ਜਲੰਧਰ ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਿਆ ਜਾ ਸਕੇ। ਡੀ ਸੀ ਨੇ ਪਰਾਲੀ ਨਾ ਸਾੜ ਕੇ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਕਿਹਾ ਹੈ।
ਕਲੱਸਟਰ ਅਧਿਕਾਰੀਆਂ ਨੂੰ ਸਰਗਰਮ ਰਹਿਣ ਲਈ ਕਿਹਾ
ਰੈੱਡ ਕਰਾਸ ਭਵਨ ਵਿੱਚ ਐਸ.ਐਸ.ਪੀ. ਹਰਕਮਲ ਪ੍ਰੀਤ ਸਿੰਘ ਖੱਖ ਦੇ ਨਾਲ ਇੱਕ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਨੋਡਲ ਅਤੇ ਕਲੱਸਟਰ ਅਧਿਕਾਰੀਆਂ ਨੂੰ ਅਗਲੇ 20 ਦਿਨਾਂ ਤੱਕ ਸਰਗਰਮੀ ਨਾਲ ਸਥਿਤੀ ਦੀ ਨਿਗਰਾਨੀ ਕਰਨ ਲਈ ਕਿਹਾ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕਾਰਵਾਈ ਕਰਨ ਦੇ ਨਾਲ-ਨਾਲ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਮਸ਼ੀਨਰੀ ਦੀ ਉਪਲਬਧਤਾ ਬਾਰੇ ਵੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਟੀਮਾਂ ਨੂੰ ਕਿਹਾ ਕਿ ਆਉਣ ਵਾਲੇ ਦਿਨ ਬਹੁਤ ਅਹਿਮ ਹਨ, ਜਿਸ ਦੇ ਮੱਦੇਨਜ਼ਰ ਖੇਤਰੀ ਦੌਰੇ ਜਾਰੀ ਰੱਖਣੇ ਚਾਹੀਦੇ ਹਨ।
ਖੇਤੀ ਮਸ਼ੀਨਰੀ ਬਾਰੇ ਜਾਗਰੂਕ ਕੀਤਾ ਜਾਵੇ
ਡਾ: ਅਗਰਵਾਲ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਸਾਨਾਂ ਨਾਲ ਰਾਬਤਾ ਕਾਇਮ ਕਰ ਕੇ ਖੇਤੀ ਮਸ਼ੀਨਰੀ ਬਾਰੇ ਜਾਣਕਾਰੀ ਦੇਣ ਲਈ ਕਿਹਾ | ਇਸ ਤੋਂ ਇਲਾਵਾ ਲੋਕਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸੁਚੱਜੇ ਢੰਗ ਨਾਲ ਸੰਭਾਲਣ ਲਈ ਖੇਤੀਬਾੜੀ ਵਿਭਾਗ ਵੱਲੋਂ ਪਿਛਲੇ 6 ਸਾਲਾਂ ਦੌਰਾਨ ਸਬਸਿਡੀ 'ਤੇ ਕਿਸਾਨਾਂ ਨੂੰ ਕਰੀਬ 7 ਹਜ਼ਾਰ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਇਸ ਸਾਲ 700 ਤੋਂ ਵੱਧ ਮਸ਼ੀਨਾਂ ਸਬਸਿਡੀ 'ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਪਰਾਲੀ ਪ੍ਰਬੰਧਨ ਵਿੱਚ ਕਿਸਾਨਾਂ ਦੀ ਮਦਦ ਕੀਤੀ ਜਾਵੇ
ਉਨ੍ਹਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪੂਰਨ ਸਹਿਯੋਗ ਦੇਣ ਦੀ ਹਦਾਇਤ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਹਰ ਪਿੰਡ ਵਿੱਚ ਖੇਤੀ ਮਸ਼ੀਨਰੀ ਪਹੁੰਚਾਉਣ ਨੂੰ ਯਕੀਨੀ ਬਣਾਉਣ ਤਾਂ ਜੋ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਵਿੱਚ ਮਦਦ ਮਿਲ ਸਕੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਨੰਬਰਦਾਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਵਿੱਚ ਵੱਧ ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ।
ਉਨ੍ਹਾਂ ਨੰਬਰਦਾਰਾਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈ ਗਈ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੰਬਰਦਾਰਾਂ ਦੇ ਪਿੰਡਾਂ ਵਿੱਚ ਖੇਤਾਂ ਨੂੰ ਅੱਗ ਲਾਉਣ ਦੇ ਕੇਸ ਨਹੀਂ ਹੋਣਗੇ, ਉਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।
ਉਨ੍ਹਾਂ ਟੀਮਾਂ ਵਿੱਚ ਸ਼ਾਮਲ ਅਧਿਕਾਰੀਆਂ, ਕਰਮਚਾਰੀਆਂ ਅਤੇ ਨੰਬਰਦਾਰਾਂ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਕੇ ਜਲੰਧਰ ਜ਼ਿਲ੍ਹੇ ਨੂੰ ਪਰਾਲੀ ਦੇ ਧੂੰਏਂ ਤੋਂ ਮੁਕਤ ਕਰਨ ਦਾ ਪ੍ਰਣ ਵੀ ਲਿਆ। ਇਸ ਤੋਂ ਪਹਿਲਾਂ ਐਸ.ਐਸ.ਪੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਦਿਹਾਤੀ ਪੁਲਸ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਵਿਭਾਗ ਵੱਲੋਂ ਪਿੰਡ ਪੱਧਰ ’ਤੇ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ, ਜੋ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਨਾਲ-ਨਾਲ ਇਸ ਦਾ ਪ੍ਰਬੰਧਨ ਕਰਨ ਲਈ ਵੀ ਪ੍ਰੇਰਿਤ ਕਰਨਗੇ।
ਕਿਸਾਨਾਂ ਨੂੰ ਵਾਤਾਵਰਨ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਨੇ ਕਿਹਾ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣਾ ਸਾਡਾ ਸਾਰਿਆਂ ਦਾ ਨੈਤਿਕ ਫਰਜ਼ ਹੈ, ਜਿਸ ਲਈ ਸਾਨੂੰ ਸਾਰਿਆਂ ਨੂੰ ਸਾਂਝੇ ਯਤਨ ਕਰਨ ਦੀ ਲੋੜ ਹੈ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ: ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਬੁੱਧੀਰਾਜ ਸਿੰਘ, ਐਸ.ਡੀ.ਐਮਜ਼ ਬਲਬੀਰ ਰਾਜ ਸਿੰਘ, ਰਣਦੀਪ ਸਿੰਘ, ਅਮਨਪਾਲ ਸਿੰਘ, ਲਾਲ ਵਿਸ਼ਵਾਸ ਅਤੇ ਸ਼ੁਭੀ. ਆਂਗਰਾ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਇੰਜੀਨੀਅਰ ਸੰਦੀਪ ਕੁਮਾਰ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਇੰਦਰਦੇਵ ਸਿੰਘ, ਸਮੂਹ ਕਲੱਸਟਰ ਅਤੇ ਨੋਡਲ ਅਧਿਕਾਰੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।