ਜਲੰਧਰ/ ਡੀ ਸੀ ਹਿਮਾਂਸ਼ੂ ਅਗਰਵਾਲ ਨੇ ਇਮੀਗ੍ਰੇਸ਼ਨ ਫਰਮਾਂ ਨੂੰ ਲੈ ਕੇ ਐਕਸ਼ਨ ਮੋਡ ਵਿੱਚ ਆਉਂਦਿਆਂ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਹਨ।ਦੱਸ ਦੇਈਏ ਕਿ ਡਿਪਟੀ ਕਮਿਸ਼ਨਰ ਨੇ ਇਮੀਗ੍ਰੇਸ਼ਨ ਸਲਾਹਕਾਰ ਸੇਵਾਵਾਂ ਨੂੰ ਨਿਯਮਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ।
ਇਹ ਹਦਾਇਤਾਂ ਦਿੱਤੀਆਂ
ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਉਨ੍ਹਾਂ ਇਮੀਗ੍ਰੇਸ਼ਨ ਸਲਾਹਕਾਰਾਂ ਵਿਰੁੱਧ ਇੱਕ ਵਿਸ਼ਾਲ ਨਿਰੀਖਣ ਮੁਹਿੰਮ ਸ਼ੁਰੂ ਕਰਨ, ਜੋ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਹੀਂ ਕਰ ਰਹੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਸਾਰੇ ਸਬ-ਡਿਵੀਜ਼ਨਲ ਮੈਜਿਸਟ੍ਰੇਟ (SDM) ਆਪਣੇ ਅਧਿਕਾਰ ਖੇਤਰ ਵਿੱਚ ਰਜਿਸਟਰਡ ਇਮੀਗ੍ਰੇਸ਼ਨ ਫਰਮਾਂ ਦੀ ਸਖ਼ਤੀ ਨਾਲ ਜਾਂਚ ਕਰਨ ਅਤੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਵਿਰੁੱਧ ਕਾਰਵਾਈ ਕੀਤੀ ਜਾਵੇ।
ਡੀਸੀ ਅਗਰਵਾਲ ਨੇ ਕਿਹਾ ਕਿ ਇਸ ਪਹਿਲ ਦਾ ਉਦੇਸ਼ ਲੋਕਾਂ ਨੂੰ ਏਜੰਟਾਂ ਦੁਆਰਾ ਕੀਤੀ ਜਾਣ ਵਾਲੀ ਧੋਖਾਧੜੀ ਤੋਂ ਬਚਾਉਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਇਮੀਗ੍ਰੇਸ਼ਨ ਕੰਪਨੀਆਂ ਕਾਨੂੰਨੀ ਢਾਂਚੇ ਦੇ ਅੰਦਰ ਕੰਮ ਕਰਨ। "ਇਹ ਬਹੁਤ ਜ਼ਰੂਰੀ ਹੈ ਕਿ ਇਮੀਗ੍ਰੇਸ਼ਨ ਸਲਾਹਕਾਰ ਵਿਦੇਸ਼ਾਂ ਵਿੱਚ ਮੌਕਿਆਂ ਦੀ ਭਾਲ ਕਰਨ ਵਾਲੇ ਵਿਅਕਤੀਆਂ ਦੇ ਕਿਸੇ ਵੀ ਸ਼ੋਸ਼ਣ ਨੂੰ ਰੋਕਣ ਲਈ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨ।
ਅਮਰੀਕਾ ਤੋਂ ਡਿਪੋਰਟ ਹੋਏ ਨੌਜਵਾਨਾਂ ਨਾਲ ਪੰਜਾਬ ਸਰਕਾਰ ਮਜ਼ਬੂਤੀ ਨਾਲ ਖੜ੍ਹੀ
ਡਿਪਟੀ ਕਮਿਸ਼ਨਰ ਅਗਰਵਾਲ ਨੇ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਨੌਜਵਾਨ ਲਈ ਮਦਦ ਦਾ ਹੱਥ ਵਧਾਇਆ ਹੈ। ਉਨ੍ਹਾਂ ਨੇ ਉਨ੍ਹਾਂ ਨੂੰ ਕਿੱਤਾਮੁਖੀ ਮੌਕਿਆਂ, ਰੁਜ਼ਗਾਰ ਸਹਾਇਤਾ ਅਤੇ ਹੁਨਰ ਵਿਕਾਸ ਪ੍ਰੋਗਰਾਮਾਂ ਰਾਹੀਂ ਉਨ੍ਹਾਂ ਦੇ ਕਰੀਅਰ ਨੂੰ ਮੁੜ ਨਿਰਮਾਣ ਵਿੱਚ ਜਲੰਧਰ ਪ੍ਰਸ਼ਾਸਨ ਵੱਲੋਂ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ।
ਡੀਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਇਨ੍ਹਾਂ ਨੌਜਵਾਨਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ "ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।"
DC ਅਗਰਵਾਲ ਦੀ ਨੌਜਵਾਨਾਂ ਨੂੰ ਅਪੀਲ
ਡਿਪਟੀ ਕਮਿਸ਼ਨਰ ਨੇ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਅਪੀਲ ਕੀਤੀ ਕਿ ਉਹ ਗੰਭੀਰ ਵਿੱਤੀ ਅਤੇ ਨਿੱਜੀ ਨੁਕਸਾਨ ਤੋਂ ਬਚਣ ਲਈ ਇਮੀਗ੍ਰੇਸ਼ਨ ਲਈ ਹਮੇਸ਼ਾ ਕਾਨੂੰਨੀ ਰਸਤੇ ਚੁਣਨ। ਉਨ੍ਹਾਂ ਨੂੰ ਸਿਰਫ਼ ਰਜਿਸਟਰਡ ਇਮੀਗ੍ਰੇਸ਼ਨ ਸਲਾਹਕਾਰਾਂ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਜਾਂਦੀ, ਜਿਨ੍ਹਾਂ ਦੀ ਸੂਚੀ www.jalandhar.nic.in ਅਤੇ www.emigrate.gov.in 'ਤੇ ਉਪਲਬਧ ਹੈ।
ਇਸ ਹੈਲਪਲਾਈਨ 'ਤੇ ਕਰ ਸਕਦੇ ਹੋ ਸੰਪਰਕ
ਡੀ ਸੀ ਨੇ ਕਿਹਾ ਕਿ ਵਿਦੇਸ਼ ਜਾਣ ਵਾਲੇ ਲੋਕ ਇੰਸਪੈਕਟਰ ਜਨਰਲ ਹੈਲਪਲਾਈਨ ਨੰਬਰ 9530641790 'ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ, ਜ਼ਿਲ੍ਹਾ ਰੁਜ਼ਗਾਰ ਅਤੇ ਉੱਦਮ ਬਿਊਰੋ (DEEB) ਨੇ ਵਿਦੇਸ਼ਾਂ ਵਿੱਚ ਨੌਕਰੀ ਲੱਭਣ ਵਾਲਿਆਂ ਲਈ ਇੱਕ ਪ੍ਰੀ-ਡਿਪਾਰਚਰ ਓਰੀਐਂਟੇਸ਼ਨ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤਾ ਹੈ। ਦਿਲਚਸਪੀ ਰੱਖਣ ਵਾਲੇ ਉਮੀਦਵਾਰ ਨਾਮਾਂਕਣ ਲਈ ਬਿਊਰੋ ਹੈਲਪਲਾਈਨ ਨੰਬਰ 9056920100 'ਤੇ ਸੰਪਰਕ ਕਰ ਸਕਦੇ ਹਨ।