ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਖਨੌਰੀ ਬਾਰਡਰ ਪੁੱਜੇ, ਜਿਥੇ ਉਨ੍ਹਾਂ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਣਿਆ। ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਮਰਨ ਵਰਤ ਉਤੇ ਬੈਠੇ ਡੱਲੇਵਾਲ ਦਾ ਅੱਜ 22ਵਾਂ ਦਿਨ ਹੈ।
ਪੰਜਾਬ ਤੇ ਹਰਿਆਣਾ ਦੇ ਸਾਂਸਦਾਂ ਨੂੰ ਇਕੱਠੇ ਹੋਣ ਦੀ ਅਪੀਲ
ਜਥੇਦਾਰ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਬੁਰੇ ਦੌਰ ਵਿਚੋਂ ਲੰਘ ਰਿਹਾ ਹੈ। ਉਨ੍ਹਾਂ ਪੰਜਾਬ ਤੇ ਹਰਿਆਣਾ ਦੇ ਸਾਂਸਦਾਂ ਨੂੰ ਇਕੱਠੇ ਹੋਣ ਦੀ ਅਪੀਲ ਕੀਤੀ ਹੈ ਕਿ ਸਾਰੇ ਮਿਲ ਕੇ ਪਾਰਲੀਮੈਂਟ ਵਿਚ ਇਸ ਮੁੱਦੇ ਨੂੰ ਲੈ ਕੇ ਗੱਲ ਕਰਨ।
ਲਗਾਤਾਰ ਵਿਗੜਦੀ ਜਾ ਰਹੀ ਸਿਹਤ
ਦੱਸ ਦੇਈਏ ਕਿ 70 ਸਾਲਾ ਕਿਸਾਨ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 22ਵੇਂ ਦਿਨ ਵੀ ਜਾਰੀ ਹੈ। ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਹੋਰ ਵਿਗੜੀ ਰਹੀ ਹੈ। ਡਾਕਟਰ ਨੇ ਕਿਹਾ ਕਿ ਉਨ੍ਹਾਂ ਦੀ ਕਿਡਨੀ ’ਚ ਸਮੱਸਿਆ ਪੈਦਾ ਹੋ ਰਹੀ ਹੈ। ਪਰ ਉਨ੍ਹਾਂ ਨੇ ਮੈਡੀਕਲ ਸੇਵਾਵਾਂ ਲੌਣ ਤੋਂ ਮਨ੍ਹਾ ਕਰ ਦਿੱਤਾ। ਉਨ੍ਹਾਂ ਦੀ ਹਾਲਤ ਕਾਫੀ ਨਾਸਾਜ਼ ਹੈ। ਅੱਜ ਉਨ੍ਹਾਂ ਨੂੰ ਸਟੇਜ ਉਤੇ ਨਹੀਂ ਲਿਆਂਦਾ ਗਿਆ।
ਇਸ ਤੋਂ ਇਲਾਵਾ ਡੀ ਸੀ ਪ੍ਰੀਤੀ ਯਾਦਵ ਤੇ ਐਸ ਐਸ ਪੀ ਨਾਨਕ ਸਿੰਘ ਨੇ ਵੀ ਡੱਲੇਵਾਲ ਨਾਲ ਮੁਲਾਕਾਤ ਕੀਤੀ।