤ ਭਾਈਚਾਰੇ ਵੱਲੋਂ ਅੱਜ ਜਲੰਧਰ ਬੰਦ ਦਾ ਐਲਾਨ ਕੀਤਾ ਹੈ। ਇਸ ਘਟਨਾ ਦੇ ਸਬੰਧ ਵਿੱਚ ਅੱਜ ਬਾਬਾ ਸਾਹਿਬ ਅੰਬੇਡਕਰ ਚੌਕ 'ਤੇ ਧਰਨਾ ਦੇ ਕੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਦੁਕਾਨਾਂ ਕਰਵਾਈਆਂ ਜਾ ਰਹੀਆਂ ਬੰਦ
ਦੂਜੇ ਪਾਸੇ, ਭਾਜਪਾ ਪਾਰਟੀ ਨੇ ਵੀ ਇਸ ਘਟਨਾ ਨੂੰ ਲੈ ਕੇ ਅੰਬੇਡਕਰ ਚੌਕ 'ਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਸ ਸਮੇਂ ਉਨ੍ਹਾਂ ਨੇ ਮੌਨ ਵਰਤ ਰੱਖਿਆ ਹੈ। ਦੂਜੇ ਪਾਸੇ, ਨਿਹੰਗ ਸਿੰਘ ਵੀ ਬਾਬਾ ਸਾਹਿਬ ਦੀ ਬੇਅਦਬੀ ਸਬੰਧੀ ਮੁੱਖ ਚੌਕ 'ਤੇ ਪਹੁੰਚੇ ਅਤੇ ਘਟਨਾ ਦੀ ਨਿੰਦਾ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ। ਇਸ ਘਟਨਾ ਦੇ ਸਬੰਧ ਵਿੱਚ ਵਾਲਮੀਕਿ ਭਾਈਚਾਰੇ ਅਤੇ ਦਲਿਤ ਭਾਈਚਾਰੇ ਵੱਲੋਂ ਖੋਲ੍ਹੀਆਂ ਗਈਆਂ ਦੁਕਾਨਾਂ ਬੰਦ ਕਰਵਾਈਆਂ ਜਾ ਰਹੀਆਂ ਹਨ ਅਤੇ ਸ਼ਾਂਤੀਪੂਰਨ ਢੰਗ ਨਾਲ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਇਸ ਮਾਮਲੇ ਨੂੰ ਲੈ ਕੇ ਵਾਲਮੀਕਿ ਭਾਈਚਾਰੇ ਅਤੇ ਦਲਿਤ ਭਾਈਚਾਰੇ ਨੇ ਲੋਕਾਂ ਨੂੰ ਆਪਣੀਆਂ ਦੁਕਾਨਾਂ ਬੰਦ ਕਰਨ ਦੀ ਅਪੀਲ ਕੀਤੀ ਹੈ ਅਤੇ ਉਕਤ ਘਟਨਾ ਵਿੱਚ ਸ਼ਾਮਲ ਦੋਸ਼ੀਆਂ 'ਤੇ ਐਨਐਸਏ ਐਕਟ ਲਾਗੂ ਕਰ ਕੇ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਵਾਲਮੀਕਿ ਭਾਈਚਾਰੇ ਦੇ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਪੁਲਸ 25 ਜਨਵਰੀ ਨੂੰ ਸੰਵਿਧਾਨ ਦੇ ਅਪਮਾਨ ਲਈ ਖਾਲਸਾ ਦਲ ਵਿਰੁੱਧ ਕੇਸ ਦਰਜ ਨਹੀਂ ਕਰਦੀ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਸੜਕਾਂ 'ਤੇ 2500 ਪੁਲਸ ਮੁਲਾਜ਼ਮ ਤਾਇਨਾਤ
ਜਲੰਧਰ ਬੰਦ ਦੌਰਾਨ ਮੈਡੀਕਲ ਅਤੇ ਯੂਨੀਵਰਸਿਟੀ ਪ੍ਰੀਖਿਆਵਾਂ ਦੇਣ ਜਾ ਰਹੇ ਵਿਦਿਆਰਥੀਆਂ ਲਈ ਹੋਰ ਐਮਰਜੈਂਸੀ ਸਹੂਲਤਾਂ ਵੀ ਚਾਲੂ ਰਹਿਣਗੀਆਂ। ਸਰਕਾਰੀ ਬੱਸਾਂ, ਸਰਕਾਰੀ ਦਫ਼ਤਰ ਅਤੇ ਸੇਵਾ ਕੇਂਦਰ ਚੱਲਣਗੇ। ਜਾਣਕਾਰੀ ਦਿੰਦਿਆਂ ਸੰਯੁਕਤ ਕਮਿਸ਼ਨਰ ਸੰਦੀਪ ਸ਼ਰਮਾ ਨੇ ਦੱਸਿਆ ਕਿ ਜਲੰਧਰ ਬੰਦ ਦੇ ਸੱਦੇ ਨੂੰ ਲੈ ਕੇ ਸਾਰੇ ਚੌਰਾਹਿਆਂ 'ਤੇ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਸਮੇਂ ਲਗਭਗ 2500 ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਤਾਂ ਜੋ ਆਉਣ-ਜਾਣ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।