ਪੰਜਾਬ ਦੇ ਥਾਣਿਆਂ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਨੇ ਚੌਕਸੀ ਵਧਾ ਦਿੱਤੀ ਹੈ। ਜਲੰਧਰ 'ਚ ਅੱਜ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਥਾਣਾ ਡਵੀਜ਼ਨ ਨੰਬਰ 1 'ਚ ਅਚਾਨਕ ਪਹੁੰਚ ਕੇ ਮੁਆਇਨਾ ਕੀਤਾ। ਇਸ ਦੌਰਾਨ ਲੰਬਿਤ ਕੇਸਾਂ ਦੇ ਜਲਦੀ ਨਿਪਟਾਰੇ ਲਈ ਆਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਥਾਣਾ ਪੱਧਰ 'ਤੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੇ ਕੰਮਕਾਜ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਕਈ ਥਾਵਾਂ 'ਤੇ ਸੁਧਾਰ ਕਰਨ ਲਈ ਕਿਹਾ।
900 ਕੇਸਾਂ ਦਾ ਕੀਤਾ ਗਿਆ ਨਿਪਟਾਰਾ
ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਲੰਧਰ ਦੇ ਥਾਣਿਆਂ 'ਚ ਇੱਕ ਮਹੀਨਾ ਪਹਿਲਾਂ 3400 ਕੇਸ ਪੈਂਡਿੰਗ ਸਨ ਪਰ ਇਸ 'ਤੇ ਕਾਰਵਾਈ ਕਰਕੇ ਹੁਣ 900 ਕੇਸ ਬੰਦ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੋਰਨਾਂ ਥਾਣਿਆਂ ਵਿੱਚ ਪੈਂਡਿੰਗ ਕੇਸਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਇੱਕ ਪੁਲਿਸ ਅਧਿਕਾਰੀ ਦੀ ਡਿਊਟੀ ਲਗਾਈ ਗਈ ਹੈ ਅਤੇ ਇੱਕ ਹਫ਼ਤੇ ਤੱਕ ਮਾਮਲੇ ਦੀ ਜਾਂਚ ਕੀਤੀ ਜਾਵੇਗੀ।
ਪੈਂਡਿੰਗ ਪਏ ਕੇਸਾਂ ਨੂੰ ਖਤਮ ਕਰਨ ਦਾ ਟੀਚਾ
ਇਸ ਦੇ ਨਾਲ ਹੀ ਸਵਪਨ ਸ਼ਰਮਾ ਨੇ ਇਹ ਵੀ ਦੱਸਿਆ ਕਿ ਅੱਜ ਥਾਣਿਆਂ ਵਿੱਚ ਬਕਾਇਆ ਸ਼ਿਕਾਇਤਾਂ ਸਬੰਧੀ ਚੈਕਿੰਗ ਕੀਤੀ ਗਈ। ਲੰਬਿਤ ਸ਼ਿਕਾਇਤਾਂ ਬਾਰੇ ਪੁੱਛਿਆ ਗਿਆ ਕਿ ਇਨ੍ਹਾਂ ਦਾ ਅਜੇ ਤੱਕ ਨਿਪਟਾਰਾ ਕਿਉਂ ਨਹੀਂ ਕੀਤਾ ਗਿਆ। ਹੁਣ ਇਹ ਮੁਹਿੰਮ ਇੱਕ ਹਫ਼ਤੇ ਤੱਕ ਜਾਰੀ ਰਹੇਗੀ। ਇਸ ਮਿਆਦ ਦੇ ਦੌਰਾਨ ਸਾਡਾ ਉਦੇਸ਼ ਪੈਂਡਿੰਗ ਕੇਸਾਂ ਨੂੰ ਖਤਮ ਕਰਨਾ ਹੈ |