ਪੰਜਾਬ ਦੀਆਂ ਚਾਰ ਸੀਟਾਂ 'ਤੇ 20 ਨਵੰਬਰ ਨੂੰ ਜ਼ਿਮਨੀ ਚੋਣਾਂ ਹੋਣੀਆਂ ਹਨ। ਇਸ ਦੇ ਨਾਲ ਹੀ ਬਰਨਾਲਾ 'ਚ ਚੋਣ ਪ੍ਰਚਾਰ ਕਰਨ ਪਹੁੰਚੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਬਿੱਟੂ ਦੀ ਤੁਲਨਾ ਲੋਕ ਸਭਾ ਚੋਣਾਂ ਵਿੱਚ ਆਜ਼ਾਦ ਉਮੀਦਵਾਰ ਰਹੇ ਨੀਟੂ ਸ਼ਟਰਾਂਵਾਲੇ ਨਾਲ ਕਰ ਦਿੱਤੀ।
ਇਸ ਦੌਰਾਨ ਚੰਨੀ ਨੇ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਹੱਕ ਵਿਚ ਵੱਖ-ਵੱਖ ਥਾਵਾਂ 'ਤੇ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ | ਚੰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਬਹੁਤ ਵਧੀਆ ਹੁੰਗਾਰਾ ਮਿਲ ਰਿਹਾ ਹੈ ਅਤੇ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ।
ਬਿੱਟੂ ਦਾ ਨਹੀਂ ਪਤਾ ਕੀ ਬਿਆਨ ਦੇ ਦੇਣ
ਨਸ਼ਿਆਂ ਦੇ ਮੁੱਦੇ ਬਾਰੇ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦਾ ਬੋਲਬਾਲਾ ਹੈ। ਸਰਕਾਰ ਇਸ 'ਤੇ ਕੰਟਰੋਲ ਨਹੀਂ ਕਰ ਰਹੀ ਹੈ। ਚੰਨੀ ਨੇ ਭਾਜਪਾ ਆਗੂ ਰਵਨੀਤ ਬਿੱਟੂ ਦੇ ਪੰਜਾਬ ਵਿੱਚ ਰਵਾਇਤੀ ਨਸ਼ਿਆਂ ਦੀ ਖੇਤੀ ਸਬੰਧੀ ਦਿੱਤੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਰਵਨੀਤ ਬਿੱਟੂ ਨੂੰ ਪਤਾ ਹੀ ਨਹੀਂ ਹੈ ਕਿ ਉਹ ਕਿਸ ਚੈਨਲ 'ਤੇ ਕਿਸ ਸਮੇਂ ਕੀ ਬੋਲ ਰਹੇ ਹਨ।
ਨੀਟੂ ਮੁੱਖ ਮੰਤਰੀ ਬਣ ਸਕਦਾ ਪਰ ਬਿੱਟੂ ਨਹੀਂ
ਚੰਨੀ ਨੇ ਬਿੱਟੂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਬਿੱਟੂ ਨੇ ਕੱਲ੍ਹ ਬਿਆਨ ਦਿੱਤਾ ਸੀ ਕਿ ਉਹ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ। ਇਸ ਉਤੇ ਚੰਨੀ ਨੇ ਕਿਹਾ ਕਿ ਨੀਟੂ ਸ਼ਟਰਾਂਵਾਲਾ ਮੁੱਖ ਮੰਤਰੀ ਬਣ ਸਕਦਾ ਹੈ ਪਰ ਬਿੱਟੂ ਨਹੀਂ। ਲੋਕਾਂ ਨੇ ਬਿੱਟੂ ਨੂੰ ਹਰਾ ਕੇ ਭਜਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਕੁਲਦੀਪ ਸਿੰਘ ਕਾਲਾ ਢਿੱਲੋਂ ਦਾ ਬਰਨਾਲਾ ਵਿੱਚ ਕਿਸੇ ਪਾਰਟੀ ਜਾਂ ਉਮੀਦਵਾਰ ਨਾਲ ਕੋਈ ਮੁਕਾਬਲਾ ਨਹੀਂ ਹੈ। ਅਸੀਂ ਵੱਡੀ ਲੀਡ ਨਾਲ ਜਿੱਤਾਂਗੇ।
ਲੋਕਾਂ ਅਤੇ ਕਾਰੋਬਾਰੀਆਂ ਨੂੰ ਧਮਕੀਆਂ ਮਿਲ ਰਹੀਆਂ ਹਨ
ਇਸ ਦੌਰਾਨ ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ 'ਆਪ' ਤੋਂ ਮੋਹ ਭੰਗ ਹੋ ਚੁੱਕਾ ਹੈ। ਕਾਂਗਰਸ ਸਰਕਾਰ ਵੇਲੇ ਲੋਕਾਂ ਨੂੰ ਇਨਸਾਫ਼ ਮਿਲਦਾ ਸੀ ਪਰ ਅੱਜ ਸ਼ਹਿਰਾਂ ਵਿੱਚ ਲੋਕਾਂ ਅਤੇ ਕਾਰੋਬਾਰੀਆਂ ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ। ਪੰਜਾਬ ਦੇ ਵਪਾਰੀਆਂ ਤੋਂ ਪੈਸੇ ਦੀ ਮੰਗ ਕੀਤੀ ਜਾ ਰਹੀ ਹੈ ਪਰ ਪੁਲਸ ਕਿਸੇ ਦੀ ਨਹੀਂ ਸੁਣ ਰਹੀ। ਚੰਨੀ ਨੇ ਅੱਗੇ ਕਿਹਾ- ਸੂਬੇ ਵਿੱਚ ਨਸ਼ਿਆਂ ਦੀ ਬਹੁਤਾਤ ਹੈ।