ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਈ ਡੀ ਦੀ ਗ੍ਰਿਫਤਾਰੀ ਤੇ ਰਿਮਾਂਡ ਦੇ ਫੈਸਲੇ ਨੂੰ ਰਾਉਜ਼ ਐਵੇਨਿਊ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਅਰਵਿੰਦ ਕੇਜਰੀਵਾਲ ਭਲਕੇ (28 ਮਾਰਚ) ਨੂੰ ਅਦਾਲਤ ਵਿੱਚ ਸ਼ਰਾਬ ਘੁਟਾਲੇ ਦੇ ਪੈਸੇ ਦਾ ਖੁਲਾਸਾ ਕਰਨਗੇ ਅਤੇ ਇਸ ਦੇ ਸਬੂਤ ਵੀ ਦੇਣਗੇ।
ਉਨ੍ਹਾਂ ਕਿਹਾ ਕਿ ਛਾਪੇਮਾਰੀ ਵਿੱਚ ਇੱਕ ਪੈਸਾ ਵੀ ਨਹੀਂ ਮਿਲਿਆ। ਉਨ੍ਹਾਂ ਨੇ ਆਪਣੇ ਪਤੀ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ। ਇਸ ਮਾਮਲੇ ਦੀ ਸੁਣਵਾਈ ਜਸਟਿਸ ਸਵਰਨਕਾਂਤਾ ਸ਼ਰਮਾ ਦੀ ਅਦਾਲਤ ਵਿੱਚ ਸ਼ੁਰੂ ਹੋ ਗਈ ਹੈ। ਕੇਜਰੀਵਾਲ ਦੀ ਤਰਫੋਂ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਅਤੇ ਈਡੀ ਦੀ ਤਰਫੋਂ ਐਡੀਸ਼ਨਲ ਸਾਲਿਸਿਟਰ ਜਨਰਲ (ਏਐਸਜੀ) ਐਸਵੀ ਰਾਜੂ ਪੇਸ਼ ਹੋਏ।
ਏਐਸਜੀ ਰਾਜੂ ਨੇ ਕਿਹਾ ਕਿ ਅਸੀਂ ਵਿਸਤ੍ਰਿਤ ਜਵਾਬ ਦਾਇਰ ਕਰਨਾ ਚਾਹੁੰਦੇ ਹਾਂ। ਮੁੱਖ ਮਾਮਲੇ ਵਿੱਚ ਸਾਨੂੰ 3 ਹਫ਼ਤਿਆਂ ਦਾ ਸਮਾਂ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਵੀ ਸਾਨੂੰ ਆਪਣਾ ਜਵਾਬ ਦਾਇਰ ਕਰਨ ਲਈ ਢੁਕਵਾਂ ਸਮਾਂ ਦਿੱਤਾ ਜਾਣਾ ਚਾਹੀਦਾ ਹੈ।
ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਇਹ ਦੇਰੀ ਦੀਆਂ ਚਾਲਾਂ ਹਨ। ਅਸੀਂ ਹਾਈਕੋਰਟ ਨੂੰ ਅਪੀਲ ਕਰਦੇ ਹਾਂ ਕਿ ਹੁਣ ਇਸ 'ਤੇ ਫੈਸਲਾ ਲਿਆ ਜਾਵੇ। ਤੁਸੀਂ ਜਾਂ ਤਾਂ ਇਸ ਨੂੰ ਸਵੀਕਾਰ ਕਰੋ ਜਾਂ ਇਨਕਾਰ ਕਰੋ।
'ਆਪ' ਆਗੂਆਂ ਦੇ ਵਿਰੋਧ ਤੋਂ ਬਾਅਦ ਦਿੱਲੀ ਵਿਧਾਨ ਸਭਾ ਮੁਲਤਵੀ
ਦਿੱਲੀ ਦੇ ਜਲ ਮੰਤਰੀ ਆਤਿਸ਼ੀ ਸਮੇਤ ਕਈ ਨੇਤਾਵਾਂ ਵੱਲੋਂ ਸਦਨ ਦੇ ਅੰਦਰ ਹੀ ਵਿਰੋਧ ਕਰਨਾ ਸ਼ੁਰੂ ਕਰ ਦੇਣ ਤੋਂ ਬਾਅਦ ਦਿੱਲੀ ਵਿਧਾਨ ਸਭਾ ਦੀ ਕਾਰਵਾਈ 15 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ।