ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜੇਲ੍ਹ ਅੰਦਰੋਂ ਹੁਕਮ ਜਾਰੀ ਕੀਤੇ ਹਨ। ਇਸ ਆਦੇਸ਼ 'ਚ ਕੇਜਰੀਵਾਲ ਨੇ ਕਿਹਾ ਕਿ ਮੈਨੂੰ ਪਤਾ ਲੱਗਾ ਹੈ ਕਿ ਦਿੱਲੀ ਦੇ ਕੁਝ ਇਲਾਕਿਆਂ 'ਚ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਹੈ। ਮੈਂ ਇਸ ਬਾਰੇ ਚਿੰਤਤ ਹਾਂ। ਕਿਉਂਕਿ ਮੈਂ ਇਸ ਵੇਲੇ ਜੇਲ੍ਹ ਵਿੱਚ ਹਾਂ, ਇਸ ਵਜ੍ਹਾ ਨਾਲ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ।
ਜਨਤਕ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ
ਕੇਜਰੀਵਾਲ ਨੇ ਆਪਣੇ ਆਦੇਸ਼ ਵਿੱਚ ਅੱਗੇ ਲਿਖਿਆ ਕਿ ਗਰਮੀਆਂ ਆ ਰਹੀਆਂ ਹਨ, ਜਿੱਥੇ ਪਾਣੀ ਦੀ ਕਮੀ ਹੈ, ਉੱਥੇ ਪਾਣੀ ਦੇ ਟੈਂਕਰ ਉਪਲਬਧ ਕਰਵਾਏ ਜਾਣਗੇ। ਮੁੱਖ ਸਕੱਤਰ ਸਮੇਤ ਸਾਰੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਜਨਤਕ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ। ਲੋੜ ਪੈਣ 'ਤੇ ਉਪ ਰਾਜਪਾਲ ਦੀ ਮਦਦ ਵੀ ਲਈ ਜਾਵੇ।
ਕੇਜਰੀਵਾਲ 28 ਮਾਰਚ ਤੱਕ ਰਿਮਾਂਡ 'ਤੇ
ਦੱਸ ਦੇਈਏ ਕਿ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ 28 ਮਾਰਚ ਤੱਕ ਰਿਮਾਂਡ 'ਤੇ ਭੇਜ ਦਿੱਤਾ ਹੈ। ਈਡੀ ਨੇ ਅਦਾਲਤ ਤੋਂ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਈਡੀ ਨੂੰ ਸਿਰਫ਼ 6 ਦਿਨ ਦਾ ਰਿਮਾਂਡ ਦਿੱਤਾ ਹੈ। ਈਡੀ ਨੇ ਕਿਹਾ ਕਿ ਕੇਜਰੀਵਾਲ ਕੋਲ ਸ਼ਰਾਬ ਘੁਟਾਲੇ ਮਾਮਲੇ 'ਚ ਕਈ ਅਹਿਮ ਜਾਣਕਾਰੀਆਂ ਹਨ ਜੋ ਅਜੇ ਹਾਸਲ ਕੀਤੀਆਂ ਜਾਣੀਆਂ ਹਨ।